ਤਰਨਤਾਰਨ/ਅੰਮ੍ਰਿਤਸਰ,10 ਜੁਲਾਈ (ਰਾਕੇਸ਼ ਨਈਅਰ)
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ.ਸਰਚਾਂਦ ਸਿੰਘ ਖਿਆਲਾ ਨੇ ਸੂਬਾ ਸਰਕਾਰ ਨੂੰ ਪੰਜਾਬ ‘ਚ ਲਗਾਤਾਰ ਹੋ ਰਹੀ ਬਾਰਿਸ਼ ਤੋਂ ਬਾਅਦ ਹੜ੍ਹ ਵਰਗੀ ਸਥਿਤੀ ’ਚ ਲੋਕਾਂ ਨੂੰ ਉਨ੍ਹਾਂ ਦੇ ਹਾਲ ’ਤੇ ਨਾ ਛੱਡਣ ਦੀ ਅਪੀਲ ਕੀਤੀ ਹੈ।ਨਾਲ ਹੀ ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਭਾਰੀ ਮੀਂਹ ਨਾਲ ਸੈਂਕੜੇ ਏਕੜ ਵਾਹੀਯੋਗ ਜ਼ਮੀਨ ਅਤੇ ਫਸਲਾਂ ਪ੍ਰਭਾਵਿਤ ਹੋਈਆਂ ਹਨ,ਜਿਸ ਲਈ ਪੰਜਾਬ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਹੋਰ ਪਰਿਵਾਰਾਂ ਲਈ ਰਾਹਤ ਪੈਕੇਜ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ।
ਪ੍ਰੋ.ਸਰਚਾਂਦ ਸਿੰਘ ਨੇ ਕਿਹਾ ਕਿ ਰਾਹਤ ਕਾਰਜਾਂ ’ਚ ਹੋਈ ਦੇਰੀ ਅਤੇ ਸਾਹਮਣੇ ਆਈ ਮੌਜੂਦਾ ਤਬਾਹਕੁੰਨ ਸਥਿਤੀ ਨੇ ਅਜਿਹੀ ਤਬਾਹੀ ਰੋਕਣ ਪ੍ਰਤੀ ਸੂਬਾ ਸਰਕਾਰ ਦੀ ਯੋਜਨਾ ਦੀ ਫੂਕ ਕੱਢ ਦਿੱਤੀ ਹੈ।ਉਨ੍ਹਾਂ ਢੁਕਵੀਂਆਂ ਡਰੇਨੇਜ ਪ੍ਰਬੰਧ ਕਰਨ ਵਿਚ ਨਾਕਾਮ ਰਹਿਣ ਲਈ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ।ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ‘ਚ ਹੀ ਰਹਿਣ ਅਤੇ ਬਾਹਰ ਨਾ ਜਾਣ ਦੀ ਸਲਾਹ ਦਿੰਦਿਆਂ ਉਨ੍ਹਾਂ ਨੂੰ ਪੰਜਾਬ ’ਚ ਹੜ੍ਹ ਪ੍ਰਭਾਵਿਤ ਸਥਿਤੀ ਨਾਲ ਨਜਿੱਠਣ ਲਈ ਪ੍ਰਭਾਵਿਤ ਲੋਕਾਂ ਤਕ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਅਤੇ ਰਾਹਤ ਕਾਰਜਾਂ ਦੀ ਖ਼ੁਦ ਨਿਗਰਾਨੀ ਕਰਦਿਆਂ ਲੋਕ ਹਿਤ ’ਚ ਠੋਸ ਕਦਮ ਚੁੱਕਣ ਲਈ ਕਿਹਾ।ਉਨ੍ਹਾਂ ਕਿਹਾ ਕਿ ਮੀਂਹ ਦੇ ਕਹਿਰ ਨੇ ਇਕ ਵਾਰ ਫਿਰ ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਝੰਜੋੜ ਦਿੱਤਾ ਹੈ।ਇਸ ਤਬਾਹੀ ਨਾਲ ਫਸਲਾਂ ਅਤੇ ਘਰੇਲੂ ਸਮਾਨ ਦਾ ਵੀ ਭਾਰੀ ਨੁਕਸਾਨ ਦੇਖਣ ਨੂੰ ਮਿਲ ਰਿਹਾ ਹੈ।ਸੂਬਾ ਸਰਕਾਰ ਹੜ੍ਹਾਂ ਕਾਰਨ ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ ਉਨ੍ਹਾਂ ਨੂੰ ਯੋਗ ਮੁਆਵਜ਼ਾ ਦੇਵੇ ਅਤੇ ਫਸਲਾਂ ਦੀ ਗਿਰਦਾਵਰੀ ਕਰਵਾ ਕੇ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ੇ ਦੇਵੇ। ਉਨ੍ਹਾਂ ਕਿਹਾ ਕਿ ਘਰਾਂ ਵਿਚ ਪਾਣੀ ਵੜਨ ਕਾਰਨ ਸੈਂਕੜੇ ਲੋਕਾਂ ਨੂੰ ਰਾਤਾਂ ਸੜਕਾਂ ’ਤੇ ਗੁਜ਼ਾਰਨੀਆਂ ਪੈ ਰਹੀਆਂ ਹਨ। ਉਨ੍ਹਾਂ ਸਰਕਾਰ ਨੂੰ ਮੁਸੀਬਤਾਂ ਵਿੱਚ ਫਸੇ ਲੋਕਾਂ ਦੀ ਮਦਦ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਵਿਚ ਦੁਧਾਰੂ ਪਸ਼ੂਆਂ ਵਾਸਤੇ ਚਾਰਾ ਭੇਜਣ ਦਾ ਪ੍ਰਬੰਧ ਕਰਨ ਦੀ ਵੀ ਅਪੀਲ ਕੀਤੀ।ਉਨ੍ਹਾਂ ਸਮਾਜਸੇਵੀ ਸੰਸਥਾਵਾਂ ਅਤੇ ਸਿੱਖ ਜਥੇਬੰਦੀਆਂ ਨੂੰ ਵੀ ਮੁਸੀਬਤ ਮਾਰੇ ਲੋਕਾਂ ਦੀ ਮਦਦ ਕਰਨ ਵਾਸਤੇ ਤੁਰੰਤ ਅੱਗੇ ਆਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਮੁਹਾਲੀ,ਰੋਪੜ,ਅਨੰਦਪੁਰ ਸਾਹਿਬ,ਪਟਿਆਲਾ,ਸੰਗਰੂਰ,ਹੁਸ਼ਿਆਰਪੁ ਰ, ੱ,ਤਰਨਤਾਰਨ ਤੇ ਜਲੰਧਰ ਜ਼ਿਲ੍ਹਿਆਂ ਤੋਂ ਵੱਡੇ ਨੁਕਸਾਨ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ ਤੇ ਹਜ਼ਾਰਾਂ ਏਕੜ ਵਿਚ ਫ਼ਸਲ ਵੀ ਡੁੱਬ ਗਈ ਹੈ।