ਜ਼ੀਰਾ, 30 ਸਤੰਬਰ ( ਗੁਰਪ੍ਰੀਤ ਸਿੰਘ ਸਿੱਧੂ ) :- ਦੇਸ਼ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਕਰਾਰੀ ਹਾਰ ਅਤੇ ਪਿੰਡਾਂ ਵਿੱਚ ਵੋਟ ਬੈਂਕ ਘੱਟ ਜਾਣ ਤੋਂ ਡਰੀ ਮਾਨ ਸਰਕਾਰ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਤੋਂ ਪਿਛਲੇ ਇਕ ਸਾਲ ਤੋਂ ਟਾਲ ਮਟੋਲ ਦੀ ਨੀਤੀ ਤੇ ਤੁਰੀ ਹੋਈ ਸੀ, ਜਿਸ ਨੂੰ ਹਾਈਕੋਰਟ ਦੇ ਡੰਡੇ ਨਾਲ ਪੰਚਾਇਤੀ ਚੋਣਾਂ ਕਰਵਾਉਣ ਲਈ ਮਜ਼ਬੂਰ ਹੋਣਾ ਪਿਆ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਕਮੇਟੀ ਫਿਰੋਜ਼ਪੁਰ ਦੇ ਜ਼ਿਲਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਮਾਨ ਸਰਕਾਰ ਪੰਚਾਇਤੀ ਚੋਣਾਂ ਕਰਵਾਉਣ ਵਿੱਚ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ, ਪਿਛਲੇ ਇੱਕ ਸਾਲ ਦੋਰਾਨ ਪੰਚਾਇਤੀ ਚੋਣਾਂ ਦੀ ਤਿਆਰੀ ਨਾ ਹੋਣ ਅਤੇ ਸੀਜਨ ਵਿੱਚ ਕਰਵਾਉਣ ਦੇ ਫੈਸਲੇ ਨਾਲ ਕਿਸਾਨਾਂ, ਮਜ਼ਦੂਰਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਕੁਲਬੀਰ ਜ਼ੀਰਾ ਨੇ ਕਿਹਾ ਕਿ ਚੋਣਾਂ ਲੜਣ ਦੇ ਚਾਹਵਾਨ ਉਮੀਦਵਾਰਾਂ ਨੂੰ ਐਨੳਸੀ ਲੈਣ ਅਤੇ ਚੁੱਲਾ ਟੈਕਸ ਜਮਾਂ ਕਰਵਾਉਣ ਲਈ ਘੰਟਿਆਂ ਬੱਧੀ ਲਾਇਨਾਂ ਵਿੱਚ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ, ਦਫ਼ਤਰਾਂ ਵਿੱਚ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਗਏ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬਿਆਨ ਕਿ ਪੰਚਾਇਤੀ ਚੋਣਾਂ ਪਾਰਟੀ ਚੋਣ ਨਿਸ਼ਾਨ ਤੇ ਨਹੀ ਹੋਣਗੀਆਂ ਕਿੰਨੇ ਹਾਸੋਹੀਣੇ ਹਨ, ਜਦੋਂਕਿ ਅੱਜ ਤੱਕ ਕਦੇ ਵੀ ਪੰਚਾਇਤ ਦੀ ਚੋਣ ਪਾਰਟੀ ਚੋਣ ਨਿਸ਼ਾਨ ਤੇ ਨਹੀਂ ਹੋਈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਪੰਚਾਇਤੀ ਚੋਣਾਂ ਲੜਣ ਲਈ ਅੱਗੇ ਨਹੀ ਆ ਰਹੇ, ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਜਿਹੇ ਬੇਤੁਕੇ ਬਿਆਨ ਦੇ ਰਹੇ ਹਨ, ਉਨਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਨਾਲ ਪਿੰਡਾਂ ਵਿੱਚ ਪੰਚਾਇਤੀ ਚੌਣਾਂ ਲੜੇਗੀ ਅਤੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗੀ। ਉਨਾਂ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਅਤੇ ਧਾਂਦਲੀਆਂ ਬਰਦਾਸ਼ਤ ਨਹੀਂ ਕਰਾਂਗੇ।