Home » ਡੀ.ਸੀ. ਵੱਲੋਂ ਅਧਿਕਾਰੀਆਂ, ਸਨਅਤਕਾਰਾਂ, ਭੱਠਾ ਮਾਲਕਾਂ ਨਾਲ ਪਰਾਲੀ ਪ੍ਰਬੰਧਨ ਬਾਰੇ ਮੀਟਿੰਗ

ਡੀ.ਸੀ. ਵੱਲੋਂ ਅਧਿਕਾਰੀਆਂ, ਸਨਅਤਕਾਰਾਂ, ਭੱਠਾ ਮਾਲਕਾਂ ਨਾਲ ਪਰਾਲੀ ਪ੍ਰਬੰਧਨ ਬਾਰੇ ਮੀਟਿੰਗ

ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜ੍ਹਨ ਦੀ ਕੀਤੀ ਅਪੀਲ

by Rakha Prabh
54 views

ਫਿਰੋਜ਼ਪੁਰ 28 ਸਤੰਬਰ ( )

          ਜ਼ਿਲ੍ਹੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਜਾਂ ਪਰਾਲ਼ੀ ਸਾੜ੍ਹਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ, ਉਦਯੋਗ ਤੇ ਕਾਮਰਸ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਹਿਯੋਗ ਲਈ ਸਮੂਹ ਇੰਡਸਟਰੀਆਂ, ਭੱਠਿਆ ਦੇ ਮਾਲਕਾਂ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ.) ਸ. ਗਗਨਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ, ਐਸ.ਡੀ.ਐਮ. ਸ. ਗੁਰਮੰਦਰ ਸਿੰਘ ਵੀ ਹਾਜ਼ਰ ਸਨ।

          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨ ਦੇ ਖੁਰਾਕੀ ਤੱਤ ਜਿਵੇਂ ਨਾਈਟਰੋਜਨ, ਫਾਸਫੋਰਸ, ਗੰਧਕ ਅਤੇ ਪੋਟਾਸ਼ ਸੜ ਜਾਂਦੇ ਹਨ ਅਤੇ ਕੁਦਰਤੀ ਸੋਮਿਆਂ ਦਾ ਨੁਕਸਾਨ ਹੁੰਦਾ ਹੈ ਜਿਸ ਕਾਰਨ ਜਮੀਨ ਦੀ ਉਪਜਾਊ ਸ਼ਕਤੀ ਨਸ਼ਟ ਹੋ ਜਾਂਦੀ ਹੈ। ਪਰਾਲੀ ਸਾੜਣ ਨਾਲ ਪੈਦਾ ਹੋਏ ਜਹਿਰੀਲੇ ਧੂੰਏ/ਗੈਸਾਂ ਕਾਰਨ ਸਮੁੱਚੀ ਮਨੁੱਖਤਾ ਅਤੇ ਜੀਵ ਜੰਤੂਆਂ ਦੀ ਸਿਹਤ ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਣ ਨਾਲ ਸਾਡੇ ਮਿੱਤਰ ਕੀਟ ਨਸ਼ਟ ਹੋ ਜਾਂਦੇ ਹਨ। ਇਸ ਨਾਲ ਸੜਕਾਂ ਦੇ ਕੰਢਿਆਂ ਤੇ ਲੱਗੇ ਰੁੱਖ ਸੜ ਜਾਂਦੇ ਹਨ ਜਿਨ੍ਹਾਂ ਤੇ ਰਹਿਣ ਵਾਲੇ ਪੰਛੀ ਅਤੇ ਜੀਵ ਸੜ ਕੇ ਮਰ ਜਾਂਦੇ ਹਨ। ਇਸ ਤੋਂ ਇਲਾਵਾ ਇਸ ਤੋਂ ਪੈਦਾ ਹੋਏ ਧੁੰਏ ਨਾਲ ਐਕਸੀਡੈਂਟਾਂ ਦਾ ਸਬਬ ਬਣਦੇ ਹਨ ਜਿਸ ਨਾਲ ਹਰ ਸਾਲ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਇਸ ਲਈ ਉਨ੍ਹਾਂ ਜ਼ਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਅਹਿਦ ਕਰਨ ਦੀ ਅਪੀਲ ਕੀਤੀ।

          ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ‘ਚ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਭੱਠੇ ‘ਚ ਬਾਲਣ ਦੀ ਲੋੜ ਲਈ ਘੱਟੋ-ਘੱਟ 20 ਫੀਸਦੀ ਕੋਲੇ ਦੀ ਥਾਂ ਝੋਨੇ ਦੀ ਪਰਾਲੀ ਦੀਆਂ ਗਿੱਟੀਆਂ ਵਰਤਣਾ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਭੱਠਾ ਮਾਲਕਾਂ ਨੂੰ ਪਰਾਲੀ ਦੀਆਂ ਗਿੱਟੀਆਂ ਵਰਤੋਂ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਪ੍ਰਦੂਸ਼ਨ ਨੂੰ ਘੱਟ ਕੀਤਾ ਜਾ ਸਕੇ।

            ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਹਾਜ਼ਰ ਵਿਭਾਗਾਂ ਦੇ ਮੁਖੀਆਂ ਨੂੰ ਜ਼ਿਲ੍ਹੇ ਦੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਨਿਰਦੇਸ਼ ਦਿੱਤੇ ਅਤੇ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਫਿਰੋਜ਼ਪੁਰ ਨੂੰ ਜ਼ਿਲ੍ਹੇ ਅੰਦਰ ਪਰਾਲੀ ਸਟਰਾਅ ਪੈਲੇਟਾਇਜਿੰਗ ਯੂਨਿਟਾਂ ਨੂੰ ਉਤਸ਼ਾਹਿਤ ਕਰਨ ਅਤੇ ਉਦਯੋਗਾਂ ਲਈ ਪਰਾਲੀ ਤੋਂ ਬਣੀਆ ਗਿੱਟੀਆਂ ਨੂੰ ਬਾਲਣ ਵਜੋਂ ਵਰਤੋਂ ਕਰਨ ਲਈ ਸਨਅਤਕਾਰਾਂ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੇ ਨਿਪਟਾਰੇ ਅਤੇ ਯੋਗ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ ਸਬਸਿਡੀ ‘ਤੇ ਉਪਲਬਧ ਕਰਾਈ ਜਾਂਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦਾ ਨਿਪਟਾਰਾ / ਪ੍ਰਬੰਧਨ ਕਰਨ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਸਾੜ੍ਹਨ ਸਬੰਧੀ ਜਾਗਰੂਕ ਕਰਨ ਲਈ ਪਿੰਡ-ਪਿੰਡ ਕੈਂਪ ਵੀ ਲਗਾਏ ਜਾਣਗੇ ਅਤੇ ਜਾਗਰੂਕਤਾ ਵੈਨ ਵੀ ਰਵਾਨਾ ਜਾਵੇਗੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਉਦਯੋਗਪਤੀਆਂ, ਭੱਠਾ ਮਾਲਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਪਰਾਲੀ ਪ੍ਰਬੰਧਨ ਬਾਰੇ ਉਨ੍ਹਾਂ ਦੇ ਸੁਝਾਅ ਵੀ ਲਏ।

          ਇਸ ਮੌਕੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਰਜਿੰਦਰ ਕੁਮਾਰ, ਉਦਯੋਗ ਅਤੇ ਕਾਮਰਸ ਵਿਭਾਗ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਤੋਂ ਇਲਾਵਾ ਸਨਅਤਕਾਰ ਅਤੇ ਭੱਠਾ ਮਾਲਕ ਹਾਜ਼ਰ ਸਨ।

Related Articles

Leave a Comment