ਫਿਰੋਜ਼ਪੁਰ, 28 ਜੂਨ 2023 :
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ ਚਾਹੀਦਾ ਹੈ। ਪੰਜਾਬ ਸਰਕਾਰ ਵਲੋਂ ਹੁਣ ਝੋਨੇ ਦੀਆਂ ਪੀ.ਆਰ./ਹੋਰ ਕਿਸਮਾਂ ਅਤੇ ਬਾਸਮਤੀ ਕਿਸਮਾਂ ਦੀ ਰਜਿਸਟਰੇਸ਼ਨ 25 ਜੂਨ 2023 ਤੋਂ ਵਧਾ ਕੇ 10 ਜੁਲਾਈ 2023 ਤੱਕ ਕਰ ਦਿੱਤੀ ਹੈ। ਕਿਸਾਨ ਆਪਣੀ ਸਹਿਮਤੀ https://agrimachinerypb.com ਲਿੰਕ ਤੇ ਕਲਿੱਕ ਕਰਕੇ ਦੇ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 11 ਜੁਲਾਈ ਤੋਂ 20 ਜੁਲਾਈ 2023 ਤੱਕ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਲਈ ਝੋਨੇ ਦੀ ਸਿਧੀ ਬਿਜਾਈ ਕਰਨ ‘ਤੇ ਸਬਸਿਡੀ ਹਾਸਲ ਕਰਨ ਲਈ 10 ਜੁਲਾਈ 2023 ਤੱਕ ਦਾ ਮੌਕਾ ਹੈ, ਇਸ ਕਰਕੇ ਕਿਸਾਨ ਵੀਰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨ ਉਪਰੋਕਤ ਲਿੰਕ ਖੋਲ੍ਹ ਕੇ ਆਪਣਾ ਆਧਾਰ ਨੰਬਰ ਭਰਨਗੇ। ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਵਿਖਾਈ ਜਾ ਰਹੀ ਹੈ। ਉਸ ਉਪਰੰਤ ਕਿਸਾਨ ਵੱਲੋਂ ਸਿਰਫ ਆਪਣੀ ਸਿੱਧੀ ਬਿਜਾਈ ਅਧੀਨ ਜਮੀਨ ਸਬੰਧੀ ਵੇਰਵਾ ਜਿਵੇਂ ਕਿ ਜਮੀਨ ਦਾ ਜ਼ਿਲ੍ਹਾ/ਤਹਿਸੀਲ-ਸਬ ਤਹਿਸੀਲ/ਪਿੰਡ/ਖੇਵਟ ਤੇ ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ ਜਾਂ ਬਿਗਾ) ਦਿੱਤਾ ਜਾਣਾ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਅਸੀਂ ਦਿਨੋ-ਦਿਨ ਹੇਠਾਂ ਜਾ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਵਿਚ ਵੀ ਯੋਗਦਾਨ ਪਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪਾਣੀ ਪ੍ਰਮਾਤਮਾ ਵੱਲੋਂ ਸਾਡੇ ਸਭਨਾਂ ਲਈ ਬਖਸ਼ੀ ਅਣਮੁਲੀ ਦਾਤ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਪਾਣੀ ਬਚਾਉਣ ਦੀ ਬਹੁਤ ਲੋੜ ਹੈ ਅਤੇ ਇਸ ਕੁਦਰਤੀ ਦਾਤ ਦੀ ਸੰਜਮ ਨਾਲ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਵੀਰ ਆਪਣੇ ਨਜ਼ਦੀਕੀ ਦੇ ਖੇਤੀਬਾੜੀ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।