ਜ਼ੀਰਾ/ ਫਿਰੋਜ਼ਪੁਰ 28 ਅਗਸਤ ( ਗੁਰਪ੍ਰੀਤ ਸਿੰਘ ਸਿੱਧੂ) –ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਪ੍ਰਭਾਰੀ ਸਿਵਲ ਸਰਜਨ ਡਾ ਮੀਨਾਕਸ਼ੀ ਅਬਰੋਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਲਈ ਮੁਫ਼ਤ ਮੈਡੀਕਲ ਕੈਂਪ ਤੋਂ ਇਲਾਵਾ ਬੀਮਾਰਾਂ ਦੀ ਘਰਾਂ ‘ਚ ਜਾ ਕੇ ਵੀ ਇਲਾਜ ਕੀਤਾ ਜਾ ਰਿਹਾ ਹੈ। ਫਿਰੋਜ਼ਪੁਰ ਦੇ ਪਿੰਡ ਧੀਰਾ ਘਾਰਾ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਨਿਰਮਲ ਸਿੰਘ ਜਿਸ ਦਾ ਦੋ ਮਹੀਨੇ ਪਹਿਲਾਂ ਐਕਸੀਡੈਂਟ ਹੋ ਗਿਆ ਸੀ, ਅਤੇ ਉਹ ਬਲੱਡ ਪ੍ਰੈਸ਼ਰ ਦਾ ਮਰੀਜ ਹੈ, ਦੇ ਘਰ ਜਾ ਕੇ ਉਸ ਦਾ ਚੈੱਕਅਪ ਕਰ ਕੇ ਦਵਾਈ ਦਿੱਤੀ ਗਈ। ਇਸ ਤੋਂ ਇਲਾਵਾ ਪਿੰਡ ਦੇ ਸਕੂਲ ਵਿਚ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿਚ 100 ਤੋਂ ਵੱਧ ਲੋਕਾਂ ਦਾ ਚੈੱਕਅਪ ਕੀਤਾ ਗਿਆ। ਇਸ ਕੈਂਪ ਦੌਰਾਨ ਸੀ.ਐਚ.ਓ. ਪ੍ਰਤਿਭਾ, ਰੇਨੂ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ ਨੇ ਸੇਵਾਵਾਂ ਦਿੱਤੀਆਂ।