ਚੰਡੀਗੜ੍ਹ, 6 ਜੁਲਾਈ
ਲੁਧਿਆਣਾ ਵਿੱਚ ਸ਼ਿਵ ਸੈਨਾ (ਪੰਜਾਬ) ਦੇ ਆਗੂ ਸੰਦੀਪ ਥਾਪਰ ’ਤੇ ਤਿੰਨ ਨਿਹੰਗਾਂ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਸੂਬੇ ਵਿੱਚ ਸਿਆਸੀ ਜੰਗ ਛਿੜ ਗਈ ਹੈ ਅਤੇ ਵਿਰੋਧੀ ਪਾਰਟੀਆਂ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਮਾਮਲੇ ’ਤੇ ਮੁੱਖ ਮੰਤਰੀ ਤੋਂ ਅਸਤੀਫਾ ਮੰਗਿਆ ਜਾ ਰਿਹਾ ਹੈ। ਰਵਨੀਤ ਸਿੰਘ ਬਿੱਟੂ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੂਬਾ ਸਰਕਾਰ ਕਾਨੂੰਨ ਵਿਵਸਥਾ ਦੇ ਮੋਰਚੇ ’ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਕਸ ’ਤੇ ਪੋਸਟ ਪਾ ਕੇ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਪ੍ਰਸ਼ਾਸਨ ਗਾਇਬ ਹੈ। ਕਾਨੂੰਨ ਵਿਵਸਥਾ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ। ਅਧਿਕਾਰੀ ਆਪਣਾ ਕੰਮ ਕਰਨ ਦੀ ਬਜਾਏ ‘ਆਪ’ ਆਗੂਆਂ ਨੂੰ ਖੁਸ਼ ਕਰਨ ‘ਚ ਲੱਗੇ ਹੋਏ ਹਨ।