Home » ਡਿਪਟੀ ਕਮਿਸ਼ਨਰ ਨੇ “ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਡਿਪਟੀ ਕਮਿਸ਼ਨਰ ਨੇ “ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

by Rakha Prabh
10 views
ਦਲਜੀਤ ਕੌਰ
ਸੰਗਰੂਰ, 8 ਸਤੰਬਰ, 2023 : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵਲੋਂ ਸ਼ੁਰੂ ਕੀਤੀ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਡੇਂਗੂ ਬਾਰੇ ਜਾਗਰੁਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਸਿਵਲ ਸਰਜਨ ਡਾ. ਪਰਮਿੰਦਰ ਕੌਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ ਤੇ ਹਰ ਸ਼ੁੱਕਰਵਾਰ ਪਾਣੀ ਖੜ੍ਹਾ ਹੋਣ ਵਾਲੇ ਬਰਤਨਾਂ ਆਦਿ ਨੂੰ ਖਾਲੀ ਕਰਨਾ ਯਕੀਨੀ ਬਣਾਇਆ ਜਾਵੇ।
ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਫੀਵਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਜਾਗਰੂਕਤਾ ਸਮਗਰੀ ਵੀ ਵੰਡੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ ਨਰਸਿੰਗ ਕਾਲਜ ਦੇ ਸਿਖਿਆਰਥਿਆਂ ਦੀਆਂ ਟੀਮਾਂ ਬਣਾਕੇ , ਉਨ੍ਹਾਂ ਨੂੰ ਸੁਚੇਤ ਕੀਤਾ ਗਿਆ ਅਤੇ ਸਿਹਤ ਕਰਮਚਾਰੀਆਂ ਸਮੇਤ ਇਹਨਾਂ ਟੀਮਾਂ ਦੁਆਰਾ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਆ ਤੋਂ ਬਚਣ ਲਈ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਤੇ ਇਸ ਮੌਸਮ ਦੌਰਾਨ ਆਪਣੇ ਕੂਲਰਾਂ ਵਿੱਚ ਪਾਣੀ ਦੀ ਵਰਤੋਂ ਕਰਨੀ ਬੰਦ ਕਰ ਦੇਣ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ, ਸਪਰੇਅ, ਮੱਛਰਦਾਨੀ ਆਦਿ ਦੀ ਵਰਤੋਂ ਕਰਨ ਅਤੇ ਪੂਰੇ ਸਰੀਰ ਨੂੰ ਢਕਣ ਵਾਲੇ ਕੱਪੜੇ ਪਹਿਨਣਾ ਯਕੀਨੀ ਬਣਾਉਣ । ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ ਹੋ ਜਾਵੇ ਤਾਂ ਉਹ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਕਿਉਂਕਿ ਡੇਂਗੂ ਦਾ ਇਲਾਜ ਅਤੇ ਟੈਸਟ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਕਰਨੈਲ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸਰੋਜ ਰਾਣੀ, ਸਹਾਇਕ ਮਲੇਰੀਆ ਅਫਸਰ ਮਲਕੀਤ ਸਿੰਘ, ਸਮੂਹ ਮਲਟੀਪਰਪਜ ਹੈਲਥ ਸੁਪਰਵਾਈਜ਼ਰ, ਸਮੂਹ ਮਲਟੀਪਰਪਜ ਹੈਲਥ ਵਰਕਰ, ਆਸ਼ਾ ਤੇ ਨਰਸਿੰਗ ਸਿਖਿਆਰਥਣਾਂ ਹਾਜ਼ਰ ਸਨ।

Related Articles

Leave a Comment