Home » ਬੀ ਐੱਡ ਟੈੱਟ ਪਾਸ ਬੇਰੁਜ਼ਗਾਰਾਂ ਵੱਲੋਂ ਅਧਿਆਪਕ ਦਿਵਸ ‘ਤੇ 5 ਸਤੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਬੀ ਐੱਡ ਟੈੱਟ ਪਾਸ ਬੇਰੁਜ਼ਗਾਰਾਂ ਵੱਲੋਂ ਅਧਿਆਪਕ ਦਿਵਸ ‘ਤੇ 5 ਸਤੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

by Rakha Prabh
10 views
ਦਲਜੀਤ ਕੌਰ
ਸੰਗਰੂਰ/ਚੰਡੀਗੜ੍ਹ, 2 ਸਤੰਬਰ, 2023: ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ (ਪੰਜਾਬ) ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਨੇ 5 ਸਤੰਬਰ ਨੂੰ ਅਧਿਆਪਕ ਦਿਵਸ ਦੇ ਮੌਕੇ ‘ਤੇ ਸੰਗਰੂਰ ਵਿਖੇ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਦਾ ਐਲਾਨ ਕਰ ਦਿੱਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਪੱਕਾ ਅਤੇ ਸੀਨੀਅਰ ਮੀਤ ਪ੍ਰਧਾਨ ਅਮਨਦੀਪ ਸਿੰਘ ਸੇਖਾ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ ਸਰਕਾਰ ਦੇ ਨੁਮਾਇੰਦੇ ਉਹਨਾਂ ਦੇ ਧਰਨਿਆਂ ਵਿੱਚ ਸ਼ਿਰਕਤ ਕਰਦੇ ਸੀ ਤੇ ਕਹਿੰਦੇ ਸੀ ਕਿ ਤੁਹਾਡੀਆਂ ਮੰਗਾਂ ਜਾਇਜ਼ ਨੇ ਤੇ ਸਾਡੀ ਸਰਕਾਰ ਆਉਣ ਤੇ ਤੁਹਾਡੀਆਂ ਮੰਗਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ, ਪਰ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਤਾਂ ਮੰਗਾਂ ਦਾ ਹੱਲ ਕਰਨਾ ਤਾਂ ਦੂਰ ਦੀ ਗੱਲ ਸਿੱਖਿਆ ਮੰਤਰੀ ਹਰਜੋਤ ਬੈਂਸ ਉਹਨਾਂ ਦੀਆਂ ਮੰਗਾਂ ਸੁਣਨਾ ਵੀ ਪਸੰਦ ਨਹੀਂ ਕਰਦੇ। ਆਮ ਆਦਮੀ ਪਾਰਟੀ ਦੀ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਰਿਟਾਇਰ ਮੁਲਾਜ਼ਮਾਂ ਨੂੰ ਦੁਬਾਰਾ ਨੌਕਰੀ ਦੇਣ ਤੇ ਤੁਲੀ ਹੋਈ ਹੈ ਅਤੇ ਬੇਰੁਜ਼ਗਾਰਾਂ ਦੀਆਂ ਚੱਲ ਰਹੀਆਂ ਭਰਤੀਆਂ ਨੂੰ ਨਵੇਂ ਨਵੇਂ ਨਿਯਮ ਲਾਗੂ ਕਰਕੇ ਰੱਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਜੱਥੇਬੰਦੀ ਇਹਨਾਂ ਦੇ ਕੰਮਾਂ ਦੀ ਵਿਰੋਧ ਕਰਦੀ ਹੈ ਤਾਂ ਇਹ ਉਸ ਤੇ ਐਸਮਾ ਵਰਗੇ ਕਾਲੇ ਕਾਨੂੰਨ ਲਾਕੇ ਕੇ ਉਹਨਾਂ ਦੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਹੈ।
ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਹਨ ਕਿ ਮਾਸਟਰ ਕੇਡਰ ਦੀ ਭਰਤੀ ਲਈ ਗਰੈਜੂਏਸ਼ਨ ਵਿੱਚੋਂ ਲਗਾਈ ਗਈ 55% ਦੀ ਬੇਤੁੱਕੀ ਸ਼ਰਤ ਨੂੰ ਹਟਾਕੇ ਸਰਕਾਰ ਜਲਦ ਮਾਸਟਰ ਕੇਡਰ ਦੀ ਵੱਡੀ ਗਿਣਤੀ ਵਿੱਚ ਭਰਤੀ ਕਰੇ। ਉਹਨਾਂ ਦੱਸਿਆ ਕਿ ਪੰਜਾਬ ਦੇ ਅਨੇਕਾਂ ਸਰਕਾਰੀ ਸਕੂਲ ਅਧਿਆਪਕਾਂ ਦੀ ਕਮੀ ਨਾਲ ਜੂਝ ਰਹੇ ਹਨ ਤੇ ਬਹੁ-ਗਿਣਤੀ ਬੇਰੁਜ਼ਗਾਰ ਅਧਿਆਪਕ ਸੜਕਾਂ ਤੇ ਰੁੱਲ ਰਹੇ ਹਨ। ਉਹਨਾਂ ਦੱਸਿਆ ਕਿ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਪਿਛਲੇ ਦਿਨੀਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇੱਕ ਸਕੂਲ ਵਿੱਚ ਮਾਰੀ ਗਈ ਰੇਡ ਦੇ ਦੌਰਾਨ ਵੀ ਸਾਹਮਣੇ ਆਈ ਹੈ। ਜਿੱਥੇ 24 ਅਧਿਆਪਕਾਂ ਦੀ ਲੋੜ ਹੈ ਪਰ ਉੱਥੇ ਸਿਰਫ਼ 12 ਅਧਿਆਪਕ ਹੀ ਸਨ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਸਰਕਾਰ ਉਹਨਾਂ ਦੀਆਂ ਜਾਇਜ਼ ਮੰਗਾਂ ਜਿਵੇਂ ਕਿ ਨੌਕਰੀ ਲਈ ਗਰੈਜੂਏਸ਼ਨ ਵਿੱਚੋਂ ਰੱਖੀ ਗਈ 55% ਦੀ ਸ਼ਰਤ ਨੂੰ ਮੁੱਢੋਂ ਰੱਦ ਕੀਤਾ ਜਾਵੇ ਕਿਉਂਕਿ ਬੀ.ਐੱਡ ਦਾ ਦਾਖਲਾ ਹੁਣ ਵੀ 45-50% ਤੇ ਹੋ ਰਿਹਾ ਹੈ। ਦੂਜੀ ਗੱਲ ਅਧਿਆਪਕਾਂ ਦੀ ਭਰਤੀ ਸਮੇਂ ਮਾਸਟਰ ਕੇਡਰ ਦੇ ਪੇਪਰ ਦੇ ਅਧਾਰ ਤੇ ਹੀ ਮੈਰਿਟ ਬਣਦੀ ਹੈ ਨਾ ਕਿ ਗਰੈਜੂਏਸ਼ਨ ਦੀ। ਇਸ ਲਈ ਜੇ ਪੰਜਾਬ ਸਰਕਾਰ 55% ਦੀ ਸ਼ਰਤ ਨੂੰ ਰੱਦ ਨਹੀਂ ਕਰਦੀ ਤਾਂ ਉਹਨਾਂ ਦੇ ਬਹੁ-ਗਿਣਤੀ ਸਾਥੀਆਂ ਦੀਆਂ ਡਿਗਰੀਆਂ ਰੱਦੀ ਹੋ ਜਾਣਗੀਆਂ। ਇਸ ਲਈ 55% ਦੀ ਸ਼ਰਤ ਰੱਦ ਕਰਕੇ ਜਲਦ ਵੱਡੇ ਪੱਧਰ ਤੇ ਅਧਿਆਪਕਾਂ ਦੀ ਭਰਤੀ ਕੱਢੀ ਜਾਵੇ ਤਾਂ ਜੋ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਕੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਦੂਜਾ ਲੈਕਚਰਾਰ ਦੀ ਭਰਤੀ ਵਿੱਚ ਸਮਾਜਿਕ ਸਿੱਖਿਆ ਦੇ ਵਿਸ਼ੇ ਨੂੰ ਸ਼ਾਮਿਲ ਕੀਤਾ ਜਾਵੇ।
ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਇਹ ਜਾਇਜ਼ ਮੰਗਾਂ ਤੁਰੰਤ ਨਹੀ ਮੰਨੀਆਂ ਗਈਆਂ ਤਾਂ ਉਹ ਵੱਡੀ ਗਿਣਤੀ ਨਾਲ 5 ਸਤੰਬਰ ਨੂੰ ਅਧਿਆਪਕ ਦਿਵਸ ਦੇ ਮੌਕੇ ਤੇ ਸੰਗਰੂਰ ਵਿਖੇ ਸਥਿਤ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ।

Related Articles

Leave a Comment