– ਇਲਾਕੇ ਦੇ ਲੋਕਾਂ ਨੂੰ ਕੁਦਰਤੀ ਮਾਰ ਤੋਂ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ – ਵਿਧਾਇਕ
– ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਅਗਾਉਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ
ਧਰਮਕੋਟ/ ਕੋਟ ਇਸੇ ਖਾਂ /ਮੋਗਾ, 16 ਜੁਲਾਈ (ਤਰਸੇਮ ਸੱਚਦੇਵਾ )-
ਅਗਾਮੀ ਮੌਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਦੇ ਸਖ਼ਤ ਨਿਰਦੇਸ਼ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਲਗਾਤਾਰ ਉਪਰਾਲੇ ਸ਼ੁਰੂ ਕੀਤੇ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਅਗਾਉਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਜ਼ਿਲ੍ਹਾ ਮੋਗਾ ਅਧੀਨ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਅਧੀਨ ਪੈਂਦੇ ਸਤਲੁਜ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਰਾਸ਼ੀ ਭੇਜੀ ਗਈ ਸੀ ਜਿਸ ਨਾਲ ਜਿਆਦਾਤਰ ਬੰਨ੍ਹ ਜਾਂ ਕਿਨਾਰਿਆਂ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ ਜਦਕਿ ਰਹਿੰਦੇ ਬਾਕੀ ਕੰਮਾਂ ਨੂੰ ਵੀ ਜਲਦ ਹੀ ਮੁਕੰਮਲ ਕਰਵਾਇਆ ਜਾਵੇਗਾ। ਉਹਨਾਂ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਉਹਨਾਂ ਨੂੰ ਇਸ ਕੁਦਰਤੀ ਮਾਰ ਤੋਂ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੌਰਾਨ ਉਹਨਾਂ ਨੇ ਪਿੰਡ ਮੇਲਕ ਗੰਗਾ, ਸੰਘੇੜਾ, ਭੈਣੀ, ਮਦਾਰਪੁਰ, ਕੰਬੋ ਕਲਾਂ ਅਤੇ ਨਾਲ ਲੱਗਦੇ ਇਲਾਕਿਆਂ ਦਾ ਮੌਕਾ ਦੇਖਿਆ।
ਉਹਨਾਂ ਕਿਹਾ ਕਿ ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ, ਖਾਸ ਕਰਕੇ ਮੋਗਾ ਸ਼ਹਿਰ, ਨੂੰ ਹੜ੍ਹ ਤੋਂ ਬਚਾਉਣ ਲਈ ਅੰਤਰ ਜ਼ਿਲ੍ਹਾ ਯੋਜਨਾ ਤਿਆਰ ਕੀਤੀ ਗਈ ਹੈ। ਜਿਸ ਤਹਿਤ ਸਿੱਧਵਾਂ ਬੇਟ (ਜ਼ਿਲ੍ਹਾ ਲੁਧਿਆਣਾ) ਇਲਾਕੇ ਤੋਂ ਆਉਣ ਵਾਲੇ ਪਾਣੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਬੰਨ੍ਹ ਦਾ ਰਕਬਾ ਨੀਵਾਂ ਹੈ। ਜਿਸ ਸਬੰਧੀ ਡਿਪਟੀ ਕਮਿਸ਼ਨਰ, ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਇਹ ਬੰਨ੍ਹ ਫਲੱਡ ਸੀਜਨ ਤੌਂ ਪਹਿਲਾ ਉੱਚਾ ਕਰਵਾਉਣ ਬਾਰੇ ਕਿਹਾ ਗਿਆ ਸੀ। ਜਿਸ ਉੱਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੇ ਭਰੋਸਾ ਦਿੱਤਾ ਹੋਇਆ ਹੈ ਕਿ ਬੰਨ੍ਹ ਫਲੱਡ ਸੀਜਨ ਤੌਂ ਪਹਿਲਾ ਉੱਚਾ ਕਰਵਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਨਾਲ ਲੱਗਦੇ ਜ਼ਿਲ੍ਹਾ ਜਲੰਧਰ ਨਾਲ ਵੀ ਦਰਿਆ ਦਾ ਰਾਸਤਾ ਪੱਧਰਾ ਰੱਖਣ ਲਈ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।
ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਅਧੀਨ ਪੈਂਦੇ ਸਤਲੁਜ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਨਾਲ ਇਸ ਇਲਾਕੇ ਵਿਚ ਹੜ੍ਹ ਦਾ ਖਤਰਾ ਬਿਲਕੁਲ ਹੀ ਖਤਮ ਹੋ ਜਾਵੇਗਾ। ਪਰ ਦੇਖਣ ਵਿਚ ਆਇਆ ਹੈ ਕਿ ਸਿੱਧਵਾਂ ਬੇਟ (ਜ਼ਿਲ੍ਹਾ ਲੁਧਿਆਣਾ) ਵਾਲੇ ਪਾਸੇ ਤੋਂ ਆਉਣ ਵਾਲੇ ਦਰਿਆ ਦੇ ਬੰਨ੍ਹ ਨੀਵੇਂ ਸਨ। ਜਿਸ ਨੂੰ ਤੁਰੰਤ ਉੱਚਾ ਕਰਨ ਦੀ ਲੋੜ੍ਹ ਸੀ। ਜੇਕਰ ਇਹ ਬੰਨ੍ਹ ਟੁੱਟਦੇ ਹਨ ਤਾਂ ਇਸ ਦਾ ਪਾਣੀ ਮੋਗਾ ਸ਼ਹਿਰ ਤੱਕ ਮਾਰ ਕਰ ਸਕਦਾ ਹੈ। ਇਸ ਕਰਕੇ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ।
ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਹੱਦ ਅੰਦਰ ਪਿੰਡ ਕਮਾਲਕੇ ਅਤੇ ਸ਼ੇਰਪੁਰ ਤਾਇਬਾ ਵਿਚਕਾਰ ਪੈਂਦੇ ਐਲ 5 ਬੰਨ੍ਹ ਅਤੇ ਪਿੰਡ ਭੈਣੀ ਅਤੇ ਸੰਘੇੜਾ ਦਰਮਿਆਨ ਪੈਂਦੇ ਗਿੱਦੜਪਿੰਡੀ ਬੰਨ੍ਹ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।ਜ਼ਿਲ੍ਹੇ ਵਿੱਚੋਂ ਲੰਘਦੀਆਂ ਛੇ ਡਰੇਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਜਿਕਰਯੋਗ ਹੈ ਕਿ ਪਿਛਲੇ ਮੌਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਦੀ ਹੱਦ ਅੰਦਰ ਸਤਲੁਜ ਦਰਿਆ ਵਿੱਚ 3 ਲੱਖ ਕਿਊਸਕ ਪਾਣੀ ਚੱਲਿਆ ਸੀ। ਇਸ ਵਾਰ ਇਸ ਤੋਂ ਵੀ ਜਿਆਦਾ ਪਾਣੀ ਨੂੰ ਕਾਬੂ ਕਰਨ ਲਈ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਤੋਂ ਇਲਾਵਾ ਵਿਧਾਇਕ ਵੱਲੋਂ ਜਿਲ੍ਹਾ ਮੋਗਾ ਦੇ ਅਧਿਕਾਰੀਆਂ ਨੂੰ ਲਗਾਤਾਰ ਧੁੱਸੀ ਬੰਨ੍ਹ ਦੀ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਗਏ ਤਾਂ ਜੋ ਬਰਸਾਤੀ ਸੀਜਨ ਦੌਰਾਨ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ। ਇਸ ਮੌਕੇ ਧਰਮਕੋਟ ਦੇ ਐੱਸ ਡੀ ਐਮ ਸ੍ਰ ਜਸਪਾਲ ਸਿੰਘ ਬਰਾੜ, ਤਹਿਸੀਲਦਾਰ ਸ੍ਰ ਰੇਸ਼ਮ ਸਿੰਘ, ਡਰੇਨੇਜ ਵਿਭਾਗ ਦੇ ਅਧਿਕਾਰੀ ਵੀ ਨਾਲ ਸਨ।