ਅੰਮ੍ਰਿਤਸਰ 24 ਜੁਲਾਈ (ਰਣਜੀਤ ਸਿੰਘ ਮਸੌਣ) ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਸੂਬੇ ਦੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸੇ ਹੀ ਲੜੀ ਦੇ ਤਹਿਤ ਰਾਜ ਭਰ ਵਿੱਚ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ਼ ਐਮੀਨੈਂਸ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਖੋਲ੍ਹ ਗਏ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਇਸਲਾਮਾਬਾਦ ਵਿਖੇ ਸਕੂਲੀ ਬੱਚਿਆਂ ਨੂੰ ਯੂਨੀਫ਼ਾਰਮ, ਟਾਈ ਬੈਲਟ, ਜ਼ੁਰਾਬਾ ਅਤੇ ਬੂਟ ਵੰਡਣ ਸਮੇਂ ਕੀਤਾ। ਉਨਾਂ ਕਿਹਾ ਕਿ ਇਹ ਬੱਚੇ ਸਾਡਾ ਕੱਲ ਦਾ ਭਵਿਖ ਹਨ ਅਤੇ ਸਾਡਾ ਫਰਜ਼ ਬਣਦਾ ਹੈ ਕਿ ਇਨਾਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਜੋ ਇਹ ਅੱਗੇ ਜਾ ਕੇ ਦੇਸ਼ ਦੀ ਵਾਂਗਡੋਰ ਸਾਂਭ ਸੱਕਣ। ਡਾ. ਗੁਪਤਾ ਨੇ ਕਿਹਾ ਕਿ ਸਾਡੀ ਸਰਕਾਰ ਸਿੱਖਿਆਂ ਨੂੰ ਲੈ ਕੇ ਕਾਫ਼ੀ ਚੰਗੇ ਉਪਰਾਲੇ ਕਰ ਰਹੀ ਹੈ ਅਤੇ ਜਿਹੜੇ ਸਕੂਲ ਅਧਿਆਪਕਾਂ ਤੋਂ ਸੱਖਣੇ ਹਨ, ਉਥੇ ਨਵੇਂ ਅਧਿਆਪਕਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ 15 ਮਹੀਨਿਆਂ ਦੇ ਕਾਰਜਕਾਲ ਦੌਰਾਨ 29 ਹਜ਼ਾਰ ਤੋਂ ਵੱਧ ਸਰਕਾਰੀਆਂ ਨੌਕਰੀਆਂ, ਨੌਜਵਾਨਾਂ ਨੂੰ ਮੁਹੱਈਆਂ ਕਰਵਾਈਆਂ ਹਨ।
ਇਸ ਮੌਕੇ ਸ੍ਰੀ ਸਾਗਰ, ਸ੍ਰੀ ਸੁਦੇਸ਼ ਕੁਮਾਰ, ਸ੍ਰੀ ਸੁਰਜੀਤ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਨਿਵਾਸੀ ਵੀ ਹਾਜ਼ਰ ਸਨ।
: ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਸਰਕਾਰੀ ਐਲੀਮੈਂਟਰੀ ਸਕੂਲ ਇਸਲਾਮਾਬਾਦ ਵਿਖੇ ਸਕੂਲੀ ਬੱਚਿਆਂ ਨੂੰ ਯੂਨੀਫਾਰਮ ਦੀ ਵੰਡ ਕਰਦੇ ਹੋਏ।