ਦਲਜੀਤ ਕੌਰ
ਸੰਗਰੂਰ, 31 ਅਗਸਤ, 2023: ਜਮਹੂਰੀ ਅਧਿਕਾਰ ਸਭਾ ਨੇ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਨੂੰ ਹੜਤਾਲ ਕਰਨ ਕਾਰਨ ਉਹਨਾਂ ਦੀਆਂ ਨੌਕਰੀਆਂ ਖਤਮ ਕਰਨ ਦੀਆਂ ਦਿੱਤੀਆਂ ਜਾ ਰਹੀਆਂ ਧਮਕੀਆਂ ਅਤੇ ਐਸਮਾ ਵਰਗੇ ਕਾਲੇ ਕਾਨੂੰਨ ਲਾਗੂ ਕਰਨ ਦੇ ਜਾਰੀ ਕੀਤੇ ਹੁਕਮਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਇਹਨਾਂ ਹੁਕਮਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।
ਜਥੇਬੰਦੀ ਦੀ ਜ਼ਿਲ੍ਹਾ ਇਕਾਈ ਸੰਗਰੂਰ ਦੇ ਪ੍ਰਧਾਨ ਸਵਰਨਜੀਤ ਸਿੰਘ ਸਕੱਤਰ ਕੁਲਦੀਪ ਸਿੰਘ ਅਤੇ ਪ੍ਰੈੱਸ ਸਕੱਤਰ ਜੁਝਾਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਮੰਗਾਂ ਨੂੰ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਦੀ ਥਾਂ ਉਨ੍ਹਾਂ ਦੇ ਸੰਘਰਸ਼ ਕਰਨ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕਰਕੇ ਜ਼ਬਰ ਕਰਨ ਦੇ ਰਾਹ ਪੈ ਗਈ ਹੈ। ਉਹਨਾਂ ਕਿਹਾ ਕਿ ਵੱਖ-ਵੱਖ ਮੁਲਾਜ਼ਮ ਮਜ਼ਦੂਰ ਕਿਸਾਨ ਅਤੇ ਹੋਰ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਮਸਲਿਆਂ ਦੇ ਹੱਲ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਪੰਜਾਬ ਜਥੇਬੰਦੀਆਂ ਨੂੰ ਮੀਟਿੰਗਾਂ ਲਈ ਸਮਾਂ ਦੇ ਕੇ ਵੀ ਉਹਨਾਂ ਨਾਲ ਗੱਲਬਾਤ ਕਰਨ ਤੋਂ ਭੱਜ ਰਿਹਾ ਹੈ। ਜਿਸ ਕਾਰਨ ਜਥੇਬੰਦੀਆਂ ਨੂੰ ਹੜਤਾਲ ਕਰਨ ਵਰਗੇ ਐਕਸ਼ਨ ਦੇਣ ਲਈ ਮਜਬੂਰ ਕੀਤਾ ਗਿਆ ਹੈ। ਜਥੇਬੰਦੀਆਂ ਨਾਲ ਗੱਲਬਾਤ ਕਰਕੇ ਮਸਲਿਆਂ ਦਾ ਹੱਲ ਕਰਨ ਦੀ ਥਾਂ ਸਰਕਾਰੀ ਜ਼ਬਰ ਨਾਲ ਚੁੱਪ ਕਰਵਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਪੰਜਾਬ ਸਰਕਾਰ ਨੂੰ ਟਕਰਾਅ ਦਾ ਰਸਤਾ ਛੱਡ ਕੇ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਕਰਨ ਦੀ ਅਪੀਲ ਕਰਦਿਆਂ ਸਮੂਹ ਪੰਜਾਬੀਆਂ ਨੂੰ ਸਰਕਾਰ ਦੀਆਂ ਇਹਨਾਂ ਜਾਬਰ ਕਾਰਵਾਈਆਂ ਖਿਲਾਫ ਇਕਜੁੱਟ ਸੰਘਰਸ਼ ਕਰਨ ਦਾ ਸੱਦਾ ਦਿੱਤਾ ਹੈ।