Home » ਹਰਨੇਕ ਮਹਿਮਾ ਦੀ ਰਿਹਾਈ ਲਈ ਅਤੇ ਕੁਲਰੀਆਂ ਜ਼ਮੀਨ ਮਾਲਕਾਂ ਨੂੰ ਇਨਸਾਫ਼ ਲਈ 4 ਜੁਲਾਈ ਨੂੰ ਜਲੰਧਰ ‘ਚ ਰੋਸ ਮਾਰਚ ਕਰਨ ਦਾ ਐਲਾਨ 

ਹਰਨੇਕ ਮਹਿਮਾ ਦੀ ਰਿਹਾਈ ਲਈ ਅਤੇ ਕੁਲਰੀਆਂ ਜ਼ਮੀਨ ਮਾਲਕਾਂ ਨੂੰ ਇਨਸਾਫ਼ ਲਈ 4 ਜੁਲਾਈ ਨੂੰ ਜਲੰਧਰ ‘ਚ ਰੋਸ ਮਾਰਚ ਕਰਨ ਦਾ ਐਲਾਨ 

ਹਰਨੇਕ ਸਿੰਘ ਮਹਿਮਾ ਦੀ ਰਿਹਾਈ ਲਈ ਆਵਾਜ਼ ਕੀਤੀ ਜਾਵੇਗੀ ਬੁਲੰਦ: ਸਿੰਘ ਮਨਜੀਤ ਧਨੇਰ 

by Rakha Prabh
12 views

ਕੁੱਲਰੀਆਂ ਦੇ ਕਿਸਾਨਾਂ ਦੇ ਜ਼ਮੀਨੀ ਹੱਕ ਬਹਾਲ ਕਰਕੇ ਇਨਸਾਫ਼ ਦਿੱਤਾ ਜਾਵੇ: ਗੁਰਦੀਪ ਰਾਮਪੁਰਾ

ਜਥੇਬੰਦੀ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ ਬਰਸੀ 13 ਜੁਲਾਈ ਨੂੰ ਜ਼ਿਲ੍ਹਾ ਪੱਧਰ ਤੇ ਮਨਾਈ ਜਾਵੇਗੀ: ਹਰੀਸ਼ ਨੱਢਾ 
ਬਰਨਾਲਾ, ਦਲਜੀਤ ਕੌਰ :
ਬਰਨਾਲਾ ਦੇ ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ 14 ਜ਼ਿਲ੍ਹਿਆਂ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਹੋਰ ਆਗੂਆਂ ਨੇ ਭਾਗ ਲਿਆ।
ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਰਲੀਜ਼ ਕਰਦੇ ਹੋਏ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਦੱਸਿਆ ਕਿ ਜਥੇਬੰਦੀ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਦੀ ਰਿਹਾਈ ਲਈ 4 ਜੁਲਾਈ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਵਿਸ਼ਾਲ ਮਾਰਚ  ਕੀਤਾ ਜਾਵੇਗਾ। ਜੇਕਰ ਫਿਰ ਵੀ ਮਸਲੇ ਦਾ ਹੱਲ ਨਾ ਹੋਇਆ ਤਾਂ 9 ਜੁਲਾਈ ਨੂੰ ਐਸਐਸਪੀ ਫਿਰੋਜ਼ਪੁਰ ਦੇ ਦਫ਼ਤਰ ਦਾ ਘਿਰਾਉ ਕੀਤਾ ਜਾਵੇਗਾ। ਜਲੰਧਰ ਵਾਲੇ ਮਾਰਚ ਵਿੱਚ ਕੁੱਲਰੀਆਂ ਦੇ ਕਿਸਾਨਾਂ ਦੇ ਜ਼ਮੀਨੀ ਹੱਕ ਬਹਾਲ ਕਰਨ ਅਤੇ ਕਿਸਾਨਾਂ ਤੇ ਹਮਲੇ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਜ਼ਾਵਾਂ ਦੇਣ ਦੀ ਮੰਗ ਵੀ ਉਠਾਈ ਜਾਵੇਗੀ।
ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਹਰੀਸ਼ ਨੱਢਾ ਨੇ ਕਿਹਾ ਕਿ ਭਾਜਪਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸਾਡੀ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ 9 ਮਈ ਤੋਂ ਜੇਲ੍ਹ ਦੀਆਂ ਸੀਖਾਂ ਪਿੱਛੇ ਬੰਦ ਕੀਤਾ ਹੋਇਆ ਹੈ। ਜ਼ਿਲ੍ਹਾ ਫਿਰੋਜ਼ਪੁਰ ਦਾ ਪੁਲਿਸ ਪ੍ਰਸ਼ਾਸਨ ਜਥੇਬੰਦੀ ਨਾਲ ਵਾਰ ਵਾਰ ਵਾਅਦੇ ਕਰਕੇ ਮੁੱਕਰ ਹੀ ਨਹੀਂ ਰਿਹਾ ਸਗੋਂ ਆਪਣੇ ਵਾਅਦਿਆਂ ਦੇ ਉਲਟ ਅਦਾਲਤ ਵਿੱਚ ਝੂਠੇ ਤੱਥ ਪੇਸ਼ ਕਰਕੇ ਹਰਨੇਕ ਸਿੰਘ ਮਹਿਮਾ ਦੀ ਰਿਹਾਈ ਨੂੰ ਰੋਕਿਆ ਗਿਆ ਹੈ।
ਮੀਟਿੰਗ ਵਿੱਚ ਰਿਪੋਰਟ ਕੀਤੀ ਗਈ ਕਿ ਹਰਨੇਕ ਸਿੰਘ ਮਹਿਮਾ ਦੇ ਖ਼ਿਲਾਫ਼ ਜੋ 12 ਕੇਸ ਚਲਦੇ ਹੋਣ ਅਤੇ ਕਈ ਕੇਸਾਂ ਵਿੱਚ ਭਗੌੜਾ ਹੋਣ ਦਾ ਪੁਲਿਸ ਨੇ ਅਦਾਲਤ ਵਿੱਚ ਦਾਅਵਾ ਕੀਤਾ ਹੈ, ਉਹ ਨਿਰਾ ਝੂਠ ਦਾ ਪੁਲੰਦਾ ਹੈ। ਜਦੋਂ ਕਿ 12 ਵਿੱਚੋਂ ਦੋ ਕੇਸਾਂ ਵਿੱਚ ਉਹ ਬਰੀ ਹੋ ਚੁੱਕਾ ਹੈ, ਚਾਰ ਕੇਸ ਕੈਂਸਲ ਹੋ ਚੁੱਕੇ ਹਨ, ਇੱਕ ਕੇਸ ਵਿੱਚ ਰਿਪੋਰਟ ਹੀ ਨਹੀਂ ਹੈ ਅਤੇ ਇੱਕ ਕੇਸ ਵਿੱਚ ਸਜ਼ਾ ਹੋ ਚੁੱਕੀ ਹੈ। ਹੁਣ ਇਹ ਗੱਲ ਸਾਫ਼ ਹੋ ਗਈ ਹੈ ਕਿ ਹਰਨੇਕ ਸਿੰਘ ਮਹਿਮਾ ਨੂੰ ਜੇਲ੍ਹ ਵਿੱਚ ਰੱਖ ਕੇ ਕਿਸਾਨਾਂ ਦੀ ਸਰਕਾਰ ਵਿਰੋਧੀ ਆਵਾਜ਼ ਨੂੰ ਬੰਦ ਕਰਨ ਦਾ ਭਰਮ ਪਾਲਿਆ ਗਿਆ ਹੈ। ਸੋ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਹਰਨੇਕ ਸਿੰਘ ਮਹਿਮਾ ਦੀ ਰਿਹਾਈ ਲਈ ਆਰ ਪਾਰ ਦੀ ਲੜਾਈ ਲੜੀ ਜਾਵੇਗੀ।ਜੇਕਰ ਮਸਲਾ 09 ਜੁਲਾਈ ਤੱਕ ਹੱਲ ਨਹੀਂ ਹੁੰਦਾ ਤਾਂ ਘੋਲ ਨੂੰ ਹੋਰ ਵਿਸ਼ਾਲ ਤੇ ਤਿੱਖਾ ਕੀਤਾ ਜਾਵੇਗਾ।
ਇਸੇ ਤਰ੍ਹਾਂ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਖੋਹਣ ਲਈ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਪੂਰਾ ਜ਼ੋਰ ਲਗਾਇਆ ਹੋਇਆ ਹੈ। ਉਸ ਨੇ ਭੂ ਮਾਫ਼ੀਆ ਦੇ ਗੁੰਡਾ ਸਰਗਣੇ ਕੁੱਲਰੀਆਂ ਦੇ ਰਾਜੂ ਸਰਪੰਚ ਤੋਂ ਕਈ ਵਾਰ ਕਿਸਾਨਾਂ ਤੇ ਜਾਨਲੇਵਾ ਹਮਲੇ ਕਰਵਾਏ ਹਨ। ਰਾਜੂ ਸਰਪੰਚ ਦੇ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਹੋਣ ਦੇ ਬਾਵਜੂਦ ਵੀ ਉਸਨੂੰ ਬੁੱਧ ਰਾਮ ਦੀ ਸ਼ਹਿ ਤੇ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਜਥੇਬੰਦੀ ਨੇ ਇਸ ਘੋਲ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕੁੱਲਰੀਆਂ ਦੇ ਮਸਲੇ ਤੇ ਫ਼ੈਸਲਾਕੁਨ ਸੰਘਰਸ਼ ਵਿੱਢਿਆ ਜਾਵੇਗਾ।
ਮੀਟਿੰਗ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਫ਼ੈਸਲਾ ਕੀਤਾ ਗਿਆ ਕਿ 13 ਜੁਲਾਈ ਨੂੰ ਮਰਹੂਮ ਸਾਥੀ ਬਲਕਾਰ ਸਿੰਘ ਡਕੌਂਦਾ ਦੀ ਬਰਸੀ ਜ਼ਿਲ੍ਹਾ ਪੱਧਰ ‘ਤੇ ਪੂਰੇ ਇਨਕਲਾਬੀ ਜੋਸ਼ ਨਾਲ ਮਨਾਈ ਜਾਵੇਗੀ। ਜੁਲਾਈ ਮਹੀਨੇ ਵਿੱਚ ਸਾਰੇ ਜ਼ਿਲ੍ਹਿਆਂ ਦੀਆਂ ਜਥੇਬੰਦਕ ਚੋਣਾਂ ਮੁਕੰਮਲ ਕਰਕੇ ਸੂਬਾਈ ਇਜਲਾਸ ਕਰਨ ਦੀਆਂ ਤਿਆਰੀਆਂ ਵੀ ਕੀਤੀਆਂ ਗਈਆਂ।
ਇਸ ਤੋਂ ਇਲਾਵਾ 1 ਜੁਲਾਈ ਤੋਂ ਲਾਗੂ ਹੋਣ ਵਾਲੇ ਤਿੰਨ ਫ਼ੌਜਦਾਰੀ ਕਨੂੰਨਾਂ ਦੇ ਖ਼ਿਲਾਫ਼ ਅਤੇ ਅਰੁੰਧਤੀ ਰਾਏ ਦੇ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ ਦੇ ਵਿਰੁੱਧ ਸਾਰੇ ਪੰਜਾਬ ਦੇ ਜ਼ਿਲ੍ਹਾ ਅਤੇ ਤਹਿਸੀਲ ਪੱਧਰਾਂ ਤੇ ਕੀਤੇ ਗਏ ਵਿਖਾਵਿਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵਰਕਰ ਅਨੇਕਾਂ ਥਾਵਾਂ ਤੇ ਸ਼ਾਮਿਲ ਹੋਏ। ਮੀਟਿੰਗ ਨੇ ਮੰਗ ਕੀਤੀ ਕਿ ਪੁਲਿਸ ਨੂੰ ਅਥਾਹ ਤਾਕਤਾਂ ਦੇਣ ਅਤੇ ਵਿਰੋਧੀ ਵਿਚਾਰ ਵਾਲਿਆਂ ਨੂੰ ਜੇਲ੍ਹਾਂ ਵਿੱਚ ਡੱਕ ਦੇਣ ਦੀ ਖੁੱਲ੍ਹ ਦੇਣ ਵਾਲੇ ਇਨ੍ਹਾਂ ਤਿੰਨ ਨਵੇਂ ਫੌਜ਼ਦਾਰੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।
ਮੀਟਿੰਗ ਨੇ ਕਾਲਾ ਸੰਘਿਆਂ ਡਰੇਨ ਵਿੱਚ ਪਾਏ ਜਾ ਰਹੇ ਫੈਕਟਰੀਆਂ ਅਤੇ ਸ਼ਹਿਰਾਂ ਦੇ ਸੀਵਰੇਜ ਦੇ ਮਨੁੱਖੀ ਸਿਹਤ ਲਈ ਹਾਨੀਕਾਰਕ ਗੰਦੇ ਪਾਣੀ ਦਾ ਮੁੱਦਾ ਉਠਾਇਆ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦਰਿਆਵਾਂ ਅਤੇ ਨਹਿਰਾਂ ਵਿੱਚ ਫੈਕਟਰੀਆਂ ਅਤੇ ਸੀਵਰੇਜ ਦਾ ਪ੍ਰਦੂਸ਼ਤ ਪਾਣੀ ਪਾਉਣਾ ਬੰਦ ਕੀਤਾ ਜਾਵੇ।
ਮੀਟਿੰਗ ਵਿੱਚ ਸੂਬਾ  ਖਜ਼ਾਨਚੀ ਬਲਵੰਤ ਸਿੰਘ ਉੱਪਲੀ, ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ, ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ, ਮੱਖਣ ਸਿੰਘ ਭੈਣੀ ਬਾਘਾ ਤੋਂ ਇਲਾਵਾ ਫਾਜ਼ਿਲਕਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਲੁਧਿਆਣਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ ਅਤੇ ਮੁਹਾਲੀ ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਹਾਜ਼ਰ ਸਨ।

Related Articles

Leave a Comment