ਸੰਗਰੂਰ, 22 ਜੂਨ, 2023: ਸੰਗਰੂਰ ਸ਼ਹਿਰ ਦੇ ਨਿਵਾਸੀਆਂ ਦੀਆਂ ਮੁਸ਼ਕਿਲਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਲੜੀਵਾਰ ਲਗਾਏ ਜਾ ਰਹੇ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰ ਤੁਹਾਡੇ ਦੁਆਰ ਨਾਂ ਹੇਠ ਆਰੰਭੀ ਮੁਹਿੰਮ ਤਹਿਤ ਸੰਗਰੂਰ ਵਿਖੇ ਲੱਗ ਰਹੇ ਇਨ੍ਹਾਂ ਕੈਂਪਾਂ ਤਹਿਤ ਅੱਜ ਵਾਰਡ ਨੰਬਰ 5, 6, 15, 16 ਅਤੇ 17 ਦੇ ਵੱਡੀ ਗਿਣਤੀ ਲੋਕਾਂ ਦੇ ਰੂਬਰੂ ਹੁੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਹ ਹਲਕਾ ਵਾਸੀਆਂ ਦੀਆਂ ਲੋੜਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਪੜਾਅਵਾਰ ਤਰੀਕੇ ਨਾਲ ਇਨ੍ਹਾਂ ਨੂੰ ਹੱਲ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਸਮੇਂ ਨੂੰ ਬਚਾਉਣ ਅਤੇ ਬਹੁ ਗਿਣਤੀ ਪ੍ਰਸ਼ਾਸ਼ਨਿਕ ਸੇਵਾਵਾਂ ਇੱਕੋ ਥਾਂ ਤੇ ਮੁਹੱਈਆ ਕਰਵਾਉਣ ਲਈ ਇਹ ਕੈਂਪ ਲੋੜਵੰਦਾਂ ਲਈ ਵਰਦਾਨ ਸਾਬਤ ਹੋ ਰਹੇ ਹਨ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸ਼ਹਿਰਾਂ ਅਤੇ ਦਿਹਾਤੀ ਖੇਤਰਾਂ ਵਿੱਚ ਸਰਵੋਤਮ ਸੇਵਾਵਾਂ ਦੇਣ ਲਈ ਸਮੂਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਅਤੇ ਵਿਕਾਸ ਕਾਰਜਾਂ ਲਈ ਵੀ ਫੰਡਾਂ ਦੀ ਕੋਈ ਕਮੀ ਨਹੀਂ ਹੈ। ਸਿਟੀ ਹਾਰਟ ਹੋਟਲ ਵਿੱਚ ਆਯੋਜਿਤ ਕੈਂਪ ਦੌਰਾਨ ਵਿਧਾਇਕ ਨੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਧਿਆਨ ਨਾਲ ਸੁਣੇ ਅਤੇ ਮੌਕੇ ਤੇ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਢੁਕਵੇਂ ਹੱਲ ਕਰਨ ਦੀ ਹਦਾਇਤ ਕੀਤੀ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਹ ਲੜੀ ਲਗਾਤਾਰ ਜਾਰੀ ਰੱਖੀ ਜਾਵੇਗੀ ਅਤੇ ਹਲਕਾ ਵਾਸੀਆਂ ਵੱਲੋਂ ਬਖਸ਼ੇ ਗਏ ਅਥਾਹ ਪਿਆਰ ਸਦਕਾ ਹੀ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਨਵਰੀਤ ਕੌਰ ਸੇਖੋਂ, ਈਓ ਬਾਲਕ੍ਰਿਸ਼ਨ, ਲੋਕ ਨਿਰਮਾਣ ਵਿਭਾਗ, ਸੀਵਰੇਜ ਬੋਰਡ, ਪੀਐਸ ਪੀ ਸੀ ਐਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।