Home » ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਆਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਆਈ

ਹੜ੍ਹ ਦੀ ਮਾਰ ’ਚ ਆਏ ਲੋਕਾਂ ਲਈ ਰਿਹਾਇਸ਼ ਅਤੇ ਲੰਗਰ ਦੇ ਕੀਤੇ ਪ੍ਰਬੰਧ

by Rakha Prabh
19 views
ਅੰਮ੍ਰਿਤਸਰ( ਰਣਜੀਤ ਸਿੰਘ ਮਸੌਣ) ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਬਣੀ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮੱਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸਰਾਵਾਂ ਅੰਦਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਕਮਰੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਅਤੇ ਹੋਰ ਵਸਤਾਂ ਦੀ ਵਿਵਸਥਾ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਮਾਨਵਤਾ ਨਾਲ ਮੁਸ਼ਕਲ ਸਮੇਂ ’ਤੇ ਖੜ੍ਹਨਾ ਸ਼੍ਰੋਮਣੀ ਕਮੇਟੀ ਦੀ ਰਵਾਇਤ ਰਹੀ ਹੈ ਅਤੇ ਗੁਰੂ ਦਰਸਾਏ ਮਾਰਗ ’ਤੇ ਚੱਲਦਿਆਂ ਸਿੱਖ ਸੰਸਥਾ ਹਰ ਕੁਦਰਤੀ ਆਫ਼ਤ ਸਮੇਂ ਲੋਕਾਈ ਲਈ ਮੱਦਦਗਾਰ ਬਣੀ ਹੈ। ਉਨ੍ਹਾਂ ਆਖਿਆ ਕਿ ਮੌਜ਼ੂਦਾ ਸਮੇਂ ਵੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸੇਵਾਵਾਂ ਦੇਣ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਆਖਿਆ ਗਿਆ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ 25 ਤੋਂ ਵੱਧ ਗੁਰਦੁਆਰਾ ਸਾਹਿਬਾਨ ਅੰਦਰ ਕੇਂਦਰ ਸਥਾਪਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਹਰ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਅੰਦਰ ਹੜ੍ਹ ਪੀੜਤਾਂ ਨੂੰ ਮੁਫ਼ਤ ਕਮਰੇ ਮੁਹੱਈਆ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਬੀਤੇ ਕੱਲ੍ਹ ਹੀ ਰਾਹਤ ਕਾਰਜ ਸ਼ੂਰੂ ਕਰ ਦਿੱਤੇ ਗਏ ਸਨ ਅਤੇ ਬਾਕੀ ਗੁਰੂ ਘਰਾਂ ਤੋਂ ਵੀ ਅੱਜ ਸੇਵਾਵਾਂ ਆਰੰਭ ਦਿੱਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਡੀਕਲ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਲੋੜਵੰਦਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਗਰੂਕ ਕਰਨ, ਤਾਂ ਜੋ ਪੀੜਤ ਲੋਕ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਔਖੀ ਘੜੀ ’ਚ ਮਾਨਵਤਾ ਦੇ ਨਾਲ ਹੈ ਅਤੇ ਆਪਣਾ ਬਣਦਾ ਫ਼ਰਜ਼ ਨਿਭਾਉਣ ਤੋਂ ਪਿੱਛੇ ਨਹੀਂ ਹਟੇਗੀ।

Related Articles

Leave a Comment