Home » ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ

by Rakha Prabh
13 views
ਦਲਜੀਤ ਕੌਰ
ਸੰਗਰੂਰ, 8 ਸਤੰਬਰ, 2023: ਮਾਸਿਕ ਪ੍ਰਗਤੀ ਮੀਟਿੰਗ ਦੌਰਾਨ ਮਾਲ ਵਿਭਾਗ ਦੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਬਕਾਇਆ ਮਾਮਲਿਆਂ ਨੂੰ ਤਰਜੀਹੀ ਆਧਾਰ ’ਤੇ ਨਿਪਟਾਉਣ ਦੇ ਆਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਇੰਤਕਾਲ ਦੇ ਮਾਮਲਿਆਂ, ਜਮ੍ਹਾਂਬੰਦੀ, ਕੋਰਟ ਕੇਸਾਂ, ਨਿਸ਼ਾਨਦੇਹੀ, ਸਟੈਂਪ ਡਿਊਟੀ, ਚੌਕੀਦਾਰਾ ਟੈਕਸ ਸਮੇਤ ਹੋਰ ਮਾਮਲਿਆਂ ਬਾਰੇ ਵਿਸਥਾਰ ਵਿੱਚ ਅਧਿਕਾਰੀਆਂ ਤੋਂ ਜਾਇਜ਼ਾ ਲਿਆ । ਉਨ੍ਹਾਂ ਨੇ ਹੜ੍ਹਾਂ ਕਾਰਨ ਹੋਏ ਖਰਾਬੇ ਦੀ ਮੁਆਵਜ਼ਾ ਰਾਸ਼ੀ ਦੀ ਵੰਡ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਸਮੂਹ ਸਰਕਲ ਰੈਵੇਨਿਊ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀ ਕੇਸਾਂ ਨੂੰ ਆਪਸੀ ਤਾਲਮੇਲ ਨਾਲ ਜਲਦੀ ਨੇਪਰੇ ਚੜ੍ਹਾਇਆ ਜਾਵੇ। ‘ਮੇਰਾ ਘਰ ਮੇਰੇ ਨਾਮ’ ਸਕੀਮ ਨੂੰ ਸਮੂਹ ਸਬ ਡਵੀਜਨਾਂ ਵਿੱਚ ਲਾਗੂ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਉਨ੍ਹਾਂ ਨੇ ਅਧਿਕਾਰੀਆਂ ਤੋਂ ਜਾਇਜ਼ਾ ਲਿਆ ਅਤੇ ਸਰਕਾਰ ਵੱਲੋਂ ਇਸ ਸਬੰਧੀ ਜਾਰੀ ਹਦਾਇਤਾਂ ਮੁਤਾਬਕ ਨਿਰਧਾਰਿਤ ਸਮੇਂ ਅੰਦਰ ਸਕੀਮ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ 9 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਲੱਗਣ ਵਾਲੇ ਕੇਸਾਂ ਦਾ ਨਿਪਟਾਰਾ ਕਰਵਾਉਣ ਸਬੰਧੀ ਵੀ ਦਿਸ਼ਾ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ ਸਮੇਤ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Comment