ਪਾਣੀ ਦੇ ਸਰੋਤਾਂ ‘ਤੇ ਠੀਕਰੀ ਪਹਿਰੇ ਲਗਾਉਣ ਦੇ ਹੁਕਮ
ਲੋੜ ਪੈਣ ‘ਤੇ 24 ਘੰਟੇ ਕਾਰਜਸ਼ੀਲ ਰਹਿਣ ਵਾਲੇ ਕੰਟਰੋਲ ਰੂਮ ਦੇ ਨੰਬਰ 01672-234196 ‘ਤੇ ਦਿੱਤੀ ਜਾਵੇ ਸੂਚਨਾ
ਕੈਮੀਕਲ ਵਾਲਾ ਪਾਣੀ ਡ੍ਰੇਨ ਵਿੱਚ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਸੰਗਰੂਰ, 9 ਜੁਲਾਈ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਅਧਿਕਾਰੀਆਂ ਨਾਲ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸ਼ਨਿਕ ਤਿਆਰੀਆਂ ਬਾਰੇ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ ਸੁਰੇਂਦਰ ਲਾਂਬਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਾਰੇ ਅਧਿਕਾਰੀ ਆਪਸ ਵਿੱਚ ਤਾਲਮੇਲ ਰੱਖਣ ਤਾਂ ਜੋ ਸੰਭਾਵੀ ਭਾਰੀ ਬਾਰਿਸ਼ਾਂ ਜਾਂ ਹੜ੍ਹਾਂ ਦੌਰਾਨ ਪ੍ਰਸ਼ਾਸਨਿਕ ਪੱਧਰ ‘ਤੇ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆ ਸਕੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ‘ਤੇ ਸਥਾਪਤ ਕੰਟਰੋਲ ਰੂਮਾਂ ਨਾਲ ਲਗਾਤਾਰ ਸੰਪਰਕ ਕਾਇਮ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਮੁਸਤੈਦ ਰਹਿਣ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਪਾਣੀ ਦਾ ਵਹਾਅ ਰੁਕਣਾ ਨਹੀਂ ਚਾਹੀਦਾ ਅਤੇ ਜੇਕਰ ਕਿਸੇ ਇਲਾਕੇ ਵਿੱਚ ਪਾਣੀ ਭਰਦਾ ਹੈ ਤਾਂ ਬਿਜਲੀ ਦੀ ਸਪਲਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਜਤਿੰਦਰ ਜੋਰਵਾਲ ਨੇ ਕਿਹਾ ਕਿ ਕਿਸੇ ਵੀ ਇਲਾਕੇ ਦਾ ਸੀਵਰੇਜ ਬੰਦ ਨਹੀਂ ਹੋਣਾ ਚਾਹੀਦਾ ਅਤੇ ਪਾਣੀ ਕੱਢਣ ਵਾਲੀ ਮਸ਼ੀਨਰੀ ਚਾਲੂ ਹਾਲਤ ਵਿੱਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਘੱਗਰ ਵਿੱਚ ਡਾਫ ਲੱਗਣ ਤੋਂ ਰੋਕਣ ਲਈ ਲੋੜੀਂਦੀ ਮਸ਼ੀਨਰੀ ਦਾ ਪੁਖ਼ਤਾ ਪ੍ਰਬੰਧ ਯਕੀਨੀ ਬਣਾਇਆ ਜਾਵੇ ਤੇ ਪਾਣੀ ਦੇ ਪੱਧਰ ਨੂੰ ਵੇਖਦਿਆਂ ਬੂਟੀ ਅਤੇ ਕਿਸੇ ਦਰੱਖਤ ਦੇ ਫਸਣ ਕਾਰਨ ਵਹਾਅ ‘ਚ ਵਿਘਨ ਨਾ ਪਵੇ। ਡਿਪਟੀ ਕਮਿਸ਼ਨਰ ਨੇ ਸਖ਼ਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਕੈਮੀਕਲ ਵਾਲਾ ਪਾਣੀ ਡ੍ਰੇਨ ਵਿੱਚ ਪਾਇਆ ਜਾ ਰਿਹਾ ਹੈ ਤਾਂ ਤੁਰੰਤ ਇਸ ਸਬੰਧ ਵਿੱਚ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਮਿੱਟੀ ਵਾਲੇ ਥੈਲਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਾਲ ਨਾਲ ਦਵਾਈਆਂ, ਪਸ਼ੂਆਂ ਲਈ ਚਾਰੇ, ਲੋੜਵੰਦ ਲੋਕਾਂ ਲਈ ਰਾਸ਼ਨ, ਪੀਣਯੋਗ ਸਾਫ਼ ਪਾਣੀ ਆਦਿ ਦਾ ਅਗੇਤੇ ਤੌਰ ‘ਤੇ ਅਹਿਤਿਆਤ ਵਜੋਂ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦੇ ਸਰੋਤਾਂ ‘ਤੇ ਠੀਕਰੀ ਪਹਿਰੇ ਲਾਏ ਜਾਣ ਅਤੇ ਪਾੜ ਪੈਣ ਦੀ ਸੂਰਤ ਵਿੱਚ ਤੁਰੰਤ ਇਸਦੀ ਸੂਚਨਾ 24 ਘੰਟੇ ਕਾਰਜਸ਼ੀਲ ਰਹਿਣ ਵਾਲੇ ਕੰਟਰੋਲ ਰੂਮ ਦੇ ਨੰਬਰ 01672-234196
‘ਤੇ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਜਾਇਜ਼ਾ ਲੈਂਦਿਆਂ ਦੱਸਿਆ ਕਿ ਪ੍ਰਸ਼ਾਸਨ ਸੰਭਾਵੀ ਹੜ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਸਮੂਹ ਅਧਿਕਾਰੀਆਂ ਵੱਲੋਂ ਅਜਿਹੀ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਬਚਾਅ ਕਾਰਜਾਂ ਲਈ ਲੋੜੀਂਦਾ ਜ਼ਰੂਰੀ ਸਾਮਾਨ ਤਿਆਰ ਰੱਖਿਆ ਜਾਵੇ ਅਤੇ ਅਮਲੇ ਦੀਆਂ ਡਿਊਟੀਆਂ ਸਬੰਧੀ ਵੇਰਵੇ ਤਿਆਰ ਰੱਖੇ ਜਾਣ।
ਇਸ ਮੌਕੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅਧਿਕਾਰੀਆਂ ਨੂੰ ਆਖਿਆ ਕਿ ਜੇਕਰ ਕਿਸੇ ਇਲਾਕੇ ਵਿੱਚ ਪਾਣੀ ਭਰਦਾ ਹੈ ਤਾਂ ਆਵਾਜਾਈ ਦੇ ਅਜਿਹੇ ਸਾਧਨਾਂ ਦੀ ਵਰਤੋਂ ਕੀਤੀ ਜਾਵੇ ਜੋ ਫਸ ਕੇ ਖੁਦ ਆਵਾਜਾਈ ਵਿੱਚ ਵਿਘਨ ਬਣਨ ਦਾ ਕਾਰਨ ਨਾ ਬਣਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਿੰਡ ਜਾਂ ਸ਼ਹਿਰ ਵਿੱਚ ਬਰਸਾਤੀ ਪਾਣੀ ਨਾਲ ਸਬੰਧਤ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਨਾਗਰਿਕ ਪੁਲਿਸ ਕੰਟਰੋਲ ਰੂਮ ਜਾਂ ਪੁਲਿਸ ਥਾਣੇ ਵਿੱਚ ਵੀ ਸੂਚਨਾ ਦੇ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਨਿਤੇਸ਼ ਜੈਨ, ਐਸਡੀਐਮ ਨਵਰੀਤ ਕੌਰ ਸੇਖੋਂ, ਐਸ ਡੀ ਐਮ ਧੂਰੀ ਅਮਿਤ ਗੁਪਤਾ, ਐਸ ਡੀ ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ ਡੀ ਐਮ ਲਹਿਰਾ ਸੂਬਾ ਸਿੰਘ, ਐਸ ਡੀ ਐਮ ਸੁਨਾਮ ਜਸਪ੍ਰੀਤ ਸਿੰਘ, ਐਸ ਡੀ ਐਮ ਭਵਾਨੀਗੜ੍ਹ ਵਿਨੀਤ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।