ਭਗਵੰਤ ਮਾਨ ਸਰਕਾਰ ਵੱਲੋਂ ਪਾਸ ਕੀਤੇ ਗਏ ਤਰਮੀਮੀ ਬਿੱਲ ਨਾਲ ਸਿਰਫ਼ ਬੇਲੋੜਾ ਟਕਰਾਅ ਹੀ ਪੈਦਾ ਹੋਵੇਗਾ
ਅੰਮ੍ਰਿਤਸਰ, 20 ਜੂਨ (ਰਣਜੀਤ ਸਿੰਘ ਮਸੌਣ)
ਸਾਬਕਾ ਮੁੱਖ ਮੰਤਰੀ ਸੁੱਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਕਿਹਾ ਹੈ ਕਿ ਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਮੰਨ ਕੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਚੈਨਲ ਚਲਾਇਆ ਹੁੰਦਾ ਤਾਂ ਪੰਜਾਬ ਸਰਕਾਰ ਨੂੰ ਇਸ ਬਹੁਤ ਹੀ ਨਾਜ਼ਕ ਮਾਮਲੇ ਦਾ ਬਹਾਨਾ ਬਣਾ ਕੇ ਸਿੱਖਾਂ ਦੇ ਅੰਦਰੂਨੀ ਅਤੇ ਧਾਰਮਿਕ ਮਾਮਲਿਆਂ ਵਿਚ ਦਖ਼ਲਅੰਦਾਜੀ ਕਰਨ ਦੀ ਜੁਰੱਅਤ ਨਹੀਂ ਸੀ ਪੈਣੀ।
ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਨਵੰਬਰ 2019 ਨੂੰ ਪੰਜਾਬ ਵਿਧਾਨ ਸਭਾ ਦੇ ਬੁਲਾਏ ਗਏ ਵਿਸ਼ੇਸ਼ ਇਜਲਾਸ ਵਿੱਚ ਉਸ ਵਕਤ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਹ ਮਤਾ ਲਿਆਂਦਾ ਸੀ ਕਿ ਦਰਬਾਰ ਸਾਹਿਬ ਤੋਂ ਹੁੰਦੇ ਕੀਰਤਨ ਦੇ ਪ੍ਰਸਾਰਣ ਦਾ ਅਧਿਕਾਰ ਇੱਕ ਚੈਨਲ ਨੂੰ ਨਹੀਂ ਬਲਕਿ ਬਹੁਤ ਸਾਰੇ ਹੋਰਨਾਂ ਟੀਵੀ ਜਾਂ ਵੈਬ ਚੈਨਲਾਂ ਨੂੰ ਵੀ ਦਿੱਤਾ ਜਾਵੇ। ਇਹ ਮਤਾ ਪੰਜਾਬ ਵਿਧਾਨ ਸਭਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਸਰਬ-ਸੰਮਤੀ ਨਾਲ ਪਾਸ ਕੀਤਾ ਸੀ। ਉਹਨਾਂ ਹੋਰ ਦੱਸਿਆ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਸਾਹਿਬ ਨੂੰ ਇਸ ਮਤੇ ਦੀ ਕਾਪੀ ਸੌਂਪ ਕੇ ਮੰਗ ਕੀਤੀ ਸੀ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਢੁਕਵੇਂ ਆਦੇਸ਼ ਦਿਤੇ ਜਾਣ।
ਰੰਧਾਵਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਪੰਜਾਬ ਵਿਧਾਨ ਸਭਾ ਰਾਹੀਂ ਪ੍ਰਗਟ ਹੋਈ ਪੰਜਾਬ ਤੇ ਸਿੱਖ ਜਗਤ ਦੀ ਭਾਵਨਾ ਨੂੰ ਸ਼੍ਰੋਮਣੀ ਕਮੇਟੀ ਤੱਕ ਪਹੁੰਚਾਉਦਿਆਂ ਆਦੇਸ਼ ਦਿੱਤਾ ਸੀ ਕਿ ਇੱਕ ਟੀਵੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦਾ ਹੱਕ ਦੇਣ ਦੀ ਥਾਂ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਸਥਾਪਤ ਕਰੇ ਜਿਸ ਰਾਹੀਂ ਸਾਰੇ ਚੈਨਲਾਂ ਨੂੰ ਫੀਡ ਦਿੱਤੀ ਜਾ ਸਕੇ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਦਿਸ਼ਾ ਵਿੱਚ ਸਮੇਂ ਸਿਰ ਸਾਰਥਿਕ ਕਦਮ ਨਾ ਚੁੱਕਣ ਕਾਰਨ ਅੱਜ ਇਹ ਟਕਰਾਅ ਵਾਲੀ ਸਥਿਤੀ ਬਣੀ ਹੈ।
ਰੰਧਾਵਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਕੀਤੇ ਜਾਦੇ ਪ੍ਰਸਾਰਣ ਸਬੰਧੀ ਸਿੱਖ ਗੁਰਦਵਾਰਾ ਐਕਟ-1925 ਵਿੱਚ ਤਰਮੀਮ ਕਰਨ ਲਈ ਅੱਜ ਪਾਸ ਕੀਤਾ ਗਿਆ ਮਤਾ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਕੀਤੀ ਗਈ ਅਜਿਹੀ ਕਾਰਵਾਈ ਹੈ, ਜਿਸ ਦਾ ਬੇਲੋੜੇ ਟਕਰਾਅ ਤੋਂ ਬਿਨਾਂ ਹੋਰ ਕੋਈ ਸਾਰਥਿਕ ਸਿੱਟਾ ਨਹੀਂ ਨਿਕਲਣਾ।
ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਅੱਜ ਵੀ ਚਾਹੀਦਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਆਦੇਸ਼ ਅਤੇ ਸਿੱਖ ਜਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਅਜਿਹਾ ਪ੍ਰਬੰਧ ਕਰੇ ਕਿ ਇਹ ਕਿਸੇ ਇੱਕ ਪਰਿਵਾਰ ਦੀ ਅਜ਼ਾਰਦਾਰੀ ਨਾ ਰਹੇ।