ਦਲਜੀਤ ਕੌਰ
ਸੰਗਰੂਰ, 31 ਅਗਸਤ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅੱਜ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੁਸਾਇਟੀ ਦੀ ਮੀਟਿੰਗ ਦੌਰਾਨ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਸਹੀ ਇਲਾਜ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਨਸ਼ਿਆਂ ਦਾ ਅੱਤਵਾਦ ਵੱਡੀ ਚੁਣੌਤੀ ਬਣਿਆ ਹੋਇਆ ਹੈ ਜਿਸ ਨੂੰ ਯੋਜਨਾਬੱਧ ਢੰਗ ਨਾਲ ਠੱਲ੍ਹ ਪਾਉਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਪੈਣ ਤੋਂ ਰੋਕਣ ਲਈ ਮਿਆਰੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਨੂੰ ਜ਼ਿਲ੍ਹਾ ਸੰਗਰੂਰ ਅੰਦਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਨਸ਼ਾ ਛੁਡਾਊ ਕੇਂਦਰਾਂ ਦੇ ਨਾਲ-ਨਾਲ ਓਟ ਕੇਂਦਰਾਂ ਰਾਹੀਂ ਵੀ ਕਿਸੇ ਮਜਬੂਰੀਵਸ ਜਾਂ ਗੁੰਮਰਾਹ ਹੋ ਕੇ ਨਸ਼ਿਆਂ ਦੇ ਸੇਵਨ ਦੇ ਆਦੀ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ‘ਚ ਲਿਆਉਣ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦੇ ਕੰਮ-ਕਾਜ ਨੂੰ ਸਹੀ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਨਿਯਮਤ ਤੌਰ ਤੇ ਇਨ੍ਹਾਂ ਦੀ ਸਮੀਖਿਆ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਬੁਨਿਆਦੀ ਢਾਂਚੇ ਵਿੱਚ ਲੋੜੀਂਦੇ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਚੰਗੀਆਂ ਸਿਹਤ ਸੁਵਿਧਾਵਾਂ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਐੱਸ.ਡੀ.ਐੱਮ. ਸੰਗਰੂਰ ਨਵਰੀਤ ਕੌਰ ਸੇਖੋਂ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ ਸਮੇਤ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੁਸਾਇਟੀ ਦੇ ਵੱਖ-ਵੱਖ ਮੈਂਬਰ ਹਾਜ਼ਰ ਸਨ।