ਫਗਵਾੜਾ 5 ਜੁਲਾਈ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਬੁੱਧ ਰਾਮ (ਰਿਟਾ. ਪ੍ਰਿੰਸੀਪਲ) ਨਾਲ ਚੰਡੀਗੜ੍ਹ ਦੇ ਸੈਕਟਰ 39 ਸਥਿਤ ਸਰਕਟ ਹਾਊਸ ਵਿਖੇ ਮੁਲਾਕਾਤ ਕੀਤੀ। ਉਹਨਾਂ ਦੇ ਨਾਲ ਐਸ.ਸੀ ਵਿੰਗ ਪੰਜਾਬ ਦੇ ਪ੍ਰਧਾਨ ਅਮਰੀਕ ਸਿੰਘ ਬੰਗੜ, ਸਕੱਤਰ ਡਾ.ਡੀ.ਐਸ. ਲਾਂਬਾ, ਪੰਜਾਬ ਉਪ ਪ੍ਰਧਾਨ ਜਲਾਲਪੁਰੀ, ਜ਼ਿਲ੍ਹਾ ਉਪ ਪ੍ਰਧਾਨ ਅਸ਼ੋਕ ਭੱਟੀ, ਪੰਜਾਬ ਸੰਯੁਕਤ ਸਕੱਤਰ ਬਲਜਿੰਦਰ ਸਿੰਘ ਚੋਂਦਾ, ਹਲਕਾ ਕੋਆਰਡੀਨੇਟਰ ਵਿਜੇ ਬੰਗਾ ਸਮੇਤ ਐਸ.ਸੀ. ਵਿੰਗ ਦੇ ਹੋਰ ਅਹੁਦੇਦਾਰ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਐੱਸ.ਸੀ. ਵਿੰਗ ਵੱਲੋਂ ਗੁਲਦਸਤਾ ਭੇਂਟ ਕਰਕੇ ਨਵ ਨਿਯੁਕਤ ਪ੍ਰਧਾਨ ਨੂੰ ਆਪਣੀਆਂ ਸ਼ੁਭ ਇੱਛਾਵਾਂ ਦਿੱਤੀਆਂ। ਸੰਤੋਸ਼ ਕੁਮਾਰ ਗੋਗੀ ਨੇ ਜਿੱਥੇ ਇਸ ਨਿਯੁਕਤੀ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ, ਉੱਥੇ ਹੀ ਕਿਹਾ ਕਿ ਬੁੱਧ ਰਾਮ ਸਿੱਖਿਆ ਦੇ ਖੇਤਰ ਨਾਲ ਜੁੜੇ ਰਹੇ ਅਤੇ ਬਤੌਰ ਪ੍ਰਿੰਸੀਪਲ ਸੇਵਾ ਮੁਕਤ ਹੋਏ ਹਨ। ਪੰਜਾਬ ਪ੍ਰਧਾਨ ਵਜੋਂ ਉਨ੍ਹਾਂ ਦੀ ਨਿਯੁਕਤੀ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਬਿਹਤਰ ਬਣਾਉਣ ਅਤੇ ਪੜ੍ਹੇ-ਲਿਖੇ ਵਲੰਟੀਅਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਜਥੇਬੰਦੀ ਨੂੰ ਮਜ਼ਬੂਤ ਕਰਨ ‘ਚ ਸਹਾਈ ਹੋਵੇਗੀ। ਗੋਗੀ ਨੇ ਕਿਹਾ ਕਿ ਪੰਜਾਬ ਪ੍ਰਧਾਨ ਨੇ ਆਉਣ ਵਾਲੇ ਸਾਲ ਵਿੱਚ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਲਈ ਐੱਸ. ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਪੂਰੀ ਤਰ੍ਹਾਂ ਤਿਆਰ ਹੈ ਅਤੇ ਜ਼ਿਲ੍ਹੇ ਭਰ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ‘ਆਪ’ ਪਾਰਟੀ ਨੂੰ ਵੱਡੀ ਲੀਡ ਦੁਆਈ ਜਾਵੇਗੀ।