ਸੰਗਰੂਰ, 26 ਜੂਨ, 2023: ਪੰਜਾਬ ਸਰਕਾਰ ਵਲੋਂ ਫ਼ਸਲੀ ਰਹਿੰਦ-ਖੂਹੰਦ ਖਾਸ ਤੌਰ ਤੇ ਸਾਉਣੀ 2023 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਐਗਰੀ ਮਸ਼ੀਨਰੀ ਪੋਰਟਲ (https://agrimachinerypb.com) ‘ਤੇ ਮਿਤੀ 20-07-2023 ਤੱਕ ਬਿਨੈ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਬੇਲਰ ਤੇ ਰੇਕ (ਪਰਾਲੀ ਦੀਆਂ ਗੰਢਾਂ ਬਣਾਉਣ ਵਾਲੀਆਂ ਮਸ਼ੀਨਾਂ), ਹੈਪੀ ਸੀਡਰ (ਪਰਾਲੀ ਨੂੰ ਜ਼ਮੀਨ ਉੱਤੇ ਵਿਛਾ ਕੇ ਕਣਕ ਦੀ ਬਿਜਾਈ ਕਰਨ ਵਾਲੀ ਮਸ਼ੀਨ), ਜ਼ੀਰੋ ਟਿੱਲ ਡਰਿੱਲ (ਖੇਤ ਨੂੰ ਵਾਹੇ ਬਿਨ੍ਹਾਂ ਕਣਕ ਦੀ ਬਿਜਾਈ ਕਰਨ ਵਾਲੀ ਮਸ਼ੀਨ), ਸੁਪਰ ਸੀਡਰ (ਪਰਾਲੀ ਨੂੰ ਖੇਤ ਵਿੱਚ ਮਿਲਾਉਂਦੇ ਹੋਏ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ), ਉਲਟਾਵਾਂ ਪਲਾਓ (ਪਰਾਲੀ ਨੂੰ ਖੇਤ ਵਿੱਚ ਮਿਲਾਉਣ ਵਾਲਾ ਪਲਟਾਊ ਹਲ), ਪੈਡੀ ਸਟਰਾਅ ਚੋਪਰ/ਸ਼ਰੈਡਰ/ਮਲਚਰ (ਪਰਾਲੀ ਦਾ ਕੁਤਰਾ ਕਰਨ ਵਾਲੀਆਂ ਮਸ਼ੀਨਾਂ), ਕਰਾਪ ਰੀਪਰ (ਜ਼ਮੀਨ ਦੇ ਨੇੜਿਓਂ ਝੋਨੇ ਦੀ ਫਸਲ ਕੱਟਣ ਵਾਲੀ ਮਸ਼ੀਨ), ਸ਼ਰਬ ਮਾਸਟਰ/ਰੋਟਰੀ ਸਲੈਸ਼ਰ (ਪਰਾਲੀ ਦੇ ਕਰਚੇ ਕੱਟਣ ਵਾਲੀ ਮਸ਼ੀਨ), ਸਮਾਰਟ ਸੀਡਰ (ਪਰਾਲੀ ਵਿੱਚ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ) ਅਤੇ ਸੁਪਰ ਐਸ.ਐਮ.ਐਸ (ਕੰਬਾਇਨ ਤੋਂ ਬਾਹਰ ਨਿਕਲੀ ਪਰਾਲੀ ਦਾ ਕੁਤਰਾ ਕਰਕੇ ਖੇਤ ਵਿੱਚ ਇਕਸਾਰ ਖਿਲਾਰਨ ਵਾਲੀ ਮਸ਼ੀਨ) ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹੋਣਗੀਆਂ। ਅਰਜ਼ੀ ਭਰਨ ਸਮੇ ਕਿਸਾਨ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ, ਸਵੈ-ਘੋਸ਼ਣਾ ਪੱਤਰ ਅਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ (ਜੇਕਰ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ) ਆਦਿ ਹੋਣਾ ਲਾਜ਼ਮੀ ਹੈ।ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਹੋਰ ਸੰਸਥਾਵਾਂ ਦੇ ਮੁੱਖੀ ਅਤੇ ਮੈਂਬਰਾਂ ਦੇ ਆਧਾਰ ਕਾਰਡ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ।
ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਯੋਗ ਬਿਨੈਕਾਰਾਂ ਨੂੰ ਮਸ਼ੀਨਾਂ ਦੀ ਖਰੀਦ ਕਰਨ ਲਈ ਮੰਜੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵੱਲੋਂ ਪ੍ਰਵਾਨਤ ਅਤੇ ਪੋਰਟਲ ਵਿੱਚ ਦਰਜ਼ ਆਪਣੇ ਮਨਪਸੰਦ ਕਿਸੇ ਵੀ ਮਸ਼ੀਨਰੀ ਨਿਰਮਾਤਾ/ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ।ਉਹਨਾਂ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਕਿਸੇ ਵੀ ਕਿਸਮ ਦੀ ਧੋਖਾਧੜੀ ਤੋਂ ਬਚਣ ਲਈ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ।
ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸੁਵਿਧਾ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਬੰਦ ਹੋ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ, ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰਾਂ ਵਿੱਚ ਜਾ ਕੇ ਸੰਪਰਕ ਕਰ ਸਕਦੇ ਹਨ।