Home » ਮੁੱਖ ਮੰਤਰੀ ਨੇ ਅਨੰਤਨਾਗ ਵਿੱਚ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ

ਮੁੱਖ ਮੰਤਰੀ ਨੇ ਅਨੰਤਨਾਗ ਵਿੱਚ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ

by Rakha Prabh
41 views

ਐਸ.ਏ.ਐਸ.ਨਗਰ/ਪਟਿਆਲਾ, 21 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅਤਿਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ।
ਐਸ.ਏ.ਐਸ.ਨਗਰ ਅਤੇ ਸਮਾਣਾ ਵਿਖੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਸੈਨਿਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਦੌਰਾਨ ਪੰਜਾਬ ਦੇ ਦੋ ਬਹਾਦਰ ਜਵਾਨਾਂ ਕਰਨਲ ਮਨਪ੍ਰੀਤ ਸਿੰਘ ਵਾਸੀ ਐਸ.ਏ.ਐਸ ਨਗਰ ਅਤੇ ਪਰਦੀਪ ਸਿੰਘ ਵਾਸੀ ਸਮਾਣਾ, ਪਟਿਆਲਾ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਵਿਸ਼ੇਸ਼ ਕਰਕੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਦੇਸ਼ ਲਈ ਇਨ੍ਹਾਂ ਸੂਰਬੀਰਾਂ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਜਵਾਨਾਂ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।

ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫਰਜ਼ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਇਹ ਵਿੱਤੀ ਸਹਾਇਤਾ ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀ ਗਈ ਇਹ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

Related Articles

Leave a Comment