ਪੀਣ ਵਾਲੇ ਪਾਣੀ ਵਿੱਚ ਕਿਸੇ ਤਰ੍ਹਾਂ ਦੇ ਰਲੇਵਾਂ ਨਾ ਹੋਵੇ – ਡਿਪਟੀ ਕਮਿਸ਼ਨਰ
ਜਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਲਈ ਲਗਾਤਾਰ ਸਰਗਰਮ ਰਹਿਣ ਵਿਭਾਗ
ਨਿਰਮਾਣ ਕਾਰਜਾਂ, ਛਿੜਕਾਅ ਤੇ ਸਿੰਚਾਈ ਲਈ ਸੋਧੇ ਹੋਏ ਪਾਣੀ ਦੀ ਵਰਤੋਂ ਕਰਨ ਦੀਆਂ ਹਦਾਇਤਾਂ
ਅੰਮ੍ਰਿਤਸਰ, 21 ਜੂਨ 2023 –(ਗੁਰਮੀਤ ਸਿੰਘ ਪੱਟੀ)
ਜਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਜਿਲ੍ਹੇ ਵਿੱਚ ਵਾਤਾਵਰਨ ਦੀ ਸੰਭਾਲ ਲਈ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਅਤੇ ਸਬੰਧਤ ਅਧਿਕਾਰੀਆਂ ਕੋਲੋਂ ਜਿਲ੍ਹੇ ਅੰਦਰ ਪਾਣੀ, ਹਵਾ, ਮਿੱਟੀ ਅਤੇ ਵਾਤਾਵਰਨ ਦੀ ਸੰਭਾਲ ਲਈ ਚੱਲ ਰਹੇ ਕੰਮਾਂ ਦੀ ਜਾਣਕਾਰੀ ਪ੍ਰਾਪਤ ਕੀਤੀ। ਉਨਾਂ ਨਗਰ ਨਿਗਮ ਅੰਮ੍ਰਿਤਸਰ ਤੇ ਹੋਰ ਸਹਿਰੀ ਸਥਾਨਕ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਨਿਰਮਾਣ ਕਾਰਜਾਂ ਲਈ ਸੋਧੇ ਹੋਏ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਸ੍ਰੀ ਤਲਵਾੜ ਨੇ ਜਿਲ੍ਹੇ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਤੋਂ ਮੁਕਤ ਕਰਨ ਲਈ ਲਗਾਤਾਰ ਸਰਗਰਮ ਰਹਿਣ ਦੀ ਹਦਾਇਤ ਕਰਦੇ ਵਿਭਾਗਾਂ ਨੂੰ ਕਿਹਾ ਕਿ ਜੋ ਵੀ ਵਿਅਕਤੀ ਸਰਕਾਰ ਦੁਆਰਾ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਕਰਦਾ ਹੈ ਉਸਦਾ ਚਲਾਨ ਕੀਤਾ ਜਾਵੇ।
ਉਨ੍ਹਾਂ ਇਸ ਗੱਲ ‘ਤੇ ਜੋਰ ਦਿੱਤਾ ਕਿ ਲੋਕਾਂ ਨੂੰ ਨਿਰਮਾਣ ਕਾਰਜਾਂ ਲਈ ਨਿਸਚਿਤ ਕੀਮਤ ‘ਤੇ ਸੋਧੇ ਹੋਏ ਪਾਣੀ ਦੀ ਸਪਲਾਈ ਕੀਤੀ ਜਾਵੇ ਤਾਂ ਜੋ ਵਡਮੁੱਲੇ ਕੁਦਰਤੀ ਸਰੋਤਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਸਾਰੀ ਕਾਰਜਾਂ ਲਈ ਢੁੱਕਵੇਂ ਮੁੱਲ ‘ਤੇ ਸੋਧਿਆ ਹੋਇਆ ਪਾਣੀ ਮੁਹੱਈਆ ਕਰਵਾਉਣ ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਸੁਰੱਖਿਅਤ ਰੱਖਣ ਵਿੱਚ ਮਦਦ ਮਿਲੇਗੀ। ਉਨਾਂ ਨੇ ਨਗਰ ਨਿਗਮ ਅਤੇ ਕੌਂਸਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਪੀਣ ਵਾਲੇ ਪਾਣੀ ਵਿੱਚ ਕਿਸੇ ਵੀ ਤਰ੍ਹਾਂ ਦਾ ਰਲੇਵਾ ਨਾ ਹੋਵੇ ਤਾਂ ਜੋ ਲੋਕਾਂ ਨੂੰ ਕਾਲਾ ਪੀਲੀਆ ਅਤੇ ਹੈਜ਼ੇ ਵਰਗੀਆਂ ਬਿਮਾਰੀਆਂ ਨੂੰ ਬਚਾਇਆ ਜਾ ਸਕੇ।
ਉਨਾਂ ਨੇ ਕਿਹਾ ਕਿ ਸੜਕਾਂ ‘ਤੇ ਸਫਾਈ ਕਰਨ ਤੋਂ ਪਹਿਲਾਂ ਛਿੜਕਾਅ ਲਈ ਵੀ ਸੋਧੇ ਹੋਏ ਪਾਣੀ ਦੀ ਵਰਤੋਂ ਕੀਤੀ ਜਾਵੇ, ਜਿਸ ਨਾਲ ਹਵਾ ਪ੍ਰਦੂਸ਼ਣ ਨੂੰ ਰੋਕਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਧੇ ਹੋਏ ਪਾਣੀ ਨੂੰ ਸਿੰਚਾਈ ਲਈ ਵੀ ਵਰਤਿਆ ਜਾ ਸਕਦਾ ਹੈ ਅਤੇ ਸਬੰਧਤ ਵਿਭਾਗਾਂ ਨੂੰ ਇਸ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਜੋਰਦਾਰ ਮੁਹਿੰਮ ਚਲਾਉਣੀ ਚਾਹੀਦੀ ਹੈ।
ਉਨਾਂ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਡੰਪ ਵਾਲੀਆਂ ਥਾਵਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਅਤੇ ਚਾਰਦਿਵਾਰੀ ਕੀਤੀ ਜਾਵੇ। ਉਨਾਂ ਕਿਹਾ ਕਿ ਇਸ ਦੇ ਨਾਲ ਹੀ ਗਰੀਨ ਬੈਲਟ ਵਿੱਚ ਪੌਦੇ ਵੀ ਲਗਾਏ ਜਾਣ। ਉਨਾਂ ਨੇ ਕਿਹਾ ਕਿ ਹਰੇਕ ਘਰ ਵਿਚੋਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕੀਤਾ ਜਾਵੇ ਅਤੇ ਇਸਦੇ ਨਾਲ ਹੀ ਕੂੜੇ ਵਾਲੀ ਗੱਡੀਆਂ ਵਿੱਚ ਇਕ ਹੋਰ ਡੱਬਾ ਲਗਾਇਆ ਜਾਵੇ, ਜਿਸ ਵਿਚ ਇਲੈਕਟ੍ਰਾਨਿਕ ਦਾ ਸਾਮਾਨ ਇਕੱਠਾ ਕੀਤਾ ਜਾਵੇੇ। ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਦੇ ਅੰਦਰ ਘੱਟ ਤੋਂ ਘੱਟ ਦੋ ਵਾਰ ਰੋਜ਼ਾਨਾ ਮੈਨੂਅਲ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਾਜੈਕਟਾਂ, ਸੀਵਰੇਜ ਟਰੀਟਮੈਂਟ ਪਲਾਂਟ, ਕਾਮਨ ਏਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.), ਸੋਰਸ ਸੈਗਰੀਗੇਸਨ ਅਤੇ ਹੋਰ ਕੰਮਾਂ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ।
ਸ੍ਰੀ ਤਲਵਾੜ ਨੇ ਕਿਹਾ ਕਿ ਅਧਿਕਾਰੀਆਂ ਨੂੰ ਅਜਿਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਿਹਤਰ ਵਾਤਾਵਰਣ ਦਿੱਤਾ ਜਾ ਸਕੇ। ਉਨਾਂ ਕਿਹਾ ਕਿ ਸਾਡੀ ਸਭ ਦੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਵਾਤਾਵਰਨ ਨੂੰ ਸਾਫ਼ ਰਖੀਏ ਤਾਂ ਜੋ ਆਉਣ ਵਾਲੀ ਪੀੜ੍ਹੀਆਂ ਨੂੰ ਤਾਜੀ ਹਵਾ ਤੇ ਪਾਣੀ ਮਿਲ ਸਕੇ।
ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ. ਸਿਮਰਦੀਪ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਜਿਲੇ੍ਹ ਵਿੱਚ ਵਾਤਾਵਰਨ ਦੀ ਸੰਭਾਲ ਲਈ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ।
===—