ਆਈਲੈਟਸ ਤੇ ਇਮੀਗ੍ਰੇਸ਼ਨ ਕੇਂਦਰਾਂ ’ਚ ਮਾਪਦੰਡਾਂ ਦੀ ਪਾਲਣਾ ਦੀ ਜਾਂਚ ਕਰਨਗੇ ਅਧਿਕਾਰੀ
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟ ਨਾਲ ਵੱਖ ਵੱਖ ਕਾਰਜਾਂ ਬਾਰੇ ਸਮੀਖਿਆ ਮੀਟਿੰਗ
ਸੰਗਰੂਰ, 1 ਅਗਸਤ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ 15 ਅਗਸਤ ਤੱਕ ਵਿਸ਼ੇਸ ਗਿਰਦਾਵਰੀ ਦੇ ਦਿੱਤੇ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਖਿਆ ਕਿ ਮਾਲ ਵਿਭਾਗ ਦੇ ਸਬੰਧਤ ਅਧਿਕਾਰੀ ਪੂਰੀ ਪਾਰਦਰਸ਼ਤਾ ਅਤੇ ਨਿਰਧਾਰਿਤ ਸਮੇਂ ਅੰਦਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੁਦਰਤੀ ਆਫ਼ਤ ਕਾਰਨ ਫਸਲਾਂ ਦੇ ਹੋਏ ਖਰਾਬੇ ਦਾ ਜਾਇਜ਼ਾ ਲੈ ਕਿ ਰਿਪੋਰਟ ਤਿਆਰ ਕਰਨ ਤਾਂ ਜੋ ਕੋਈ ਵੀ ਪ੍ਰਭਾਵਿਤ ਵਿਅਕਤੀ ਮੁਆਵਜ਼ੇ ਤੋਂ ਵਾਂਝਾ ਨਾ ਰਹੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜੇਕਰ ਹੜ੍ਹਾਂ ਜਾਂ ਭਾਰੀ ਬਰਸਾਤ ਕਾਰਨ ਕਿਸੇ ਵਿਅਕਤੀ ਦੇ ਮਕਾਨ, ਘਰਾਂ, ਡੇਰਿਆਂ ਆਦਿ ਦਾ ਨੁਕਸਾਨ ਹੋਇਆ ਹੋਵੇ ਤਾਂ ਉਸ ਸਬੰਧੀ ਵੀ ਜ਼ਮੀਨੀ ਆਧਾਰ ’ਤੇ ਯੋਗ ਪੜਤਾਲ ਕਰਕੇ ਰਿਪੋਰਟ ਭੇਜੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਦੀ ਘੜੀ ਤੀਆਂ ਦੇ ਮੇਲੇ ਤਹਿਤ ਇਸ ਮਹੀਨੇ ਹੋਣ ਵਾਲੇ ਸਮਾਗਮਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਕੈਬਨਿਟ ਵੱਲੋਂ ਪ੍ਰਵਾਨ ਨਵੀਂ ਪ੍ਰਣਾਲੀ ਅਨੁਸਾਰ ਆਟਾ ਤੇ ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਕਰਕੇ ਵੰਡ ਕਰਨ ਸਬੰਧੀ ਵੀ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਸ਼੍ਰੀ ਜੋਰਵਾਲ ਨੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਹਦੂਦ ਦੇ ਅੰਦਰ ਅਤੇ ਹਦੂਦ ਦੇ ਬਾਹਰ ਚੱਲ ਰਹੇ ਆਈਲੈਟਸ ਤੇ ਇਮੀਗਰੇਸ਼ਨ ਕੇਂਦਰਾਂ ਵਿੱਚ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਸਬੰਧੀ ਉਪ ਮੰਡਲ ਮੈਜਿਸਟਰੇਟ ਨੂੰ ਅਚਨਚੇਤ ਚੈਕਿੰਗ ਕਰਦੇ ਰਹਿਣ ਦੀ ਵੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।
ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਮੂਨਕ ਸੂਬਾ ਸਿੰਘ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ ਵੀ ਹਾਜ਼ਰ ਸਨ।