ਜਲੰਧਰ, 23 ਅਗਸਤ ( ਗੁਰਪ੍ਰੀਤ ਸਿੰਘ ਸਿੱਧੂ ) :- ਪੰਜਾਬ ਅੰਦਰ ਕੰਮ ਕਰਦੇ ਮਾਣ-ਭੱਤਾ ਵਰਕਰਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸੰਬੰਧੀ ‘ਆਪ’ ਸਰਕਾਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਟਾਲਮਟੋਲ ਦੇ ਖਿਲਾਫ਼ ‘ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਗਈ ਸੂਬਾਈ ਕਨਵੈਨਸ਼ਨ ਵਿੱਚ ਪੰਜਾਬ ਦੇ ਕੋਨੇ ਕੋਨੇ ‘ਚੋਂ ਮੁਲਾਜ਼ਮ, ਪੈਨਸ਼ਨਰ, ਕੱਚੇ ਵਰਕਰ ਅਤੇ ਮਾਣ ਭੱਤਾ ਵਰਕਰਾਂ ਨੇ ਵਹੀਰਾਂ ਘੱਤ ਕੇ ਸ਼ਮੂਲੀਅਤ ਕੀਤੀ। ਕਨਵੈਨਸ਼ਨ ਵਿੱਚ ਪੰਜਾਬ ਸਰਕਾਰ ਦੀ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀ ਅਤੇ ਅਗਲੇ ਸੰਘਰਸ਼ਾਂ ਸਬੰਧੀ ਮਤਾ ਸਾਂਝੇ ਫਰੰਟ ਦੇ ਸੂਬਾ ਕਨਵੀਨਰ ਭਜਨ ਸਿੰਘ ਗਿੱਲ ਵੱਲੋਂ ਪੇਸ਼ ਕੀਤਾ ਗਿਆ, ਜਿਸ ਉੱਪਰ ਚਰਚਾ ਕਰਦਿਆਂ ਸਾਂਝੇ ਫਰੰਟ ਦੇ ਸੂਬਾਈ ਆਗੂਆਂ ਰਣਜੀਤ ਸਿੰਘ ਰਾਣਵਾਂ, ਕਰਮ ਸਿੰਘ ਧਨੋਆ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਐਨ.ਕੇ.ਕਲਸੀ, ਬਾਜ ਸਿੰਘ ਖਹਿਰਾ, ਗਗਨਦੀਪ ਸਿੰਘ ਭੁੱਲਰ, ਸਵਿੰਦਰਪਾਲ ਸਿੰਘ ਮੋਲੋਵਾਲੀ, ਸੁਖਦੇਵ ਸਿੰਘ ਸੈਣੀ, ਰਤਨ ਸਿੰਘ ਮਜਾਰੀ, ਗੁਰਪ੍ਰੀਤ ਸਿੰਘ ਗੰਡੀਵਿੰਡ, ਜਸਵੀਰ ਤਲਵਾੜਾ, ਰਾਧੇ ਸ਼ਿਆਮ, ਗੁਰਮੇਲ ਸਿੰਘ ਮੈਲਡੇ ਅਤੇ ਬੋਬਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦਾ ਵਤੀਰਾ ਬਿਲਕੁਲ ਵੀ ਗੰਭੀਰ ਨਹੀਂ ਹੈ। ਉਹਨਾ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸਾਂਝੇ ਫਰੰਟ ਨੂੰ ਤਿੰਨ ਵਾਰ ਮੀਟਿੰਗ ਦਾ ਸਮਾਂ ਦੇਕੇ ਵੀ ਮੀਟਿੰਗ ਨਹੀਂ ਕੀਤੀ ਗਈ ਅਤੇ ਵਿੱਤ ਮੰਤਰੀ ਸ੍ਰੀ ਚੀਮਾਂ ਨਾਲ ਹੋਈਆਂ ਤਿੰਨ ਮੀਟਿੰਗਾਂ ਲਿੱਪਾ ਪੋਚੀ ਤੱਕ ਹੀ ਮਹਿਦੂਦ ਰਹੀਆਂ ਸਨ। ਸਾਂਝੇ ਫਰੰਟ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਤੁਰੰਤ ਦੁੱਗਣਾ ਵਾਧਾ ਕੀਤਾ ਜਾਵੇਗਾ, ਪਹਿਲੀ ਕੈਬਨਿਟ ਮੀਟਿੰਗ ਵਿੱਚ ਸਮੂਹ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ, ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕੀਤੀ ਜਾਵੇਗੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਯਕਮੁਸ਼ਤ ਦਿੱਤੇ ਜਾਣਗੇ, ਪਰਖ ਕਾਲ ਸੰਬੰਧੀ 15-01-2015 ਅਤੇ 09-07-2016 ਦੇ ਨੋਟੀਫਿਕੇਸ਼ਨ ਰੱਦ ਕੀਤੇ ਜਾਣਗੇ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ‘ਤੇ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣਗੇ, ਪੇਂਡੂ ਭੱਤਾ, ਸਫਰੀ ਭੱਤਾ, ਤੇਲ ਭੱਤਾ ਅਤੇ ਬਾਰਡਰ ਏਰੀਆ ਭੱਤੇ ਸਮੇਤ ਕੱਟੇ ਗਏ 37 ਕਿਸਮਾਂ ਦੇ ਭੱਤੇ ਅਤੇ ਏ.ਸੀ.ਪੀ. ਆਦਿ ਬਹਾਲ ਕੀਤੇ ਜਾਣਗੇ। ਪ੍ਰੰਤੂ ਉਕਤ ਸਾਰੀਆਂ ਮੰਗਾਂ ‘ਤੇ ਭਗਵੰਤ ਮਾਨ ਸਰਕਾਰ ਵੱਲੋਂ ਮੁਕੰਮਲ ਚੁੱਪੀ ਧਾਰੀ ਹੋਈ ਹੈ, ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਅਤੇ ਗੁੱਸਾ ਹੈ। ਉਹਨਾ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 01-01-2016 ਤੋਂ ਪੈਨਸ਼ਨਰਾਂ ਲਈ 113% ਡੀ.ਏ. ਦੀ ਬਜਾਏ 119% ਡੀ.ਏ. ਦੇ ਅਧਾਰ ‘ਤੇ ਪੈਨਸ਼ਨ ਦੁਹਰਾਈ ਕਰਨ ਦੇ ਫੈਸਲੇ ਨੂੰ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਤੇ ਤੁਰੰਤ ਲਾਗੂ ਕਰਨਾ ਬਣਦਾ ਹੈ ਜਦਕਿ ਸਾਂਝੇ ਫਰੰਟ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਲਈ 01-01-2016 ਨੂੰ 125% ਡੀ.ਏ. ਅਨੁਸਾਰ ਗੁਣਾਂਕ ਤਹਿ ਕਰਨ ਦੀ ਮੰਗ ਕੀਤੀ ਗਈ ਹੈ। ਕਨਵੈਨਸ਼ਨ ਵਿੱਚ ਰਹਿੰਦੇ 8% ਮਹਿੰਗਾਈ ਭੱਤੇ ਦੀਆਂ ਦੋ ਕਿਸ਼ਤਾਂ ਅਤੇ ਰਹਿੰਦੇ ਪਿਛਲੇ ਬਕਾਏ ਦੇਣ ਦੀ ਮੰਗ ਕੀਤੀ ਗਈ। ਕਨਵੈਨਸ਼ਨ ਵਿੱਚ ਮਹਿਸੂਸ ਕੀਤਾ ਗਿਆ ਕਿ ਪੰਜਾਬ ਸਰਕਾਰ ਵਿਰੁੱਧ ਸਾਂਝੇ ਫਰੰਟ ਵੱਲੋਂ ਤਿੱਖਾ ਸੰਘਰਸ਼ ਲੜਨ ਦੀ ਲੋੜ ਹੈ, ਜਿਸ ਤਹਿਤ 10 ਸਤੰਬਰ ਤੋਂ 24 ਸਤੰਬਰ ਤੱਕ ਪੰਜਾਬ ਦੇ ਚਾਰ ਮੰਤਰੀਆਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਸਬੰਧੀ 10 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ.,17 ਸਤੰਬਰ ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, 24 ਸਤੰਬਰ ਨੂੰ ਜਲੰਧਰ ਵਿਖੇ ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ 24 ਸਤੰਬਰ ਨੂੰ ਹੀ ਮਲੋਟ ਵਿਖੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ। ਕਨਵੈਨਸ਼ਨ ਵਿੱਚ ਸਾਂਝੇ ਫਰੰਟ ਵੱਲੋਂ 14 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸੂਬਾਈ ਰੈਲੀ ਕਰਨ ਦੇ ਐਲਾਨ ਵੀ ਕੀਤਾ ਗਿਆ। ਕਨਵੈਨਸ਼ਨ ਵਿੱਚ ਤੀਰਥ ਸਿੰਘ ਬਾਸੀ, ਹਰਿੰਦਰ ਦੁਸਾਂਝ, ਸੁਰਿੰਦਰ ਰਾਮ ਕੁੱਸਾ, ਸੁਰਿੰਦਰ ਪੁਆਰੀ, ਕੁਲਵਰਨ ਸਿੰਘ, ਧਨਵੰਤ ਸਿੰਘ ਭੱਠਲ, ਬੀ.ਐਸ.ਸੈਣੀ, ਨਰਿੰਦਰ ਬੱਲ, ਰਣਵੀਰ ਸਿੰਘ ਉੱਪਲ, ਐਨ.ਡੀ. ਤਿਵਾੜੀ, ਗੁਰਮੁਖ ਸਿੰਘ ਬਾਬਾ, ਕਰਮ ਚੰਦ ਭਾਰਦਵਾਜ, ਜਗਤਾਰ ਸਿੰਘ ਭੁਗਰਨੀ, ਗੁਰਜੀਤ ਸਿੰਘ ਮੱਲ੍ਹੀ, ਮਨਦੀਪ ਕੌਰ ਬਿਲਗਾ, ਗੁਰਦੀਪ ਸਿੰਘ ਬਾਜਵਾ, ਮਦਨ ਗੋਪਾਲ, ਹਰਜੀਤ ਸਿੰਘ ਫ਼ਤਹਿਗੜ੍ਹ, ਅਮਰੀਕ ਸਿੰਘ ਕੰਗ, ਜਸਵਿੰਦਰ ਸਿੰਘ ਉੱਗੀ, ਨਵਪ੍ਰੀਤ ਬੱਲੀ, ਸੁਖਵਿੰਦਰ ਸਿੰਘ ਚਾਹਲ, ਸ਼ਿਵ ਕੁਮਾਰ ਤਿਵਾੜੀ, ਪਰਵਿੰਦਰ ਸਿੰਘ ਅਤੇ ਜਰਨੈਲ ਸਿੰਘ ਸਿੱਧੂ ਆਦਿ ਨੇ ਵੀ ਸੰਬੋਧਨ ਕੀਤਾ।