Home » ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅਸਲਾ ਡੀਲਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਲਈ ਨਿਰਦੇਸ਼ ਜਾਰੀ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅਸਲਾ ਡੀਲਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਲਈ ਨਿਰਦੇਸ਼ ਜਾਰੀ

ਸੰਗਰੂਰ ਜ਼ਿਲ੍ਹੇ ‘ਚ ਜਲਦ ਕਰਵਾਈ ਜਾਵੇਗੀ ਅਸਲਾ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ 

by Rakha Prabh
44 views
ਦਲਜੀਤ ਕੌਰ / ਸੰਗਰੂਰ, 20 ਮਾਰਚ
 ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਸਲਾ ਡੀਲਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ‘ਚ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਗੰਨ ਹਾਊਸ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਲਈ ਨਿਰਦੇਸ਼ ਜਾਰੀ ਕੀਤੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ-12 ਦੀ ਆਮ ਚੋਣ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕਹਿੱਤ ਵਿਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ ਤੇ ਸਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਤੇ ਕਿਸੇ ਅਣਹੋਣੀ ਘਟਨਾ ਨੂੰ ਹੋਣ ਤੋਂ ਰੋਕਣ ਲਈ ਅਸਲਾ ਧਾਰਕਾਂ ਪਾਸੋਂ ਸਬੰਧਤ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਅਸਲਾ ਜਮ੍ਹਾ ਕਰਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਅਸਲਾ ਡੀਲਰ ਰੋਜ਼ਾਨਾ ਪੱਧਰ ‘ਤੇ ਜਮ੍ਹਾਂ ਕਰਵਾਏ ਗਏ ਅਸਲੇ ਦੀ ਮੇਕ ਅਤੇ ਨੰਬਰ ਸਮੇਤ ਵਿਸਥਾਰਤ ਰਿਪੋਰਟ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਦੇ ਦਫ਼ਤਰ ਅਤੇ ਸਬੰਧਿਤ ਥਾਣਿਆਂ ਨੂੰ ਨਿਯਮਤ ਤੌਰ ‘ਤੇ ਭੇਜਣੀ ਯਕੀਨੀ ਬਣਾਉਣਗੇ।
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ‘ਚ ਜਲਦ ਅਸਲਾ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਕਿਸੇ ਵੀ ਅਸਲਾ ਵਿਕਰੇਤਾ ਵੱਲੋਂ ਕਿਸੇ ਵੀ ਹਦਾਇਤ ਦੀ ਉਲੰਘਣਾ ਕੀਤੀ ਗਈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਅਸਲਾ ਵਿਕਰੇਤਾ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਣ ਲਈ ਗੰਨ ਹਾਊਸ ਦੇ ਪੁਖ਼ਤਾ ਸੁਰੱਖਿਆ ਪ੍ਰਬੰਧ ਕਰਨੇ ਯਕੀਨੀ ਬਣਾਉਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ. ਨਵਰੀਤ ਸਿੰਘ ਵਿਰਕ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਅਤੇ ਗੰਨ ਹਾਊਸ ਮਾਲਕ ਹਾਜ਼ਰ ਸਨ।

Related Articles

Leave a Comment