ਭੋਗਪੁਰ:ਪੰਜਾਬ ਖੇਤੀਬਾੜੀ ਵਿਭਾਗ ਨੇ ਮੁੱਖ ਖੇਤੀਬਾੜੀ ਅਫਸਰ ਜਲੰਧਰ ਡਾ. ਸੁਰਿੰਦਰ ਸਿੰਘ ਅਤੇ ਜ਼ਿਲ੍ਹਾ ਸਿਖਲਾਈ ਅਫਸਰ ਡਾ. ਪਰਮਜੀਤ ਸਿੰਘ ਦੀ ਅਗਵਾਈ ਹੇਠ ਬਲਾਕ ਭੋਗਪੁਰ ਦੇ ਪਿੰਡ ਡੱਲਾ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਇਆ। ਇਸ ਮੌਕੇ ਡਾ. ਗੁਰਚਰਨ ਸਿੰਘ ਨੇ ਦੱਸਿਆ ਕਿ ਕਿਸਾਨ ਫਸਲ ਬੀਜਣ ਤੋਂ ਪਹਿਲਾਂ ਖੇਤ ਦੀ ਮਿੱਟੀ ਦੀ ਪਰਖ ਕਰਾ ਕੇ ਹੀ ਵੱਖ-ਵੱਖ ਤਰ੍ਹਾਂ ਦੀਆਂ ਖਾਦਾਂ ਦੀ ਵਰਤੋਂ ਕਰਨ। ਉਨ੍ਹਾਂ ਨੇ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਸਹਾਇਕ ਧੰਦੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਿਖਲਾਈ ਅਫ਼ਸਰ ਜਲੰਧਰ ਡਾ. ਗੁਰਿੰਦਰਜੀਤ ਸਿੰਘ ਨੇ ਕਣਕ ਦੀ ਫ਼ਸਲ ਨੂੰ ਲੱਗਣ ਵਾਲੀਆਂ ਬਿਮਾਰੀਆਂ ਤੇ ਕੀੜਿਆਂ ਬਾਰੇ ਅਤੇ ਗੰਨੇ ਦੀ ਫ਼ਸਲ ਦੀ ਬਿਜਾਈ ਅਤੇ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ। ਖੇਤੀਬਾੜੀ ਅਫਸਰ ਭੋਗਪੁਰ ਡਾ. ਪਰਵੀਨ ਕੁਮਾਰੀ ਨੇ ਕਿਸਾਨਾਂ ਦੀ ਉਨਤੀ ਤੇ ਖੁਸ਼ਹਾਲੀ ਵੱਲ ਤੋਰਨ ਲਈ ਤੇ ਖੇਤੀਬਾੜੀ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਚਾਨਣਾ ਪਾਇਆ। ਖੇਤੀ ਵਿਸਥਾਰ ਅਫਸਰ ਭੋਗਪੁਰ ਨਰਿੰਦਰ ਪਾਲ ਸਿੰਘ ਨੇ ਖੇਤੀਬਾੜੀ ਮਾਹਿਰਾਂ ਅਤੇ ਅਗਾਂਹਵਧੂ ਕਿਸਾਨਾਂ ਦਾ ਕੈਂਪ ਵਿੱਚ ਪਹੁੰਚਣ ’ਤੇ ਧੰਨਵਾਦ ਕੀਤਾ। -ਪੱਤਰ ਪ੍ਰੇਰਕ
ਫਸਲ ਬੀਜਣ ਤੋਂ ਪਹਿਲਾਂ ਮਿੱਟੀ ਪਰਖਣ ਦੀ ਸਲਾਹ
previous post