Home » ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਜ਼ਿਲ੍ਹਾ ਅਧਿਕਾਰੀ: ਡਿਪਟੀ ਕਮਿਸ਼ਨਰ

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਜ਼ਿਲ੍ਹਾ ਅਧਿਕਾਰੀ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਮਹੀਨਾਵਾਰ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

by Rakha Prabh
77 views
ਸੰਗਰੂਰ, 23 ਜੂਨ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੇ ਵਿਕਾਸ ਪ੍ਰੋਜੈਕਟਾਂ ਦੀ ਮਹੀਨਾਵਾਰ ਸਮੀਖਿਆ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਬੈਠਕ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਜਾਰੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਦੇ ਕੰਮ ਕਰਵਾਉਣ ਮੌਕੇ ਗੁਣਵੱਤਾ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਜੇਕਰ ਕਿਸੇ ਵੀ ਕੰਮ ਲਈ ਹੋਰ ਫੰਡਾਂ ਦੀ ਲੋੜ ਪੈਂਦੀ ਤਾਂ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਫ਼ੰਡਾਂ ਦੀ ਘਾਟ ਕਾਰਨ ਕੋਈ ਕੰਮ ਨਾ ਰੁਕੇ।
ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚੋਂ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਭੇਜਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਉੱਥੇ ਇਨ੍ਹਾਂ ਦੀ ਸੁਚੱਜੀ ਸਾਂਭ ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਘੱਗਰ ਦਰਿਆ ਦੇ ਬੰਨ੍ਹਾਂ ਦੀ ਮਜਬੂਤੀ ਲਈ ਕੀਤੇ ਗਏ ਕੰਮ ਦੀ ਸਮੀਖਿਆ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕਰ ਲਈ ਜਾਵੇ ਅਤੇ ਜੇਕਰ ਕਿਸੇ ਥਾਂ ਉੱਪਰ ਹੋਰ ਕੰਮ ਕਰਵਾਉਣ ਦੀ ਜ਼ਰੂਰਤ ਹੋਵੇ ਤਾਂ ਉਸਨੂੰ ਪਹਿਲ ਦੇ ਆਧਾਰ ਕਰਵਾ ਲਿਆ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਰਕਾਰੀ ਸਿਹਤ ਸੰਸਥਾਵਾਂ, ਸਕੂਲਾਂ ਅਤੇ ਪਿੰਡਾਂ ਤੇ ਸ਼ਹਿਰਾਂ ਦੀਆਂ ਸਾਂਝੀਆਂ ਥਾਵਾਂ ਦੀ ਨੁਹਾਰ ਬਦਲਣ ਲਈ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੰਮ ਨੂੰ ਪੂਰੀ ਗੰਭੀਰਤਾ ਨਾਲ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਖੇਡ ਮੈਦਾਨਾਂ, ਕਮਰਿਆਂ, ਪਾਣੀ ਦੀ ਸਪਲਾਈ, ਪਖਾਨਿਆਂ ਆਦਿ ਦੀ ਮੁਰੰਮਤ ਜਲਦ ਕਰਵਾ ਲਈ ਜਾਵੇ ਤਾਂ ਛੁੱਟੀਆਂ ਤੋਂ ਬਾਅਦ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਸੰਗਰੂਰ ਨੂੰ ਅਪਗ੍ਰੇਡ ਕਰਨ ਲਈ ਕੀਤੇ ਜਾ ਰਹੇ ਕੰਮਾਂ ਦੀ ਵੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਗੁਣਵੱਤਾ ਤੇ ਸਮਾਂ ਸੀਮਾ ਦਾ ਖਿਆਲ ਰੱਖ ਕੇ ਪੂਰਾ ਕੰਮ ਕਰਵਾਉਣ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਹੋਰਨਾਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮਾਂ ਅਤੇ ਭਲਾਈ ਸਕੀਮਾਂ ਦਾ ਵੀ ਜਾਇਜ਼ਾ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਨਿਤੇਸ਼ ਜੈਨ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਡੀ.ਡੀ.ਪੀ.ਓ. ਸਵਿੰਦਰ ਸਿੰਘ, ਡੀ.ਐਸ.ਪੀ. ਪਰਮਿੰਦਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਕੇ.ਐਸ. ਸੰਧੂ ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

Leave a Comment