ਸਤਲੁਜ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ
ਫਿਰੋਜ਼ਪੁਰ, 09 ਜੁਲਾਈ 2023 :
ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪਾਣੀ ਦੀ ਨਿਰਵਿਘਨ ਨਿਕਾਸੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਕੇ ਮੌਜੂਦਾ ਸਥਿਤੀ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ. ਭੁਪਿੰਦਰ ਸਿੰਘ ਤੋਂ ਇਲਾਵਾ ਬੀ.ਐਸ.ਐਫ., ਡਰੇਨੇਜ਼ ਵਿਭਾਗ , ਮਾਲ ਵਿਭਾਗ, ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਖੇਤਰਾਂ ਵਿੱਚ ਬਰਸਾਤੀ ਪਾਣੀ ਕਾਰਨ ਪੈਦਾ ਹੋਈ ਸਥਿਤੀ ਜਾ ਜਾਇਜ਼ਾ ਲਿਆ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ ਤਾਂ ਜੋ ਅਗਾਉਂ ਪ੍ਰਬੰਧ ਮੁਕੰਮਲ ਕਰ ਲਏ ਜਾਣ ਅਤੇ ਜਿਹੜੇ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ ਉੱਥੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਅਤੇ ਹਰ ਤਰਾਂ ਦੀ ਮਦਦ ਯਕੀਨੀ ਬਣਾਏ ਜਾਣ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸਤਲੁਜ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਵੀ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰਗਟ ਸਾਹਿਬ ਗੁਰਦੁਆਰਾ ਦੇ ਨਜ਼ਦੀਕ ਫਿੱਡਾ ਡਰੇਨੇਜ ਦੀ ਸਫਾਈ ਦਾ ਜਾਇਜ਼ਾ ਲਿਆ। ਇਸ ਪਿੱਛੋਂ ਉਨ੍ਹਾਂ ਗਜ਼ਨੀ ਵਾਲਾ, ਗੱਟੀ ਮੱਤੜ, ਦੋਨਾ ਮੱਤੜ ਆਦਿ ਪਿੰਡਾਂ ਦਾ ਦੌਰਾ ਕਰਕੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਸੰਭਾਵਿਤ ਹੜ੍ਹ ਵਰਗੀ ਸਥਿਤੀ ਨਾਲ ਨਿਪਟਨ ਲਈ ਪਹਿਲਾਂ ਤੋਂ ਹੀ ਆਪਣੀਆਂ ਤਿਆਰੀਆਂ ਮੁਕੰਮਲ ਰੱਖਣ ਤਾਂ ਜੋ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਬੰਧਾਂ ਨੂੰ ਪੁਖਤਾ ਕਰਨ ਵਿੱਚ ਆਮ ਲੋਕਾਂ ਦਾ ਵੀ ਸਹਿਯੋਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੋ ਪਿੰਡ ਦਰਿਆ ਨਾਲ ਲੱਗਦੇ ਹਨ ਅਤੇ ਜੋ ਹੜ੍ਹ ਆਉਣ ਕਾਰਨ ਜਿਆਦਾ ਪ੍ਰਭਾਵਿਤ ਹੁੰਦੇ ਹਨ ਉਨ੍ਹਾਂ ‘ਤੇ ਜਿਆਦਾ ਤਵੱਜੋਂ ਦਿੱਤੀ ਜਾਵੇ ਤਾਂ ਜੋ ਕੋਈ ਵੀ ਜਾਨ ਮਾਲ ਦਾ ਨੁਕਸਾਨ ਨਾ ਹੋ ਸਕੇ। ਉਨ੍ਹਾਂ ਬੀ.ਐਸ.ਐਫ ਅਧਿਕਾਰੀਆਂ ਨਾਲ ਵੀ ਗੱਲਬਾਤ ਕਰਕੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ‘ਤੇ ਕੀਤੇ ਪ੍ਰਬੰਧ ਕਾਰਜਾਂ ਦਾ ਜਾਇਜਾ ਲਿਆ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅਧਿਕਾਰੀਆਂ ਨਾਲ ਜ਼ਿਲ੍ਹੇ ਦੀ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦਰਿਆ ਸਤਲੁਜ ਦੇ ਨਾਲ ਲੱਗਦੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਅਤੇ ਮਾਲ ਡੰਗਰ ਸਮੇਤ ਸੁਰੱਖਿਅਤ ਥਾਂ ਤੇ ਆ ਕੇ ਰਹਿਣ। ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਨੰਬਰ 01632-244017, ਤਹਿਸੀਲ ਫ਼ਿਰੋਜ਼ਪੁਰ ਵਿਖੇ ਫਲੱਡ ਕੰਟਰੋਲ ਰੂਮ ਨੰਬਰ 01632-244019, ਤਹਿਸੀਲ ਜ਼ੀਰਾ ਵਿਖੇ ਫਲੱਡ ਕੰਟਰੋਲ ਰੂਮ ਨੰਬਰ 01682-250169, ਤਹਿਸੀਲ ਗੁਰੂਹਰਸਹਾਏ ਵਿਖੇ ਫਲੱਡ ਕੰਟਰੋਲ ਰੂਮ ਨੰਬਰ 01685–231010 ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਐਕਸੀਐਨ ਡਰੇਨੇਜ਼ ਫ਼ਿਰੋਜ਼ਪੁਰ ਦਾ ਕੰਟਰੋਲ ਰੂਮ ਨੰਬਰ 01632-245366 ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਬਰਸਾਤੀ ਪਾਣੀ/ ਹੜ੍ਹ ਨਾਲ ਸਬੰਧਤ ਸਥਿਤੀ ਵਿੱਚ ਉਕਤ ਨੰਬਰਾਂ ‘ਤੇ ਸੰਪਰਕ ਕਰਕੇ ਮਦਦ ਲੈ ਸਕਦੇ ਹਨ।
ਇਸ ਮੌਕੇ ਨਾਇਬ ਤਹਿਸੀਲਦਾਰ ਵਿਜੇ ਬਹਿਲ, ਐਕਸੀਅਨ ਗਤੇਸ਼ ਉਪਵੇਜਾ, ਬੀ.ਐਸ.ਐਫ. ਦੇ ਅਧਿਕਾਰੀ ਪ੍ਰਦੁਮਣ ਤੇ ਮਨੀਸ਼ ਕੁਮਾਰ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।