Home » ਬਰਸਾਤ ਨਾਲ ਹੋਣ ਵਾਲੇ ਨੁਕਸਾਨ ਦੀ ਪੂਰਤੀ ਲਈ ਵਚਨਬੱਧ ਪੰਜਾਬ ਸਰਕਾਰ : ਮਾਨ

ਬਰਸਾਤ ਨਾਲ ਹੋਣ ਵਾਲੇ ਨੁਕਸਾਨ ਦੀ ਪੂਰਤੀ ਲਈ ਵਚਨਬੱਧ ਪੰਜਾਬ ਸਰਕਾਰ : ਮਾਨ

by Rakha Prabh
7 views
ਫਗਵਾੜਾ 13 ਜੁਲਾਈ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਅਤੇ ਹੜ੍ਹ ਵਰਗੇ ਹਾਲਾਤ ਦਾ ਜਾਇਜ਼ਾ ਲੈਣ ਲਈ ਫਗਵਾੜਾ ਹਲਕੇ ਦੇ ਪਿੰਡਾਂ ਚੈੜ, ਬ੍ਰਹਮਪੁਰ ਤੇ ਵਾਹਦ ਦਾ ਦੌਰਾ ਕੀਤਾ। ਉਹਨਾਂ ਦੇ ਨਾਲ ‘ਆਪ’ ਆਗੂ ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ ਅਤੇ ਵਰੁਣ ਬੰਗੜ ਚੱਕ ਹਕੀਮ ਵੀ ਸਨ। ਇਸ ਦੌਰਾਨ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਹੋਈ ਲਗਾਤਾਰ ਬਰਸਾਤ ਕਾਰਨ ਉਨ੍ਹਾਂ ਦੇ ਝੋਨੇ ਅਤੇ ਹੋਰ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਮੀਂਹ ਵਿੱਚ ਇੱਕ ਘਰ ਦੀ ਛੱਤ ਵੀ ਡਿੱਗ ਗਈ ਪਰ ਕਿਸੇ ਨੇ ਸਾਰ ਨਹੀਂ ਲਈ। ਜਿਸ ’ਤੇ ਜੋਗਿੰਦਰ ਸਿੰਘ ਮਾਨ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਹੀ ਐਲਾਨ ਕੀਤਾ ਹੈ ਕਿ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਹੋਏ ਆਰਥਿਕ ਨੁਕਸਾਨ ਦੀ ਪੂਰਤੀ ਸੂਬਾ ਸਰਕਾਰ ਕਰੇਗੀ। ਜੋਗਿੰਦਰ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਤੋਂ ਪਿੰਡ ਵਾਸੀਆਂ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਲਦੀ ਮੁਆਵਜ਼ਾ ਦਿਵਾਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਇਸ ਸਾਲ ਬਰਸਾਤ ਦਾ ਮੌਸਮ ਆਫ਼ਤ ਬਣ ਕੇ ਆਇਆ ਹੈ। ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਉੱਤਰ ਪੂਰਬੀ ਭਾਰਤ ਵਿੱਚ ਮੀਂਹ ਕਾਰਨ ਭਾਰੀ ਤਬਾਹੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬਾ ਸਰਕਾਰ ਦੇ ਮੰਤਰੀ ਮੀਂਹ ਪ੍ਰਭਾਵਿਤ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਆਦਿ ਵਿੱਚ ਫਸੇ ਪੰਜਾਬ ਦੇ ਟੂਰਿਸਟਾਂ ਦੀ ਸੁਰੱਖਿਅਤ ਵਾਪਸੀ ਲਈ ਲਗਾਤਾਰ ਉਥੋਂ ਦੀਆਂ ਸਰਕਾਰਾਂ ਦੇ ਸੰਪਰਕ ਵਿੱਚ ਹਨ। ਮੁੱਖ ਮੰਤਰੀ ਖੁਦ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈ ਰਹੇ ਹਨ। ਜਦੋਂਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਹਵਾਈ ਜਹਾਜ਼ਾਂ ਤੋਂ ਸਥਿਤੀ ਦਾ ਜਾਇਜ਼ਾ ਲੈਣ ਦੀ ਖਾਨਾ ਪੂਰਤੀ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਫਗਵਾੜਾ ਹੀ ਨਹੀਂ ਸਗੋਂ ਪੰਜਾਬ ਭਰ ਵਿੱਚ ਮੀਂਹ ਕਾਰਨ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਕਰਨ ਲਈ ਵਚਨਬੱਧ ਹੈ। ਇਸ ਮੌਕੇ ਹਰਦੀਪ ਸਿੰਘ ਸਰਪੰਚ, ਰਾਮ ਕਿਸ਼ਨ ਸਰਪੰਚ, ਹੁਸਨ ਲਾਲ ਨੰਬਰਦਾਰ, ਬਲਬੀਰ ਸਿੰਘ ਲਾਡੀ ਸੰਗਤਪੁਰ, ਪੁਰਸ਼ੋਤਮ ਪੰਚ ਵਾਹਿਦ ਅਤੇ ਹੋਰ ਪਤਵੰਤੇ ਹਾਜ਼ਰ ਸਨ।

Related Articles

Leave a Comment