ਸੰਗਰੂਰ, 4 ਜੁਲਾਈ, 2023: ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ 15 ਜੁਲਾਈ ਤੱਕ ਬੱਚਿਆਂ ਵਿੱਚ ਸਿਰਜਣਾਤਮਕ ਅਤੇ ਕਲਾਤਮਿਕ ਗੁਣ ਪੈਦਾ ਕਰਨ ਲਈ ‘ਸਮਰ ਕੈਂਪ’ ਲਾਏ ਜਾ ਰਹੇ ਹਨ। ਜ਼ਿਲ੍ਹਾ ਸੰਗਰੂਰ ‘ਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ‘ਚ ਸਿੱਖਿਆ ਵਿਭਾਗ ਵੱਲੋਂ ਵੀ ਇਸ ਦੇ ਮੱਦੇਨਜ਼ਰ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਜਿਸਨੂੰ ਲੈ ਕੇ ਅਧਿਆਪਕਾਂ ਅਤੇ ਬੱਚਿਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਸੰਗਰੂਰ ਬਲਾਕ ਦੇ ਸਕੂਲਾਂ ਵਿੱਚ ਚੱਲ ਰਹੇ ਸਮਰ ਕੈਂਪਾਂ ਦਾ ਦੌਰਾ ਕਰਨ ਪੁੱਜੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਸ਼ਿਵ ਰਾਜ ਕਪੂਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਨ੍ਹਾਂ ਸਮਰ ਕੈਂਪਾਂ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਲਾਤਮਕ ਤੇ ਸਿਰਜਣਾਤਮਕ ਗਤੀਵਿਧੀਆਂ ਯਕੀਨੀ ਬਣਾਉਣ ਲਈ ਜਿੱਥੇ ਸਕੂਲਾਂ ਦੀ ਚੈਕਿੰਗ ਲਈ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਉੱਥੇ ਅਧਿਆਪਕਾਂ ਨੂੰ ਵੀ ਹਦਾਇਤਾਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਬੱਚਿਆਂ ਲਈ ਵਿਭਾਗ ਵੱਲੋਂ ਰਚਨਾਤਮਕ ਕਾਰਜ ਲਈ ਸਾਰੇ ਸਕੂਲਾਂ ਨੂੰ ਸਮੱਗਰੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਇਹ ਪੰਜਾਬ ਸਰਕਾਰ ਦਾ ਇਕ ਵਧਿਆ ਉਪਰਾਲਾ ਹੈ ਇਸ ਨਾਲ ਜਿੱਥੇ ਬੱਚਿਆਂ ਵਿੱਚ ਹੱਥੀ ਕੁਝ ਸਿੱਖਣ ਦੀ ਪ੍ਰੇਰਨਾ ਪੈਦਾ ਹੋਵੇਗੀ ਉਥੇ ਉਹਨਾਂ ਵਿੱਚ ਪੜ੍ਹਨ ਪ੍ਰਤੀ ਵੀ ਰੁਚੀ ਵਿਕਸਿਤ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਜਿਸ ਤਰ੍ਹਾਂ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਅਤੇ ਬੱਚਿਆਂ ਨੂੰ ਆਧੁਨਿਕ ਢੰਗਾਂ ਨਾਲ ਸਿੱਖਿਆ ਨਾਲ ਜੋੜ ਰਹੀ ਹੈ ਉਸ ਤੋਂ ਲੱਗਦਾ ਹੈ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਦੇ ਸਰਕਾਰੀ ਸਕੂਲ ਮੋਹਰੀ ਬਣ ਕੇ ਉੱਭਰਨਗੇ।
ਇਸ ਮੌਕੇ ਉਹਨਾਂ ਦੱਸਿਆ ਕਿ ਵਿਨੋਦ ਕੁਮਾਰ ਹਾਂਡਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ, ਗੁਰਮੀਤ ਸਿੰਘ ਈਸਾਪੁਰ, ਸੱਤਪਾਲ ਸਿੰਘ, ਹਰਤੇਜ ਸਿੰਘ, ਅਭਿਨਵ ਜੈਦਕਾ ਸਮੇਤ ਸਾਰੇ ਬੀ ਪੀ ਈ ਓਜ਼ ਅਤੇ ਸੀ ਐਚ ਟੀ ਰੋਜ਼ਾਨਾ ਨਿਰਖਣ ਕਰਕੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਡਿਊਟੀਆਂ ਲਗਾਈਆਂ ਗਈਆਂ ਹਨ।