ਫ਼ਿਰੋਜ਼ਪੁਰ, 25 ਅਗਸਤ 2023:
ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਲਈ ਅਹਿਮ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਜ਼ਿਲ੍ਹੇ ਅੰਦਰ 26 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿੱਥੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਮੈਡੀਕਲ ਸਹੂਲਤਾਂ ਉਪਲੱਬਧ ਕਰਾਈਆਂ ਜਾਂਦੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਜ਼ਰੂਰੀ ਦਵਾਈਆਂ ਅਤੇ ਟੈਸਟਾਂ ਦੀ ਸੁਵਿਧਾ ਬਿਲਕੁਲ ਮੁਫ਼ਤ ਉਪਲੱਬਧ ਕਰਾਈ ਜਾਂਦੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਦੌਰਾ ਕਰਕੇ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਅਤੇ ਸਿਹਤ ਅਮਲੇ ਨਾਲ ਗੱਲਬਾਤ ਕਰਨ ਉਪਰੰਤ ਕੀਤਾ। ਇਸ ਦੌਰਾਨ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਤਹਿਤ ਅੱਜ ਉਨ੍ਹਾਂ ਵੱਲੋਂ ਆਮ ਆਦਮੀ ਕਲਿਨਿਕਾਂ ਦਾ ਦੌਰਾ ਕਰਕੇ ਇਨ੍ਹਾਂ ਦੀ ਕਾਰਜ ਪ੍ਰਣਾਲੀ ਦਾ ਮੁਆਇਨਾ ਕੀਤਾ ਗਿਆ ਅਤੇ ਜਿੱਥੇ ਕੋਈ ਘਾਟ ਪਾਈ ਗਈ ਉਸ ਨੂੰ ਤੁਰੰਤ ਪੂਰਾ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਮਰੀਜਾਂ ਨਾਲ ਗੱਲਬਾਤ ਵੀ ਕੀਤੀ ਅਤੇ ਸੇਵਾਵਾਂ ਬਾਰੇ ਪੁੱਛਿਆ ਜਿਸ ਤੇ ਮਰੀਜਾਂ ਵੱਲੋਂ ਸੰਤੁਸ਼ਟੀ ਜਾਹਰ ਕੀਤੀ ਗਈ।
ਡੀ.ਸੀ. ਸ੍ਰੀ ਧੀਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕੁਆਲੀਫਾਈਡ ਡਾਕਟਰਾਂ ਵੱਲੋਂ ਮੁਫਤ ਸਿਹਤ ਸਹੂਲਤਾਂ, ਲੈਬ ਟੈਸਟ ਅਤੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਸਿਵਲ ਹਸਪਤਾਲਾਂ ਵਿੱਚ ਡਾਕਟਰਾਂ ਕੋਲ ਸਾਧਾਰਨ ਰੋਗਾਂ ਦੇ ਮਰੀਜਾਂ ਦੀ ਭੀੜ ਨੂੰ ਘੱਟ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਆਮ ਬੀਮਾਰੀ ਲਈ ਵੱਡੇ ਹਸਪਤਾਲਾਂ ਵਿੱਚ ਨਾ ਜਾਣਾ ਪਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ‘ਤੇ ਕੁੱਲ 41 ਕਿਸਮ ਦੇ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਬੀ.ਪੀ., ਸ਼ੂਗਰ, ਚਮੜੀ ਦੀਆਂ ਬਿਮਾਰੀਆਂ, ਵੱਖ-ਵੱਖ ਮੌਸਮ ਦੌਰਾਨ ਫੈਲਦੀਆਂ ਬਿਮਾਰੀਆਂ ਜਿਵੇਂ ਵਾਇਰਲ ਬੁਖਾਰ ਦੀਆਂ ਦਵਾਈਆਂ ਦਿੱਤੀਆਂ ਜਾਂਦੀਆਂ ਹਨ।