ਫ਼ਿਰੋਜ਼ਪੁਰ, 10 ਸਤੰਬਰ 2023.
ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ 12 ਸਤੰਬਰ 2023 ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਮੌਕੇ ਹੋਣ ਵਾਲੇ ਸੁਰੱਖਿਆ ਪ੍ਰਬੰਧਾਂ ਅਤੇ ਹੋਰ ਤਿਆਰੀਆਂ ਦਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸ੍ਰੀ ਦੀਪਕ ਹਿਲੌਰੀ ਵੱਲੋਂ ਜਾਇਜ਼ਾ ਲਿਆ ਗਿਆ। ਵਿਧਾਇਕ ਸ. ਭੁੱਲਰ ਨੇ ਦੱਸਿਆ ਕਿ ਇਸ ਵਾਰ ਵੀ ਪੰਜਾਬ ਸਰਕਾਰ ਵਲੋਂ ਇਸ ਸਮਾਗਮ ਨੂੰ ਰਾਜ ਪੱਧਰ ਤੇ ਮਨਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦੇ ਆਯੋਜਨ ਲਈ ਇਸ ਵਾਰ ਮੇਨ ਗਰਾਊਂਡ ਦੀ ਸਟੇਜ ਵਿੱਚ ਪੰਡਾਲ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 2 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ”ਸਾਰਾਗੜ੍ਹੀ ਵਾਰ ਮੈਮੋਰੀਅਲ” ਦਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 12 ਸਤੰਬਰ ਨੂੰ ਨੀਂਹ ਪੱਥਰ ਰੱਖਣਗੇ। ਉਨ੍ਹਾਂ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਆਦਰ ਸਹਿਤ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਤੇ ਸਿਵਲ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ। ਇਸ ਰਾਜ ਪੱਧਰੀ ਸਮਾਗਮ ਦੌਰਾਨ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ 12 ਸਤੰਬਰ ਵਾਲੇ ਦਿਨ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੀਣ ਵਾਲੇ ਪਾਣੀ, ਸਾਫ-ਸਫਾਈ, ਪਾਣੀ ਦਾ ਛਿੜਕਾਅ, ਅਸਥਾਈ ਪਖਾਨਿਆਂ ਦਾ ਪ੍ਰਬੰਧ, ਮੈਡੀਕਲ ਸਹੂਲਤਾਂ, ਲੰਗਰ ਦਾ ਪ੍ਰਬੰਧ, ਟ੍ਰੈਫਿਕ ਕੰਟਰੋਲ, ਪਾਰਕਿੰਗ ਅਤੇ ਬਿਜਲੀ ਸਪਲਾਈ ਆਦਿ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸ੍ਰੀ ਆਖੰਡ ਪਾਠ ਸਾਹਿਬ ਦਾ ਆਰੰਭ ਹੋ ਗਿਆ ਹੈ ਅਤੇ 12 ਸਤੰਬਰ ਦਿਨ ਮੰਗਲਵਾਰ ਸਵੇਰੇ 10:30 ਵਜੇ ਭੋਗ ਪਾਏ ਜਾਣਗੇ ਅਤੇ ਇਸ ਉਪਰੰਤ ਗੁਰਬਾਣੀ ਦਾ ਕੀਰਤਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਉਨ੍ਹਾਂ ਨੇ ਸਮੂਹ ਜ਼ਿਲ੍ਹਾਂ ਵਾਸੀਆ ਨੂੰ ਇਸ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਐਸ.ਐਸ.ਪੀ. ਸ੍ਰੀ ਦੀਪਕ ਹਿਲੌਰੀ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤਾ ਗਈ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਤਹਿਸੀਲਦਾਰ ਸ੍ਰੀ ਪ੍ਰਦੀਪ ਕੁਮਾਰ, ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਇੰਦਰਜੀਤ ਸਿੰਘ, ਕਰਨਲ ਸ੍ਰੀ ਸਚਿਨ ਕੁਮਾਰ, ਐਕਸੀਅਨ ਬੀ.ਐਸ.ਐਨ.ਐਲ. ਸ੍ਰੀ ਵਿਜੈ ਕੁਮਾਰ ਜਿੰਦਲ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਐਮ.ਈ. ਸ੍ਰੀ ਚਰਨਪਾਲ ਸਿੰਘ, ਰੱਖਿਆ ਸੇਵਾਵਾਂ ਭਲਾਈ ਦਫ਼ਤਰ ਤੋਂ ਸ੍ਰੀ ਅਮਰੀਕ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।