ਚੰਡੀਗੜ੍ਹ, 2 ਜੁਲਾਈ, 2023: ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਆਪਣੇ ਹੱਕ ਮੰਗਦੇ ਅਧਿਆਪਕਾਂ ਉੱਪਰ ਸਰਕਾਰੀ ਆਦੇਸ਼ਾਂ ਉੱਤੇ ਪੁਲਿਸ ਵਲੋਂ ਭਾਰੀ ਲਾਠੀਚਾਰਜ ਕਰਨ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾਈ ਆਗੂ ਸਾਥੀ ਮਹਿੰਦਰ ਕੌੜਿਆਂਵਾਲੀ ਤੇ ਰਾਜੀਵ ਬਰਨਾਲਾ ਸਮੇਤ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਤੇ ਕਮੇਟੀ ਆਗੂ ਬਿੱਕਰ ਸਿੰਘ ਹਥੋਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਿਰਫ ਇਸ਼ਤਿਹਾਰਬਾਜ਼ੀ ਕਰਕੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਢੋਂਗ ਰਚਿਆ ਜਾ ਰਿਹਾ ਹੈ ਜਦੋਂ ਕਿ ਕੱਚੇ ਅਧਿਆਪਕਾਂ ਦਾ ਨਿਗੂਣੀਆਂ ਤਨਖਾਹਾਂ ਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ। ਜਿਸਦੇ ਖਿਲਾਫ ਅੱਜ ਵੱਡੀ ਗਿਣਤੀ ਵਿੱਚ ਕੱਚੇ ਅਧਿਆਪਕ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੁੱਖ ਮੰਤਰੀ ਦੀ ਕੋਠੀ ਅੱਗੇ ਪਹੁੰਚੇ ਤਾਂ ਕੱਚੇ ਅਧਿਆਪਕਾਂ ਦੇ ਸੰਗਰੂਰ ਮੁਜ਼ਾਹਰੇ ਦੌਰਾਨ ਕੋਠੀ ਵੱਲ ਵੱਧਦੇ ਕਾਫ਼ਲੇ ਉੱਪਰ ਪੁਲਿਸ ਵਲੋਂ ਲਾਠੀਚਾਰਜ ਨੇ ਸਾਬਿਤ ਕੀਤਾ ਕਿ ਹੱਕੀ ਮੰਗਾਂ ਮੰਨਣ ਦੀ ਥਾਂ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਚੁੱਕੀ ਹੈ।
ਮਜ਼ਦੂਰ ਜਥੇਬੰਦੀਆਂ ਵਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਉਹਨਾਂ ਦੀਆਂ ਮੰਗਾਂ ਨੂੰ ਫੌਰੀ ਮੰਨਣ ਅਤੇ ਗਿਰਫ਼ਤਾਰ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ ਅਤੇ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਗਿਆ। ਦੋਨੋਂ ਜਥੇਬੰਦੀਆਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਰਕਾਰ ਵੱਲੋਂ ਮਜਦੂਰ, ਕਿਸਾਨ, ਮੁਲਾਜ਼ਮ, ਵਿਦਿਆਰਥੀ ਅਤੇ ਹਰ ਵਰਗ ਦਾ ਸ਼ੋਸ਼ਣ ਸਿਖਰਾਂ ਤੇ ਹੈ। ਸਾਰੇ ਵਰਗਾ ਨੂੰ ਇਕੱਠੇ ਹੋ ਕੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਕਰਨਾ ਹੋਵੇਗਾ।