Home » ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਤੇ ਆਪ ਦੇ ਮੰਤਰੀਆਂ, ਸੰਸਦ ਮੈਂਬਰਾਂ ਦੇ ਘਰਾਂ/ਦਫ਼ਤਰਾਂ ਅੱਗੇ ਤਿੰਨ ਦਿਨਾਂ ਧਰਨੇ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਤੇ ਆਪ ਦੇ ਮੰਤਰੀਆਂ, ਸੰਸਦ ਮੈਂਬਰਾਂ ਦੇ ਘਰਾਂ/ਦਫ਼ਤਰਾਂ ਅੱਗੇ ਤਿੰਨ ਦਿਨਾਂ ਧਰਨੇ ਸ਼ੁਰੂ

ਘੱਗਰ ਦਰਿਆ ਦਾ ਮਾਸਟਰ ਪਲਾਨ ਬਣਾ ਕੇ ਹੜਾਂ ਦੀ ਤਬਾਹੀ ਦੀ ਰੋਕਥਾਮ ਕਰਨ ਦੀ ਮੰਗ

by Rakha Prabh
28 views
ਦਲਜੀਤ ਕੌਰ
ਚੰਡੀਗੜ੍ਹ, 11 ਸਤੰਬਰ, 2023: ਸੰਯੁਕਤ ਕਿਸਾਨ ਮੋਰਚਾਂ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਨੇ ਅੱਜ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਮੰਤਰੀਆਂ, ਸੰਸਦ ਮੈਂਬਰਾਂ ਅਤੇ ਪ੍ਰਮੁੱਖ ਅਹੁਦੇਦਾਰਾਂ ਦੇ ਘਰਾਂ ਅਤੇ ਦਫ਼ਤਰਾਂ ਦੇ ਸਾਹਮਣੇ ਤਿੰਨ ਦਿਨਾਂ ਧਰਨੇ ਸ਼ੁਰੂ ਕਰਕੇ ਹੜ੍ਹਾਂ ਦੀ ਰੋਕਥਾਮ ਲਈ ਪ੍ਰਬੰਧ ਕਰਨ ਦੇ ਨਾਲ ਨਾਲ ਹੋਏ ਨੁਕਸਾਨ ਦੇ ਬਰਾਬਰ ਮੁਆਵਜ਼ਾ ਰਾਹਤ ਦੇਣ ਦੀ ਮੰਗ ਕੀਤੀ। ਕਿਸਾਨ ਜੱਥੇਬੰਦੀਆਂ ਨੇ ਭਾਜਪਾ ਦੀ ਕੇਂਦਰ ਸਰਕਾਰ ਤੋ ਮੰਗ ਕੀਤੀ ਕਿ ਹੜ੍ਹਾਂ ਨਾਲ ਹੋਏ ਵਿਆਪਕ ਨੁਕਸਾਨ ਨੂੰ ਕੌਮੀ ਆਫਤ ਐਲਾਣ ਕੇ ਪੰਜਾਬ ਨੂੰ ਦਸ ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ। ਲੋਕਾਂ ਦੇ ਹੋਏ ਜਾਨ-ਮਾਨ ਦੇ ਨੁਕਸਾਨ ਦੀ ਭਰਪਾਈ ਲਈ ਮੁਆਵਜ਼ਾ ਦੇਣ ਦੇ ਨਿਯਮਾਂ ਵਿੱਚ ਢਿੱਲ ਦੇਣ ਦੀ ਮੰਗ ਕਰਦਿਆ ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਦਿੱਤਾ ਜਾ ਰਿਹਾ ਮੁਆਵਜ਼ਾ ਨਾਕਾਫੀ ਹੀ ਨਹੀਂ ਬਲਕਿ ਕਿਸਾਨਾਂ ਨਾਲ ਕੀਤਾ ਜਾ ਰਿਹਾ ਕੋਝਾ ਮਜ਼ਾਕ ਹੈ।
ਵਰਣਨਯੋਗ ਹੈ ਕਿ 32 ਕਿਸਾਨ ਜਥੇਬੰਦੀਆਂ ਨੇ 11, 12, 13 ਸਤੰਬਰ ਨੂੰ ਤਿੰਨ ਦਿਨਾਂ ਧਰਨਿਆਂ ਦਾ ਐਲਾਨ ਕੀਤਾ ਸੀ ਜਿਸ ਤਹਿਤ ਅੱਜ ਸੂਬੇ ਭਰ ਚ ਸੰਗਰੂਰ ਵਿਖੇ ਮੁੱਖ-ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ, ਪਟਿਆਲਾ ਚ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੀ ਕੋਠੀ, ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅੱਗੇ, ਸਮਾਣਾ ਵਿਖੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੇ ਦਫਤਰ ਵਿਖੇ, ਮੋਹਾਲੀ ਚ ਮੰਤਰੀ ਅਨਮੋਲ ਗਗਨ ਮਾਨ ਦੀ ਕੋਠੀ, ਮਾਨਸਾ ‘ਚ ਆਪ ਆਗੂ ਪ੍ਰਿੰਸੀਪਲ ਬੁੱਧਰਾਮ ਦੇ ਘਰ ਅੱਗੇ, ਬਰਨਾਲਾ ਤੋ ਕੈਬਿਨਟ ਮੰਤਰੀ ਮੀਤ ਹੇਅਰ ਦੇ ਗ੍ਰਹਿ ਅੱਗੇ, ਜਲੰਧਰ ਚ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਰਿਹਾਇਸ਼ ਅੱਗੇ, ਮੁਕਤਸਰ ਵਿੱਖੇ ਗੁਰਮੀਤ ਖੁੱਡੀਆਂ ਦੇ ਘਰ ਅੱਗੇ, ਫਰੀਦਕੋਟ ਦੇ ਕੁਲਤਾਰ ਸੰਧਵਾ ਦੇ ਘਰ ਅੱਗੇ, ਤਰਨਤਾਰਨ ਤੋ ਲਾਲਜੀਤ ਭੁੱਲਰ ਦੀ ਕੋਠੀ ਅੱਗੇ, ਪਠਾਨਕੋਟ ਤੋਂ ਮੰਤਰੀ ਲਾਲ ਚੰਦ ਕਟਾਰੂਚੱਕ, ਫਗਵਾੜਾ ਵਿਖੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਘਰ ਸਾਹਮਣੇ, ਫਾਜ਼ਿਲਕਾ ਤੋਂ ਭਾਜਪਾ ਦੇ ਸੁਨੀਲ ਜਾਖੜ, ਫਿਰੋਜ਼ਪੁਰ ਚ ਭਾਜਪਾ ਆਗੂ ਗੁਰਮੀਤ ਸਿੰਘ ਰਾਣਾ ਸੋਢੀ, ਸੁਲਤਾਨਪੁਰ ਲੋਧੀ ਚ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਗ੍ਰਹਿ ਵਿਖੇ, ਹੁਸ਼ਿਆਰਪੁਰ ਵਿੱਚ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਜਗਰਾਉਂ ਤੋ ਸਰਬਜੀਤ ਕੌਰ ਮਾਣੂਕੇ ਦੇ ਗ੍ਰਹਿ ਅੱਗੇ, ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ, ਰੋਪੜ ਤੋਂ ਹਰਜੋਤ ਬੈਂਸ, ਮੋਗਾ ਤੋ ਲਾਡੀ ਧੋਂਸ ਆਦਿ ਆਪ ਤੇ ਭਾਜਪਾ ਆਗੂਆਂ ਦੇ ਘਰ ਅੱਗੇ ਰੋਸ਼ ਪ੍ਰਦਰਸ਼ਨ ਸ਼ੁਰੂ ਹੋ ਚੁੱਕੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਰਾਹਤ ਪੈਕੇਜ ਨਾ ਐਲਾਨਿਆ ਤਾਂ ਇਸ ਸੰਘਰਸ਼ ਦੀ ਅਗਲੀ ਰੂਪ ਰੇਖਾ 13 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਹੋਣ ਜਾ ਰਹੀ ਅਗਲੀ ਮੀਟਿੰਗ ਵਿੱਚ ਤਹਿ ਕੀਤੀ ਜਾਵੇਗੀ।
ਅੱਜ ਦੇ ਧਰਨਿਆਂ ਵਿੱਚ ਮੋਰਚੇ ਨੇ ਪੰਜਾਬ ਸਰਕਾਰ ਵਲੋਂ ਦਿੱਤੇ ਜਾ ਰਹੇ ਮੁਆਵਜ਼ੇ ਨੂੰ ਨਾਕਾਫੀ ਦੱਸਦੇ ਹੋਏ ਇਸ ਨੂੰ ਬਿਪਤਾ ਸਹਿ ਰਹੇ ਕਿਸਾਨਾਂ ਨਾਲ ਬੇਹੂਦਾ ਮਜ਼ਾਕ ਕਰਾਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਗਈ ਕਿ ਹੋਏ ਨੁਕਸਾਨ ਦਾ ਮੁਆਵਜ਼ਾ ਵੱਖ-ਵੱਖ ਸਲੈਬਾਂ ਬਣਾ ਕੇ ਦਿੱਤਾ ਜਾਵੇ।ਜਿਨ੍ਹਾਂ ਕਿਸਾਨਾਂ ਦੀ ਪੂਰੀ ਫਸਲ ਬਰਬਾਦ ਹੋ ਗਈ ਤੇ ਅਗਲੀ ਫਸਲ ਦੀ ਬਿੰਜਾਈ ਤੇ ਵੀ ਸੰਕਟ ਮੰਡਰਾ ਰਿਹਾ ਉਨ੍ਹਾਂ ਨੂੰ ਇੱਕ ਲੱਖ ਰੁਪਏ ਪ੍ਰਤੀ ਏਕੜ, ਇੱਕ ਫਸਲ ਦੀ ਪੈਦਾਵਾਰ ਨਾ ਹੋਣ ਦਾ 70,000 ਰੁਪਏ ਪ੍ਰਤੀ ਏਕੜ ,ਪਾਣੀ ਉਤਰਨ ਮਗਰੋਂ ਮੁੜ ਫਸਲ ਬੀਜਣ ਵਾਲੇ ਕਿਸਾਨਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ, ਪਰਿਵਾਰ ਦੇ ਮਰੇ ਜੀਅ ਦਾ 10 ਲੱਖ ਰੁਪਏ ਅਤੇ ਮਰੇ ਪਸ਼ੂ ਇੱਕ ਲੱਖ ਰੁਪਏ ਪ੍ਰਤੀ ਪਸ਼ੂ ਅਤੇ ਨੁਕਸਾਨੇ ਗਏ ਘਰਾਂ ਦਾ ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਜਿੰਨ੍ਹਾਂ ਕਿਸਾਨਾਂ ਦੇ ਬੋਰ ਖੜ ਗਏ ਹਨ ਜਾਂ ਜਿੰਨ੍ਹਾਂ ਦੇ ਖੇਤਾਂ ਵਿੱਚ ਗਾਰ ਜਾਂ ਰੇਤਾ ਭਰ ਗਿਆ ਉਨ੍ਹਾਂ ਮਿੱਟੀ ਚੁਕਾਉਣ ’ਚ ਛੋਟਾ ਦੇਣ ਦੇ ਨਾਲ -ਨਾਲ ਹੋਏ ਨੁਕਸਾਨ ਦੇ ਅਨੁਪਾਤ ਅਨੁਸਾਰ ਵਿਸ਼ੇਸ਼ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ ਹੈ।
ਕਿਸਾਨਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਪ੍ਰਭਾਵਿਤ ਕਿਸਾਨਾਂ-ਮਜ਼ਦੂਰਾਂ ਦੇ ਕਰਜਿਆਂ ਦੀ ਕਿਸ਼ਤਾਂ ਅੱਗੇ ਪਾਈਆ ਜਾਣ ਅਤੇ ਕਿਸ਼ਤਾ ਦਾ ਵਿਆਜ ਮਾਫ਼ ਕੀਤਾ ਜਾਵੇ ਜਾ ਸਰਕਾਰ ਖੁਦ ਭਰੇ। ਸੰਯੁਕਤ ਕਿਸਾਨ ਮੋਰਚਾ ਨੇ ਮੁਆਵਜ਼ੇ ਦੇ ਘੇਰੇ ਵਿੱਚ ਆਬਾਦਕਾਰਾਂ, ਠੇਕੇ ਤੇ ਜ਼ਮੀਨ ਲੈਕੇ ਖੇਤੀ ਕਰਨ ਵਾਲੇ ਕਾਸਤਕਾਰਾਂ ਅਤੇ 2007 ਤੋ ਰਾਹਤ ਮੁਆਵਜ਼ੇ ਦੇ ਘੇਰੇ ’ਚੋਂ ਕੱਢ ਦਿੱਤੇ ਗਏ ਉਤਪਾਦਕਾਂ ਨੂੰ ਵੀ ਸ਼ਾਮਲ ਕਰਨ ਦੀ ਮੰਗ ਵੀ ਕੀਤੀ ਹੈ। ਸੰਯੁਕਤ ਕਿਸਾਨ ਮੋਰਚੇ ਨੇ ਮਜਦੂਰ ਪਰਿਵਾਰਾਂ ਨੂੰ ਵੀ ਹੋਏ ਨੁਕਸਾਨ ਦਾ ਬਰਾਬਰ ਮੁਆਵਜ਼ਾ ਦੇਣ ਦੀ ਮੰਗ ਕਰਦਿਆ ਕਿਹਾ ਕਿ ਹਰੇਕ ਪ੍ਰਭਾਵਿਤ ਮਜਦੂਰ ਪਰਿਵਾਰ ਨੂੰ ਵਿਸ਼ੇਸ਼ ਤੌਰ ਤੇ ਮੁਆਵਜ਼ੇ ਤੋ ਅਲੱਗ 50 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਦਿੱਤੇ ਜਾਣੇ ਚਾਹੀਦੇ ਹਨ ਤਾਂ ਜੋ ਉਹ ਆਪਣੇ ਪਰਿਵਾਰ ਅਤੇ ਪਸ਼ੂਆਂ ਲਈ ਲੋੜੀਂਦੇ ਪ੍ਰਬੰਧ ਕਰ ਸਕਣ।
ਕਿਸਾਨ ਜਥੇਬੰਦੀਆਂ ਨੇ ਭਾਰਤ ਵਰਨਮਾਲਾ ਪ੍ਰੋਜੈਕਟ ਸਮੇਤ ਬਾਕੀ ਜਰਨੈਲੀ ਅਤੇ ਲਿੰਕ ਸੜਕਾ ਦੇ ਹੇਠੋਂ ਪਾਣੀ ਦੀ ਨਿਕਾਸੀ ਦੇ ਮਾਮਲੇ ਵਿੱਚ ਵਰਤੀ ਗਈ ਅਣਗਹਿਲੀ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਠੇਕੇਦਾਰਾਂ ਤੇ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪਾਣੀ ਦੀ ਨਿਕਾਸੀ ਨੂੰ ਰੁਕਾਵਟ ਖੜ੍ਹੀ ਕਰਨ ਵਾਲੇ ਸਾਰੇ ਪ੍ਰੋਜੈਕਟ ਵਿਭਾਗੀ ਤਾਲਮੇਲ ਅਤੇ ਸਥਾਨਕ ਲੋਕਾ ਨਾਲ ਸਲਾਹ ਮਸ਼ਵਰਾ ਕਰਕੇ ਠੀਕ ਕੀਤੇ ਜਾਣ। ਘੱਗਰ ਦੇ ਸਬੰਧ ’ਚ ਮਾਸਟਰ ਪਲਾਨ ਤਿਆਰ ਕਰਕੇ ਯੋਜਨਾ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ।
ਅੱਜ ਦੇ ਧਰਨਿਆਂ ਦੀ ਅਗਵਾਈ ਨਿਰਭੈ ਸਿੰਘ ਢੁੱਡੀਕੇ, ਅਵਤਾਰ ਸਿੰਘ ਮੇਹਲੋ, ਬਲਦੇਵ ਸਿੰਘ ਨਿਹਾਲਗੜ੍ਹ, ਬਲਵਿੰਦਰ ਸਿੰਘ ਮੱਲ੍ਹੀਨੰਗਲ, ਮੇਜਰ ਸਿੰਘ ਪੁੰਨਾਵਾਲ, ਫੁਰਮਾਨ ਸਿੰਘ ਸੰਧੂ, ਡਾ ਦਰਸ਼ਨਪਾਲ, ਮਨਜੀਤ ਸਿੰਘ ਰਾਏ, ਬੂਟਾ ਸਿੰਘ ਬੁਰਜ ਗਿੱਲ, ਜੰਗਵੀਰ ਸਿੰਘ ਚੌਹਾਨ, ਰੁਲਦੂ ਸਿੰਘ ਮਾਨਸਾ, ਮਨਜੀਤ ਸਿੰਘ ਧਨੇਰ, ਵੀਰਪਾਲ ਸਿੰਘ ਢਿੱਲੋਂ, ਬੂਟਾ ਸਿੰਘ ਸ਼ਾਦੀਪੁਰ, ਹਰਜੀਤ ਸਿੰਘ ਰਵੀ, ਮਲੂਕ ਸਿੰਘ ਹੀਰਕੇ, ਸਤਨਾਮ ਸਿੰਘ ਅਜਨਾਲਾ, ਸਤਨਾਮ ਸਿੰਘ ਬਹਿਰੂ, ਵੀਰ ਸਿੰਘ ਬੜਵਾ, ਬਿੰਦਰ ਸਿੰਘ ਗੋਲੇਵਾਲਾ, ਹਰਦੇਵ ਸਿੰਘ ਸੰਧੂ, ਨਿਰਵੈਲ ਸਿੰਘ ਡਾਲੇਕੇ, ਕਿਰਪਾ ਸਿੰਘ ਨੱਥੂਵਾਲਾ, ਰਾਜਵਿੰਦਰ ਕੌਰ ਰਾਜੂ, ਬਲਵਿੰਦਰ ਸਿੰਘ ਰਾਜੂ ਔਲਖ, ਕੁਲਦੀਪ ਸਿੰਘ ਵਜੀਦਪੁਰ, ਕਿਰਨਜੀਤ ਸਿੰਘ ਸੇਖੋਂ ਅਤੇ ਗੁਰਬਖਸ਼ ਸਿੰਘ ਬਰਨਾਲਾ ਆਦਿ ਨੇ ਕੀਤੀ।

Related Articles

Leave a Comment