Home » 15 ਅਗਸਤ ਤੱਕ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਨੁਕਸਾਨ ਦੀ ਗਿਰਦਾਵਰੀ ਕੀਤੀ ਜਾਵੇ: ਡਿਪਟੀ ਕਮਿਸ਼ਨਰ

15 ਅਗਸਤ ਤੱਕ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਨੁਕਸਾਨ ਦੀ ਗਿਰਦਾਵਰੀ ਕੀਤੀ ਜਾਵੇ: ਡਿਪਟੀ ਕਮਿਸ਼ਨਰ

ਨੁਕਸਾਨੀਆਂ ਫ਼ਸਲਾਂ ਅਤੇ ਘਰਾਂ ਦੀ ਹੋਵੇਗੀ ਸਪੈਸ਼ਲ ਗਿਰਦਾਵਰੀ

by Rakha Prabh
60 views

ਇਕ ਹੋਰ ਆਮ ਆਦਮੀ ਕਲੀਨਿਕ ਜਲਦੀ ਕੀਤਾ ਜਾਵੇਗਾ ਲੋਕ ਅਰਪਿਤ

ਫਿਰੋਜ਼ਪੁਰ, 2 ਅਗਸਤ 2023.

ਡਿਪਟੀ ਕਮਿਸ਼ਨਰ ਸ੍ਰੀ ਰਾਜ਼ੇਸ ਧੀਮਾਨ ਆਈ.ਏ.ਐਸ. ਨੇ ਜ਼ਿਲ੍ਹੇ ਅੰਦਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹੋਏ ਫਸਲਾਂ , ਜਾਨ , ਮਾਲ ਦੇ ਨੁਕਸਾਨ ਦਾ ਨਿਯਮਾਂ ਅਨੁਸਾਰ ਮੁਆਵਜ਼ਾ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 15 ਅਗਸਤ ਤੱਕ ਲੋਕਾਂ ਦੀਆਂ ਫ਼ਸਲਾਂ ਜਾਨ-ਮਾਲ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਅੰਦਰ ਹੜ੍ਹਾਂ ਦੇ ਪਾਣੀ ਕਾਰਨ ਹੋਏ ਨੁਕਸਾਨ ਦਾ ਕਿਸਾਨਾਂ  ਤੋਂ ਇਲਾਵਾ ਹਰ ਪ੍ਰਭਾਵਿਤ ਨੂੰ ਮੁਆਵਜ਼ਾ ਦਿੱਤਾ ਜਾਣਾ ਹੈ। ਮੀਟਿੰਗ ਦੌਰਾਨ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਪੈਸ਼ਲ ਗਿਰਦਾਵਰੀ ਕਰਨ ਲਈ ਕਿਹਾ ਅਤੇ ਹਦਾਇਤ ਕੀਤੀ ਕਿ ਕੋਈ ਵੀ ਵਿਅਕਤੀ ,ਘਰ, ਕਿਸਾਨ ਅਜਿਹਾ ਨਾ ਰਹੇ ਜਿਸ ਦਾ ਨੁਕਸਾਨ ਹੋਇਆ ਹੋਵੇ ਅਤੇ ਉਸ ਦੀ ਗਿਰਦਾਵਰੀ ਨਾ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਇਹ ਸਪੈਸ਼ਲ ਗਿਰਦਾਵਰੀ 15 ਅਗਸਤ ਤੱਕ ਹਰ ਹਾਲ ਵਿੱਚ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ  92 ਪਿੰਡ ਮੀਂਹ /ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਵਿੱਚ ਆਮ ਲੋਕਾਂ ,ਕਿਸਾਨਾਂ ਦੀਆਂ ਫ਼ਸਲਾਂ, ਪਸ਼ੂ, ਘਰਾਂ ਆਦਿ ਦਾ ਨੁਕਸਾਨ ਹੋਇਆ ਹੈ ਤੇ ਇਨ੍ਹਾਂ ਪਿੰਡਾਂ / ਇਲਾਕਿਆਂ ਵਿੱਚ ਸਪੈਸ਼ਲ ਗਿਰਦਾਵਰੀ ਕੀਤੀ ਜਾਵੇਗੀ ਅਤੇ ਬਣਦਾ ਮੁਆਵਜ਼ਾ ਲੋਕਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਪਾਣੀ ਵਿੱਚ ਰੁੜ੍ਹਨ ਕਾਰਨ ਇੱਕ ਵਿਅਕਤੀ ਦੀ ਮੌਤ ਹੋਈ ਹੈ ਜਿਸ ਦੇ ਪਰਿਵਾਰ ਨੂੰ ਮੁਆਵਜ਼ਾ ਦੇ ਦਿੱਤਾ ਗਿਆ ਹੈ।

ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪੱਖੋਂ ਸੁਧਾਰ ਲਈ ਅਹਿਮ ਉਪਰਾਲੇ ਕਰ ਰਹੀ ਹੈ ਅਤੇ ਜ਼ਿਲ੍ਹੇ ਅੰਦਰ ਪਹਿਲਾਂ 25 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਇਕ ਹੋਰ ਆਮ ਆਦਮੀ ਕਲੀਨਿਕ ਪਿੰਡ ਲੋਂਗੋਦੇਵਾ (ਜ਼ੀਰਾ )ਵਿੱਚ ਖੋਲ੍ਹਿਆ ਜਾਣਾ ਹੈ। ਇਸ ਸਬੰਧ ਵਿੱਚ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਆਮ ਆਦਮੀ ਕਲੀਨਿਕ ਨੂੰ ਹਰ ਪੱਖ ਤੋਂ ਤਿਆਰ ਕਰਨ ਦੀ ਹਦਾਇਤ ਕੀਤੀ ਤਾਂ ਜੋ ਜਲਦੀ ਇਸ ਦਾ ਉਦਘਾਟਨ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ  ਦੇ ਨੇੜੇ ਹੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਇਸ ਮੌਕੇ ਸਿਵਲ ਸਰਜਨ ਡਾ. ਰਾਜਿੰਦਰ ਪਾਲ , ਗੁਰਮੀਤ ਸਿੰਘ ਡੀ. ਆਰ. ਓ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

Leave a Comment