ਫਿਰੋਜ਼ਪੁਰ, 25 ਅਗਸਤ 2023.
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹੋਏ ਫ਼ਸਲਾਂ, ਜਾਨੀ ਤੇ ਮਾਲੀ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਮਿਲਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਰਾਸ਼ੀ ਵਜੋਂ ਫਿਰੋਜ਼ਪੁਰ ਜ਼ਿਲ੍ਹੇ ਨੂੰ ਹੁਣ ਤੱਕ 22 ਕਰੋੜ ਰੁਪਏ ਮਿਲੇ ਹਨ ਜੋ ਪਾਰਦਰਸ਼ੀ ਢੰਗ ਨਾਲ ਆਮ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਵਜੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਉਨ੍ਹਾਂ ਦੇ ਮਾਲ ਵਿਭਾਗ ਦੇ ਅਧਿਕਾਰੀ ਪਹੁੰਚੇ ਹੋਏ ਹਨ ਅਤੇ ਨੁਕਸਾਨ ਦਾ ਜਾਇਜ਼ਾ ਲੈ ਕੇ ਬਣਦਾ ਯੋਗ ਮੁਆਵਜ਼ਾ ਦੇਣ ਲਈ ਅਗਲੇਰੀ ਕਾਰਵਾਈ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਰਾਜ਼ੇਸ ਧੀਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਜੰਗੀ ਪੱਧਰ ਤੇ ਹੜ੍ਹਾਂ ਦੇ ਪਾਣੀ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨੁਕਸਾਨ ਦਾ ਮੁਆਇਨਾ ਕਰਨ ਦੇ ਕੰਮ ਵਿੱਚ ਕੋਈ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਹਰੇਕ ਪੀੜ੍ਹਤ ਕਿਸਾਨ ਨੂੰ ਨੁਕਸਾਨ ਦੇ ਹਿਸਾਬ ਨਾਲ ਬਣਦਾ ਯੋਗ ਮੁਆਵਜ਼ਾ ਮੁਹੱਈਆ ਕਰਵਾੲਆ ਜਾਵੇ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਰਕਮ ਕਿਸਾਨ ਦੇ ਬੈਂਕ ਖਾਤੇ ਵਿੱਚ ਪਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਡਟ ਕੇ ਲੋਕਾਂ ਨਾਲ ਖੜ੍ਹਾ ਹੈ ਅਤੇ ਸਮੁੱਚੇ ਨੁਕਸਾਨ ਬਣਦਾ ਯੋਗ ਮੁਆਵਜ਼ਾ ਦੇਵੇਗਾ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਅਤੇ ਉਹ ਫੀਲਡ ਵਿੱਚ ਜਾ ਕੇ ਹਰੇਕ ਕਿਸਾਨ ਦੇ ਹੋਏ ਨੁਕਸਾਨ ਨੂੰ ਰਜਿਸਟਰ ਵਿੱਚ ਦਰਜ ਕਰਕੇ ਬਣਦਾ ਯੋਗ ਮੁਆਵਜ਼ਾ ਦੇਣ ਲਈ ਕਾਰਵਾਈ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੀੜ੍ਹਤ ਨੂੰ ਕਿਸੇ ਤਰ੍ਹਾਂ ਦੀ ਕੋਈ ਸ਼ਕਾਇਤ ਹੈ ਕਿ ਉਸ ਨੂੰ ਮੁਆਵਜ਼ਾ ਨਹੀਂ ਮਿਲਿਆ ਤਾਂ ਉਹ ਸਬੰਧਤ ਐਸ.ਡੀ.ਐਮ. ਕੋਲ ਪਹੁੰਚ ਕੇ ਆਪਣਾ ਪੱਖ ਰੱਖ ਸਕਦੇ ਹਨ।
ਉਨ੍ਹਾਂ ਕਿਹਾ ਕਿ ਉਹ ਖੁਦ ਵੀ ਲਗਾਤਾਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਦੌਰਾ ਕਰ ਰਹੇ ਹਨ ਅਤੇ ਹੋਏ ਨੁਕਸਾਨ ਦਾ ਮੰਜ਼ਰ ਉਨ੍ਹਾਂ ਦੇ ਸਾਹਮਣੇ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀ ਕਾਹਲੀ ਨਾ ਕਰਨ ਹਰੇਕ ਵਿਅਕਤੀ ਨੂੰ ਜਿਨ੍ਹਾਂ ਉਸ ਦਾ ਨੁਕਸਾਨ ਹੋਇਆ ਹੈ ਉਸ ਹਿਸਾਬ ਨਾਲ ਬਣਦਾ ਯੋਗ ਮੁਆਵਜ਼ਾ ਜ਼ਰੂਰ ਦਿੱਤਾ ਜਾਵੇਗਾ।