ਤੀਆਂ ਦੇ ਮੇਲੇ ਦੌਰਾਨ ਰਵਾਇਤੀ ਲੋਕ ਨਾਚ, ਪਹਿਰਾਵੇ, ਭੋਜਨ ਅਤੇ ਸੈਲਫੀ ਪੁਆਇੰਟ ਬਣਨਗੇ ਖਿੱਚ ਦਾ ਕੇਂਦਰ
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੁਢਲੇ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ
ਸੰਗਰੂਰ, 28 ਜੁਲਾਈ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਵਿੱਚ ਅਗਸਤ ਮਹੀਨੇ ਦੌਰਾਨ ਤੀਆਂ ਦੇ ਮੇਲਿਆਂ ਦਾ ਆਯੋਜਨ ਕਰਕੇ ਸੂਬੇ ਦੇ ਅਮੀਰ ਵਿਰਸੇ ਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਦੀ ਦਿਸ਼ਾ ਵਿੱਚ ਸਾਰਥਕ ਕਦਮ ਪੁੱਟਿਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ 4 ਪਿੰਡਾਂ ਸਤੌਜ, ਸ਼ੇਰੋਂ, ਛਾਜਲੀ ਤੇ ਕਾਤਰੋਂ ਵਿਖੇ 18 ਤੋਂ 20 ਅਗਸਤ ਦੇ ਦਿਨਾਂ ਦਰਮਿਆਨ ਲੱਗਣ ਵਾਲੇ ਇਨ੍ਹਾਂ ਤੀਆਂ ਦੇ ਮੇਲਿਆਂ ਨੂੰ ਪੂਰਨ ਤੌਰ ’ਤੇ ਰਵਾਇਤੀ ਛੋਹਾਂ ਨਾਲ ਆਯੋਜਿਤ ਕੀਤਾ ਜਾਵੇਗਾ।
ਅੱਜ ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੁਢਲੇ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਰਾਜ ਸਰਕਾਰ ਵੱਲੋਂ ਨਵੀਂਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਪੰਜਾਬੀਆਂ ਲਈ ਬੇਹੱਦ ਰੌਚਕ ਗੱਲ ਹੈ ਕਿ ਸੂਬੇ ਦੀ ਆਬੋ ਹਵਾ ਵਿੱਚ ਮੁੜ ਰਵਾਇਤੀ ਤੇ ਮਾਣਾਂਮੱਤੇ ਪੰਜਾਬੀ ਵਿਰਸੇ ਨੂੰ ਵਿਆਪਕ ਪੱਧਰ ’ਤੇ ਉਤਸ਼ਾਹਿਤ ਕਰਨ ਲਈ ਯਤਨ ਆਰੰਭੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਚਾਰ ਪਿੰਡਾਂ ਵਿੱਚ ਕਰਵਾਏ ਜਾਣ ਵਾਲੇ ਤੀਆਂ ਦੇ ਮੇਲੇ ਦੌਰਾਨ ਸਭਿਆਚਾਰ ਨੂੰ ਦਰਸਾਉਂਦੀਆਂ ਵੱਖ ਵੱਖ ਵੰਨਗੀਆਂ ਲਈ ਲੋੜੀਂਦੇ ਇੰਤਜਾਮ ਸਮੇਂ ਸਿਰ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪਹਿਲੇ ਪੜਾਅ ਵਜੋਂ ਇਨ੍ਹਾਂ ਚਾਰ ਪਿੰਡਾਂ ਦੀ ਚੋਣ ਕੀਤੀ ਗਈ ਹੈ ਜਿਸ ਤੋਂ ਬਾਅਦ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਅਜਿਹੇ ਤੀਆਂ ਦੇ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ ਤਾਂ ਜੋ ਪੰਜਾਬ ਦਾ ਰਵਾਇਤੀ ਸਭਿਆਚਾਰ ਹਰ ਘਰ ਵਿੱਚ ਪਹਿਲਾਂ ਵਾਂਗ ਅਪਣਾਇਆ ਜਾਣ ਲੱਗ ਪਵੇ। ਉਨ੍ਹਾਂ ਕਿਹਾ ਕਿ ਤੀਆਂ ਦੇ ਮੇਲੇ ਦੌਰਾਨ ਪੰਜਾਬ ਦੇ ਰਵਾਇਤੀ ਲੋਕ ਨਾਚਾਂ ਤੋਂ ਇਲਾਵਾ ਪੰਜਾਬ ਦੇ ਰਵਾਇਤੀ ਪਹਿਰਾਵੇ, ਰਵਾਇਤੀ ਭੋਜਨ, ਰਵਾਇਤੀ ਰਸਮਾਂ, ਫੁਲਕਾਰੀ ਪ੍ਰਦਰਸ਼ਨੀਆਂ, ਰਵਾਇਤੀ ਦਿੱਖ ਵਾਲੇ ਸੈਲਫੀ ਪੁਆਇੰਟ ਖਿੱਚ ਦਾ ਕੇਂਦਰ ਬਣਨਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਨਿਤੇਸ਼ ਜੈਨ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।