ਚੰਡੀਗੜ੍ਹ (ਬਿਊਰੋ)-ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਔਰਤਾਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ 31 ਮਾਰਚ ਤੱਕ ਲਾਗੂ ਹੋ ਜਾਵੇਗੀ ਕਿਉਂਕਿ ਲਾਭਪਾਤਰੀਆਂ ਨੂੰ ਇਸ ਦੀ ਸਖ਼ਤ ਲੋੜ ਹੈ। ਆਪਣੀਆਂ ਤਰਜੀਹਾਂ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਲੜਕੀਆਂ ਦੇ ਸਸ਼ਕਤੀਕਰਨ ਦੀ ਕੁੰਜੀ ਹੈ ਅਤੇ ਉਹ ਇਸ ਮੰਤਵ ਲਈ ਵਚਨਬੱਧ ਰਹਿਣਗੇ। ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਚੋਣ ਵਾਅਦੇ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਹਰ ਚੋਣ ਵਾਅਦੇ ਨੂੰ ਪੂਰੀ ਤਰ੍ਹਾਂ ਲਾਗੂ ਕਰੇਗੀ।ਔਰਤਾਂ ਦੀ ਸੁਰੱਖਿਆ ਸਬੰਧੀ ਕਾਨੂੰਨਾਂ ਨੂੰ ਲਾਗੂ ਕਰਨ ’ਚ ਕਮੀਆਂ ਦੀ ਗੱਲ ਕਰਦਿਆਂ ਡਾ. ਕੌਰ, ਜਿਨ੍ਹਾਂ ਨੂੰ ਰਸਾਲਿਆਂ ’ਚ ਸਮਾਜਿਕ ਮੁੱਦਿਆਂ ’ਤੇ ਲਿਖਣ ਅਤੇ ਕਵਿਤਾਵਾਂ ਲਿਖਣ ਦਾ ਸ਼ੌਕ ਹੈ, ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਸਬੰਧੀ ਕਾਨੂੰਨ ਤਾਂ ਹਨ ਪਰ ਇਨ੍ਹਾਂ ਨੂੰ ਲਾਗੂ ਕਰਨ ਦੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਕਾਨੂੰਨਾਂ ਵਿਚਲੀ ਹਰ ਖਾਮੀ ਨੂੰ ਦੂਰ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਲੜਕੀਆਂ ਦੀ ਸਿੱਖਿਆ ਲਈ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਯੋਜਨਾ ਉਲੀਕਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਹਿੰਸਾ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਪਨਾਹ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਜ਼ਿਲ੍ਹੇ ’ਚ ਵਨ ਸਟਾਪ ਸਖੀ ਕੇਂਦਰਾਂ ਨੂੰ ਮਜ਼ਬੂਤ ਕਰਨ ਲਈ ਵੀ ਕਿਹਾ।ਜ਼ਿਕਰਯੋਗ ਹੈ ਕਿ ਡਾ. ਬਲਜੀਤ ਕੌਰ ਅੱਖਾਂ ਦੇ ਸਰਜਨ ਹਨ ਅਤੇ ਹਾਲ ਹੀ ’ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਮਲੋਟ ਵਿਧਾਨ ਸਭਾ ਹਲਕੇ ਤੋਂ ਚੁਣੇ ਗਏ। ਉਹ ਮੁਕਤਸਰ ਦੇ ਸਰਕਾਰੀ ਸਿਵਲ ਹਸਪਤਾਲ ’ਚ ਅੱਖਾਂ ਦੇ ਸਰਜਨ ਵਜੋਂ ਸੇਵਾਵਾਂ ਨਿਭਾ ਰਹੇ ਸਨ। 46 ਸਾਲਾ ਅੱਖਾਂ ਦੇ ਡਾਕਟਰ ਨੇ ਆਪਣੀ ਪਹਿਲੀ ਚੋਣ ਲੜਨ ਲਈ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਲਈ। ਡਾ. ਬਲਜੀਤ ਕੌਰ ਪ੍ਰੋ. ਸਾਧੂ ਸਿੰਘ ਦੀ ਧੀ ਹੈ, ਜੋ 2014 ਤੋਂ 2019 ਤੱਕ ਫਰੀਦਕੋਟ ਤੋਂ ‘ਆਪ’ ਦੇ ਸੰਸਦ ਮੈਂਬਰ ਸਨ। ਮੁਕਤਸਰ ਜ਼ਿਲ੍ਹੇ ’ਚ ਆਪਣੀ ਤਾਇਨਾਤੀ ਦੌਰਾਨ ਡਾ. ਬਲਜੀਤ ਕੌਰ ਆਪਣੇ ਕੰਮ ਲਈ ਇਕ ਜਾਣਿਆ-ਪਛਾਣਿਆ ਚਿਹਰਾ ਬਣ ਗਏ ਸਨ।
ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ 31 ਮਾਰਚ ਤੱਕ ਹੋ ਜਾਵੇਗੀ ਲਾਗੂ : ਬਲਜੀਤ ਕੌਰ
previous post