ਫਿਰੋਜ਼ਪੁਰ, 21 ਸਤੰਬਰ 2023 ( )
ਪੰਜਾਬ ਭਰ ਵਿੱਚ ਹਰ ਸਾਲ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਵਸ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਦੇ ਸਬੰਧ ਵਿਚ ਹੁਸੈਨੀਵਾਲਾ ਸ਼ਹੀਦੀ ਸਮਾਰਕ ਫਿਰੋਜ਼ਪਰ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ। ਇਨ੍ਹਾਂ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਗਗਨਦੀਪ ਸਿੰਘ ਨੇ ਸ਼ਹੀਦ–ਏ–ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਦਿਨ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਸਕੂਲਾਂ ਅਤੇ ਕਾਲਜਾਂ ਵੱਲੋਂ ਦੇਸ਼ ਭਗਤੀ ਤੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਵੱਖ ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਆਪਣੇ-ਆਪਣੇ ਘਰਾਂ ਦੀਆਂ ਛੱਤਾਂ ਉੱਤੇ ਤਿਰੰਗਾਂ ਲਹਿਰਾਉਣ ਅਤੇ ਰਾਤ ਨੂੰ ਦੀਵੇ/ਮੋਮਬੱਤੀਆਂ ਵੀ ਜਗਾਉਣ ਤਾਂ ਜੋ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਤੇ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ ਜਾ ਸਕੇ।
ਮੀਟਿੰਗ ਵਿੱਚ ਐੱਸ.ਡੀ.ਐਮ ਗੁਰਮੰਦਰ ਸਿੰਘ, ਐਸ.ਪੀ. (ਐਚ) ਸੋਹਨ ਲਾਲ ਸੋਨੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਜਸਵੰਤ ਸਿੰਘ ਬੜੈਚ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਚਮਕੌਰ ਸਿੰਘ ਸਰਾਂ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਤਹਿਸੀਲਦਾਰ ਫਿਰੋਜ਼ਪੁਰ ਪਰਦੀਪ ਕੁਮਾਰ, ਬੀ.ਡੀ.ਪੀ.ਓ. ਫ਼ਿਰੋਜ਼ਪੁਰ ਕਿਰਨਦੀਪ ਕੌਰ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।