ਅੰਮ੍ਰਿਤਸਰ 11 ਸਤੰਬਰ 2024 (ਰਣਜੀਤ ਸਿੰਘ ਮਸੌਣ/ ਕੁਸ਼ਾਲ ਸ਼ਰਮਾਂ)
ਹਰ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਜੀਵਨ ਵਿੱਚ ਕੋਈ ਟੀਚਾ ਜ਼ਰੂਰ ਨਿਰਧਾਰਿਤ ਕਰਨਾ ਚਾਹੀਦਾ ਹੈ ਅਤੇ ਉਸ ਟੀਚੇ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਨੀ ਚਾਹੀਦੀ ਹੈ ਤਾਂ ਹੀ ਵਿਦਿਆਰਥੀ ਆਪਣੇ ਜੀਵਨ ਵਿਚ ਸਫ਼ਲ ਹੋ ਸਕਦੇ ਹਨ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮਾਰਚ 2024 ਪ੍ਰੀਖਿਆਵਾਂ ਦੇ ਦਸਵੀਂ ਅਤੇ ਬਾਹਰਵੀ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਕੇ ਸਨਮਾਨਿਤ ਕਰਨ ਸਮੇਂ ਕੀਤਾ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਵਿੱਚ ਦਸਵੀਂ ਸ਼੍ਰੇਣੀ ਦੇ 40 ਵਿਦਿਆਰਥੀਆਂ ਅਤੇ ਬਾਹਰਵੀ ਸ਼੍ਰੇਣੀ ਦੇ 41 ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਤਾਂ ਜੀਵਨ ਵਿੱਚ ਕੋਈ ਨਾ ਕੋਈ ਉੱਚੇ ਅਹੁੱਦੇ ਤੇ ਜ਼ਰੂਰ ਪਹੁੰਚਣਾ ਚਾਹੀਦਾ ਹੈ ਅਤੇ ਜੀਵਨ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾ ਕੇ ਇੱਕ ਛਾਪ ਛੱਡਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਹਾ ਕਿ ਅੱਜ ਦੇ ਬੱਚੇ ਸਾਡਾ ਭਵਿੱਖ ਹਨ ਅਤੇ ਅੱਗੇ ਚੱਲ ਕੇ ਇਨ੍ਹਾਂ ਵਿੱਚੋਂ ਕੁੱਝ ਬੱਚਿਆਂ ਨੇ ਸਿਆਸਤ, ਡਾਕਟਰ, ਇੰਜਨੀਅਰ ਅਤੇ ਵੱਡੇ ਅਧਿਕਾਰੀ ਬਨਣਾ ਹੈ। ਉਨਾਂ ਦੱਸਿਆ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਵਿਦਿਆਰਥੀ 90 ਫੀਸਦ ਤੋਂ ਵੱਧ ਨੰਬਰ ਲੈਣ ਵਿੱਚ ਕਾਮਯਾਬ ਰਹੇ ਹਨ। ਉਨਾਂ ਆਪਣੀ ਪੜ੍ਹਾਈ ਦੇ ਤਜ਼ਰਬੇ ਦੱਸਦਿਆਂ ਬੱਚਿਆਂ ਨੂੰ ਨਿਸ਼ਾਨਾ ਮਿੱਥ ਕੇ ਅੱਗੇ ਵੱਧਣ ਦਾ ਸੱਦਾ ਦਿੰਦਿਆਂ ਕਿਹਾ ਕਿ ਮਿਹਨਤ ਨਾਲ ਬੱਚੇ ਮਨਚਾਹਾ ਟੀਚਾ ਪ੍ਰਾਪਤ ਕਰ ਸਕਦੇ ਹਨ। ਉਨਾਂ ਕਿਹਾ ਕਿ ਤੁਸੀਂ ਹੀ ਦੇਸ਼ ਦਾ ਭਵਿੱਖ ਹੋ ਅਤੇ ਦੇਸ਼ ਨੂੰ ਤੁਹਾਡੇ ਤੇ ਬਹੁਤ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਬਾਕੀ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ ਲੈ ਕੇ ਆਪਣੀ ਪੜ੍ਹਾਈ ਕਰਨੀ ਚਾਹੀਦੀ ਹੈ ਤਾਂ ਜੋ ਉਹ ਅਵੱਲ ਆ ਕੇ ਆਪਣਾ, ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੋਸ਼ਨ ਕਰ ਸਕਣ।
ਇਸ ਮੌਕੇ ਤੇ ਜਿਲਾ ਸਿੱਖਿਆ ਅਫ਼ਸਰ (ਸੈ:ਸਿ:) ਹਰਭਗਵੰਤ ਸਿੰਘ, ਜਿਲਾ ਸਿੱਖਿਆ ਅਫ਼ਸਰ (ਐ:ਸਿ:) ਕੰਵਲਜੀਤ ਸਿੰਘ, ਉਪ ਜਿਲਾ ਸਿੱਖਿਆ ਅਫ਼ਸਰ (ਸੈ:ਸਿ:) ਰਾਜੇਸ਼ ਖੰਨਾ, ਪ੍ਰਿੰਸੀਪਲ ਹਰਪ੍ਰੀਤ ਸਿੰਘ, ਆਸ਼ੂ ਵਿਸ਼ਾਲ ਸਪੋਰਟਸ ਕੋ-ਆਰਡੀਨੇਟਰ, ਰਾਜਦੀਪ ਸਿੰਘ ਸਟੈਨੋ, ਮਨਜੀਤ ਕੌਰ ਜੂਨੀਅਰ ਸਹਾਇਕ, ਸਪਨਾ ਕਲਰਕ, ਸੰਜੇ, ਜਗਦੀਪਕ, ਸਰਬਜੀਤ ਸਿੰਘ ਵੀ ਹਾਜ਼ਰ ਸਨ।
ਕੈਪਸ਼ਨ: ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ।