ਦਲਜੀਤ ਕੌਰ
ਚੰਡੀਗੜ੍ਹ, 11 ਸਤੰਬਰ, 2023: ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਛੁਟਕਾਰਾ ਦੁਆਉਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਹਜ਼ਾਰਾਂ ਅਧਿਆਪਕਾਂ ਨੂੰ ਬੀ.ਐੱਲ.ਓ. (ਬੂਥ ਲੈਵਲ ਅਫਸਰ) ਤੋਂ ਬਾਅਦ ਹੁਣ ਜ਼ਿਲ੍ਹਾ ਕਪੂਰਥਲਾ ਵਿੱਚ ਪਰਾਲੀ ਸਾੜਨ ਅਤੇ ਜ਼ਿਲ੍ਹਾ ਮਲੇਰਕੋਟਲਾ ਵਿਖੇ ਹੜ੍ਹਾਂ ਸਬੰਧੀ ਫਲੱਡ ਕੰਟਰੌਲ ਰੂਮ ਦੀਆਂ ਗੈਰ ਵਿੱਦਿਅਕ ਡਿਊਟੀ ‘ਤੇ ਤਾਇਨਾਤ ਕਰਨ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਇਸ ਸੰਬੰਧੀ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਦੇ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਤੋਂ ਪੂਰੀ ਤਰ੍ਹਾਂ ਛੁਟਕਾਰੇ ਐਲਾਨ ਝੂਠੇ ਹਨ ਅਤੇ ਸਰਕਾਰ ਦੇ ਅਜਿਹੇ ਫੈਸਲੇ ਨਾਲ ਸਿੱਖਿਆ ਨੂੰ ਪਹਿਲ ਦੇਣ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਹਨ। ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਪਹਿਲਾਂ ਹੀ ਵੱਡੀ ਘਾਟ ਹੈ। ਬਹੁਤ ਸਾਰੇ ਸਕੂਲ ਅਜਿਹੇ ਹਨ, ਜਿੱਥੇ ਇੱਕ ਵੀ ਅਧਿਆਪਕ ਪੱਕੇ ਤੌਰ ‘ਤੇ ਤਾਇਨਾਤ ਨਹੀਂ ਹੈ ਅਤੇ ਕਈ ਸਕੂਲ ਸਿੰਗਲ ਟੀਚਰ ਹਨ। ਅਜਿਹੇ ਵਿੱਚ ਜਦੋਂ 15 ਹਜ਼ਾਰ ਤੋਂ ਵਧੇਰੇ ਸਰਕਾਰੀ ਅਧਿਆਪਕ ਪਹਿਲਾ ਹੀ ਬੀ.ਐੱਲ.ਓ. ਡਿਊਟੀਆਂ ਨਿਭਾਅ ਰਹੇ ਹਨ, ਹੁਣ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ਹੋਰ ਅਧਿਆਪਕਾਂ ਨੂੰ ਇਸ ਗੈਰ ਵਿੱਦਿਅਕ ਡਿਊਟੀ ‘ਤੇ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਮੇਂ ਇਸ ਗੱਲ ਦਾ ਬਿਲਕੁਲ ਧਿਆਨ ਨਹੀਂ ਰੱਖਿਆ ਗਿਆ ਕਿ ਸਕੂਲਾਂ ਵਿੱਚ 11 ਸਤੰਬਰ ਤੋਂ ਟਰਮ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ। ਇਸ ਤਾਇਨਾਤੀ ਉਪਰੰਤ ਪਹਿਲਾਂ ਤੋਂ ਹੀ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਚੱਲਦੀ ਸਿੱਖਣ ਸਿਖਾਉਣ ਪ੍ਰਕ੍ਰਿਆ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।
ਡੀ ਟੀ ਐੱਫ ਦੇ ਸੂਬਾਈ ਆਗੂਆਂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਸਵਿੰਦਰ ਔਜਲਾ, ਰਘਵੀਰ ਭਵਾਨੀਗੜ੍ਹ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਤੋਂ ਲੈ ਕੇ ਵੱਖ-ਵੱਖ ਥਾਈਂ ਕੀਤੇ ਜਨਤਕ ਐਲਾਨਾਂ ਅਨੁਸਾਰ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਤੋਂ ਪੂਰੀ ਤਰ੍ਹਾਂ ਛੁਟਕਾਰਾ ਦਵਾ ਕੇ ਅਧਿਆਪਕਾਂ ਤੋਂ ਸਿਰਫ ਵਿੱਦਿਅਕ ਕੰਮ ਲਵੇ ਤਾਂ ਜੋ ਕੌਮ ਦਾ ਨਿਰਮਾਤਾ ਸਮਾਜ ਨਿਰਮਾਣ ਦੀ ਜਿੰਮੇਵਾਰੀ ਨੂੰ ਸਹੀ ਢੰਗ ਨਾਲ ਕਰ ਸਕੇ।