ਦਲਜੀਤ ਕੌਰ
ਚੰਡੀਗੜ੍ਹ/ਜਲੰਧਰ, 6 ਮਾਰਚ, 2024:ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਵਿਰੁੱਧ, ਲੈਂਡ ਸੀਲਿੰਗ ਐਕਟ ਲਾਗੂ ਕਰਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ ‘ਚ ਵੰਡਣ, ਲਾਲ ਲਕੀਰ ਵਿੱਚ ਆਉਂਦੇ ਘਰਾਂ ਦੇ ਮਾਲਕੀ ਹੱਕ, ਘਰ, ਮਕਾਨ ਦੇਣ ਸਮੇਤ ਪੱਕਾ ਰੁਜ਼ਗਾਰ ਤੇ ਦਿਹਾੜੀ 1 ਹਜ਼ਾਰ ਰੁਪਏ ਕਰਨ, ਮਾਈਕਰੋ ਫਾਈਨਾਂਸ ਕੰਪਨੀਆਂ ਸਮੇਤ ਸਾਰੇ ਕਰਜ਼ੇ ਮੁਆਫ਼ ਕਰਨ ਆਦਿ ਦੇ ਸਵਾਲ ਨੂੰ ਲੈ ਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਪੰਜਾਬ ਭਰ ‘ਚ 11 ਮਾਰਚ ਨੂੰ ਰੇਲਾਂ ਦੇ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਵਿੱਚ ਪੇਂਡੂ ਮਜ਼ਦੂਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ, ਮੋਗਾ, ਮੁਕਤਸਰ, ਮਲੇਰਕੋਟਲਾ, ਸੰਗਰੂਰ ਅਤੇ ਪਟਿਆਲਾ ਆਦਿ ਜਿਲ੍ਹਿਆਂ ਅੰਦਰ ਸੈਂਕੜੇ ਪਿੰਡਾਂ ਵਿੱਚ ਮਜ਼ਦੂਰਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਸੰਬੰਧੀ ਪਿੰਡਾਂ ਮਜ਼ਦੂਰ ਰੈਲੀਆਂ, ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਕੰਧ ਲਿਖ਼ਤ ਇਸ਼ਤਿਹਾਰ ਲਗਾਇਆ ਜਾ ਰਿਹਾ ਹੈ। ਰੇਲਾਂ ਦਾ ਚੱਕਾ ਜਾਮ ਲਈ ਮਜ਼ਦੂਰਾਂ ਵਿੱਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ।
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਤੇ ਬਿੱਕਰ ਸਿੰਘ ਹਥੋਆ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਜਗੀਰਦਾਰਾਂ, ਕਾਰਪੋਰੇਟ ਘਰਾਣਿਆਂ ਪੱਖੀ ਫਾਸ਼ੀਵਾਦੀ ਨੀਤੀਆਂ ਲਾਗੂ ਕਰ ਰਹੀਆਂ ਹਨ। ਇਹਨਾਂ ਸਰਕਾਰਾਂ ਨੇ ਅੱਖੋਂ ਪਰੋਖੇ ਹੀ ਨਹੀਂ ਕੀਤਾ ਹੋਇਆ ਸਗੋਂ ਮਜ਼ਦੂਰਾਂ ਦੇ ਬੁਨਿਆਦੀ ਮੁੱਦਿਆਂ ਨੂੰ ਪੂਰੀ ਤਰ੍ਹਾਂ ਵਿਸਾਰਿਆਂ ਹੋਇਆ ਹੈ।
ਉਨ੍ਹਾਂ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੇ ਬਜਟ ਨੂੰ ਮਜ਼ਦੂਰ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਤੀਸਰੇ ਬਜਟ ਵਿੱਚ ਮਜ਼ਦੂਰਾਂ ਨੂੰ ਬਿਲਕੁੱਲ ਹੀ ਅਣਗੌਲਿਆਂ ਗਿਆ ਹੈ। ਉਨ੍ਹਾਂ 11 ਮਾਰਚ ਨੂੰ ਰੇਲਾਂ ਦੇ ਚੱਕਾ ਜਾਮ ਨੂੰ ਸਫ਼ਲ ਬਣਾਉਣ ਲਈ ਪਰਿਵਾਰਾਂ ਸਮੇਤ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ।