ਸੰਗਰੂਰ (ਰਾਜੂ ਸਿੰਗਲਾ)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਆਮ ਲੋਕਾਂ ਨੂੰ ਸਾਫ ਸੁਥਰੀਆਂ, ਪਾਰਦਰਸ਼ੀ ਤੇ ਸਮਾਂਬੱਧ ਪ੍ਰਸ਼ਾਸ਼ਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਜਿਲਾ ਸੰਗਰੂਰ ਅਧੀਨ ਆਉਂਦੀਆਂ ਸਾਰੀਆਂ ਤਹਿਸੀਲਾਂ ਅਤੇ ਸਭ ਤਹਿਸੀਲਾਂ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਸਖਤ ਦਿਸ਼ਾ ਨਿਰਦੇਸ਼ਾਂ ਹੇਠ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਅਚਨਚੇਤ ਜਾਂਚ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।
ਅੱਜ ਐਸਡੀਐਮ ਸੁਨਾਮ ਪ੍ਰਮੋਦ ਸਿੰਗਲਾ ਨੇ ਤਹਿਸੀਲ ਵਿੱਚ ਚੱਲ ਰਹੀ ਰਜਿਸਟਰੀਆਂ ਦੀ ਪ੍ਰਕਿਰਿਆ ਦੀ ਅਚਨਚੇਤ ਜਾਂਚ ਪੜਤਾਲ ਕੀਤੀ ਅਤੇ ਰਜਿਸਟਰੀਆਂ ਕਰਵਾਉਣ ਲਈ ਪਹੁੰਚੇ ਆਮ ਲੋਕਾਂ ਤੋਂ ਫੀਡਬੈਕ ਹਾਸਿਲ ਕੀਤੀ। ਐਸਡੀਐਮ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਤਹਿਸੀਲਾਂ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਦੀ ਭਾਵਨਾ ਨਾਲ ਨਿਭਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਅਜਿਹੀ ਅਚਨਚੇਤ ਜਾਂਚ ਪੜਤਾਲ ਦੀ ਪ੍ਰਕਿਰਿਆ ਨਿਯਮਤ ਅਧਾਰ ਤੇ ਲਾਗੂ ਰੱਖੀ ਜਾਵੇਗੀ ਅਤੇ ਇਸ ਦੌਰਾਨ ਜੇਕਰ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਅਧਿਕਾਰੀ ਜਾਂ ਕਰਮਚਾਰੀ ਉੱਤੇ ਭ੍ਰਿਸ਼ਟਾਚਾਰ ਕਰਨ, ਪੱਖਪਾਤ ਕਰਨ ਜਾਂ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰਨ ਜਾਂ ਲੈਣ ਦੇ ਦੋਸ਼ ਲਗਾਏ ਜਾਂਦੇ ਹਨ ਤਾਂ ਉਸ ਖਿਲਾਫ ਸਖਤ ਵਿਭਾਗੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।
ਸ਼੍ਰੀ ਸਿੰਗਲਾ ਨੇ ਸੁਨਾਮ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਸਟਾਫ ਨੂੰ ਤਰਜੀਹੀ ਅਧਾਰ ਤੇ ਉਚਿਤ ਹੱਲ ਕਰਨ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਸਬ ਡਿਵੀਜ਼ਨ ਸੁਨਾਮ ਦੇ ਵਿੱਚ ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਉਹ ਵਚਨਬੱਧ ਹਨ।