ਚੋਹਲਾ ਸਾਹਿਬ/ਤਰਨਤਾਰਨ,24 ਜੁਲਾਈ (ਨਈਅਰ)
ਜ਼ਿਲ੍ਹਾ ਤਰਨਤਾਰਨ ਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਇੱਕ ਕੋਠੇ ਵਿੱਚ ਲੁੱਕ ਕੇ ਬੈਠੇ ਹੋਏ ਦੋ ਨੌਜਵਾਨਾਂ ਨੂੰ 2 ਦੇਸੀ ਪਿਸਤੌਲ 32 ਬੋਰ ਅਤੇ ਤਿੰਨ ਜ਼ਿੰਦਾ ਰੌਂਦ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਕਾਬੂ ਕੀਤੇ ਗਏ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਚੋਹਲਾ ਸਾਹਿਬ ਵਿਖੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰਨ ਤੋਂ ਬਾਅਦ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਭ ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਦੇ ਡੀਐਸਪੀ ਅਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਐਸਐਸਪੀ ਗੁਰਮੀਤ ਸਿੰਘ ਚੌਹਾਨ ਆਈਪੀਐਸ ਦੀਆਂ ਸਖ਼ਤ ਹਦਾਇਤਾਂ ‘ਤੇ ਐਸ ਪੀ (ਡੀ) ਵਿਸ਼ਾਲਜੀਤ ਸਿੰਘ ਦੀ ਅਗਵਾਈ ਹੇਠ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦ ਪਿੰਡ ਧੁੰਨ ਢਾਏ ਵਾਲਾ ਦੇ ਪੁਲ ਉੱਪਰ ਪੁੱਜੀ ਤਾਂ ਉਥੇ ਨੇੜੇ ਬਣੇ ਇੱਕ ਕੋਠੇ ਵਿੱਚ ਲੁਕ ਕੇ ਬੈਠੇ ਦੋ ਨੌਜਵਾਨ ਦਿਖਾਈ ਦਿੱਤੇ,ਜੋ ਪੁਲਿਸ ਪਾਰਟੀ ਨੂੰ ਦੇਖਦੇ ਉਥੋਂ ਖਿਸਕਣ ਲੱਗੇ। ਸ਼ੱਕ ਪੈਣ ‘ਤੇ ਪੁਲਿਸ ਪਾਰਟੀ ਵਲੋਂ ਉਕਤ ਨੌਜਵਾਨਾਂ ਨੂੰ ਕਾਬੂ ਕਰਨ ਤੋਂ ਬਾਅਦ ਜਦ ਸਖ਼ਤੀ ਨਾਲ ਪੁਛਗਿੱਛ ਕੀਤੀ ਗਈ ਤਾਂ ਦੋਵਾਂ ਨੌਜਵਾਨਾਂ ਕੋਲੋਂ 2 ਨਾਜਾਇਜ਼ ਦੇਸੀ ਪਿਸਤੌਲ 32 ਬੋਰ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਕਾਬੂ ਕੀਤੇ ਗਏ ਦੋਵਾਂ ਨੌਜਵਾਨਾਂ ਵਿੱਚੋਂ ਇੱਕ ਦੀ ਪਹਿਚਾਣ ਅਰਸ਼ਦੀਪ ਸਿੰਘ ਉਰਫ ਮੱਛੀ ਪੁੱਤਰ ਪਰਮਜੀਤ ਸਿੰਘ ਪਿੰਡ ਰੂੜੀਵਾਲਾ ਅਤੇ ਦੂਸਰੇ ਨੌਜਵਾਨ ਦੀ ਪਹਿਚਾਣ ਜਗਦੇਵ ਸਿੰਘ ਉਰਫ ਬਿੱਲਾ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਧੁੰਨ ਢਾਏ ਵਾਲਾ ਵਜੋਂ ਹੋਈ। ਥਾਣਾ ਚੋਹਲਾ ਸਾਹਿਬ ਦੇ ਐਸਐਚਓ ਸਬ ਇੰਸਪੈਕਟਰ ਵਿਨੋਦ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਵਾਂ ਮੁਲਜ਼ਮਾਂ ਦੇ ਖਿਲਾਫ ਥਾਣਾ ਚੋਹਲਾ ਸਾਹਿਬ ਵਿਖੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਦੋਵਾਂ ਮੁਲਜ਼ਮਾਂ ਪਾਸੋਂ ਹੋਰ ਅਹਿਮ ਜਾਣਕਾਰੀ ਮਿਲਣ ਦੀ ਵੀ ਆਸ ਹੈ।