, ਬਹਿਰਾਮ, ਨਵਾਂ ਸ਼ਹਿਰ, ਬੰਗ, ਹੁਸੈਨੀਵਾਲ, 23 ਮਾਰਚ, ( ਮਨਜੀਤ ਢੱਲਾ )- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਹੀਦ-ਏ-ਆਜਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਰਧਾਂਜਲੀ ਅਰਪਿਤ ਕਰਨ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਹੀਦ ਭਗਤ ਸਿੰਘ, ਸਹੀਦ ਰਾਜਗੁਰੂ ਅਤੇ ਸਹੀਦ ਸੁਖਦੇਵ ਨੂੰ ਸਹੀਦ ਦਾ ਦਰਜਾ ਦਿਵਾਉਣ ਲਈ ਠੋਸ ਅਤੇ ਸੁਹਿਰਦ ਯਤਨ ਕੀਤੇ ਜਾਣਗੇ। ਸਹੀਦ ਭਗਤ ਸਿੰਘ ਦੇ ਭਤੀਜੇ ਸਵ. ਅਭੈ ਸੰਧੂ ਦੀ ਪਤਨੀ ਸ੍ਰੀਮਤੀ ਤੇਜੀ ਸੰਧੂ, ਸ੍ਰੀ ਅਭੈ ਸੰਧੂ ਦੀ ਪੁੱਤਰੀ ਸ੍ਰੀਮਤੀ ਅਨੁਸ ਪਿ੍ਰਆ, ਸ੍ਰੀ ਪ੍ਰਭਦੀਪ ਸਿੰਘ ਬੈਨੀਵਾਲ, ਸ੍ਰੀ ਹਕੂਮਤ ਸਿੰਘ ਮੱਲੀ, ਸ੍ਰੀ ਜੋਰਾਵਰ ਸਿੰਘ ਸੰਧੂ, ਸ੍ਰੀ ਗੌਰਵ ਸੰਧੂ, ਸ੍ਰੀਮਤੀ ਸ੍ਰੀਮਤੀ ਕੰਨਗੀ ਸੰਧੂ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਭਾਰਤ ਦੀ ਅਜਾਦੀ ਦੇ ਸੰਘਰਸ ਦੇ ਮਹਾਨ ਨਾਇਕ ਅਤੇ ਉਨਾਂ ਦੇ ਦੋਵਾਂ ਸਾਥੀਆਂ ਨੂੰ ਸਹੀਦ ਦਾ ਦਰਜਾ ਦਿਵਾਉਣ ਲਈ ਸਾਡੀ ਸਰਕਾਰ ਹਰ ਸੰਭਵ ਯਤਨ ਕਰੇਗੀ, ਜਿਨਾਂ ਨੇ ਛੋਟੀ ਉਮਰ ਵਿੱਚ ਦੇਸ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨਾਂ ਅਫਸੋਸ ਜਾਹਰ ਕਰਦਿਆਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਆਜਾਦੀ ਦੇ 70 ਸਾਲ ਤੋਂ ਵੱਧ ਸਮਾਂ ਬੀਤ ਜਾਣ ਪਿੱਛੋਂ ਵੀ ਇਨਾਂ ਕੌਮੀ ਨਾਇਕਾਂ ਨੂੰ ਇਹ ਦਰਜਾ ਨਹੀਂ ਦਿੱਤਾ ਗਿਆ। ਸ੍ਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ ਨੂੰ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਕੱਢਣ ਲਈ ਸਮੁੱਚੀ ਕੌਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਅਦੁੱਤੀ ਸਹਾਦਤ ਦੀ ਸਦਾ ਰਿਣੀ ਰਹੇਗੀ। ਸਹੀਦ-ਏ-ਆਜਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਹੀਦ ਭਗਤ ਸਿੰਘ ਦੀ ਸੁਹਿਰਦ ਸੋਚ ’ਤੇ ਡੱਟ ਕੇ ਪਹਿਰਾ ਦੇਣ ਅਤੇ ਖੁਸਹਾਲ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਆਜਾਦੀ ਸੰਘਰਸ ਦੇ ਨੌਜਵਾਨ ਨਾਇਕ ਨੇ ਦੇਸ ਨੂੰ ਵਿਦੇਸੀ ਸਾਮਰਾਜਵਾਦੀ ਤਾਕਤਾਂ ਤੋਂ ਮੁਕਤ ਕਰਵਾਉਣ ਲਈ ਛੋਟੀ ਉਮਰੇ ਹੀ ਆਪਣੀ ਜਾਨ ਵਾਰ ਦਿੱਤੀ ਸੀ। ਸ੍ਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਹਾਨ ਨਾਇਕ ਦੀ ਇੱਛਾ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਅਫਸੋਸ ਜਾਹਰ ਕਰਦਿਆਂ ਕਿਹਾ ਕਿ ਹੁਣ ਤੱਕ ਦੇਸ ਅਤੇ ਸੂਬੇ ਵਿੱਚ ਸੱਤਾ ਸੰਭਾਲਣ ਵਾਲਿਆਂ ਨੇ ਸਹੀਦ ਭਗਤ ਸਿੰਘ ਦੇ ਸੁਪਨੇ ਨੂੰ ਅਮਲੀ ਜਾਮਾ ਪਵਾਉਣ ਲਈ ਕੁਝ ਵੀ ਨਹੀਂ ਕੀਤਾ। ਉਨਾਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਸਾਡੇ ਨੌਜਵਾਨਾਂ ਨੂੰ ਰੁਜਗਾਰ ਅਤੇ ਬਿਹਤਰ ਭਵਿੱਖ ਦੀ ਭਾਲ ਵਿੱਚ ਉਨਾਂ ਮੁਲਕਾਂ ਵਿੱਚ ਹੀ ਜਾਣ ਲਈ ਮਜਬੂਰ ਹੋਣਾ ਪਿਆ ਜਿਨਾਂ ਦੇ ਮੂਲ ਵਾਸੀਆਂ ਨੂੰ ਸਹੀਦ ਭਗਤ ਸਿੰਘ ਅਤੇ ਹੋਰ ਆਜਾਦੀ ਘੁਲਾਟੀਆਂ ਨੇ ਲੰਮੇ ਅਜਾਦੀ ਸੰਘਰਸ ਤੋਂ ਬਾਅਦ ਦੇਸ ਤੋਂ ਬਾਹਰ ਕੱਢਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਸਹਿਯੋਗ ਨਾਲ ਇਸ ਮੰਦਭਾਗੇ ਰੁਝਾਨ ਨੂੰ ਠੱਲ ਪਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨਾਂ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ’ਆਪ’ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਮਦਦ ਤੋਂ ਬਿਨਾਂ ਇਹ ਮਹੱਤਵਪੂਰਨ ਕਾਰਜ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਦੌਰਾਨ ਮੁੱਖ ਮੰਤਰੀ ਨੇ ਖਟਕੜ ਕਲਾਂ ਸਥਿਤ ਅਜਾਇਬ ਘਰ ਦਾ ਦੌਰਾ ਵੀ ਕੀਤਾ। ਭਾਵੁਕ ਹੋ ਕੇ ਭਗਵੰਤ ਮਾਨ ਨੇ ਵਿਜਟਰ ਬੁੱਕ ਵਿੱਚ ਲਿਖਿਆ, “ਖਟਕੜ ਕਲਾਂ ਦੀ ਪਵਿੱਤਰ ਧਰਤੀ ਹਮੇਸਾਂ ਮੇਰੇ ਦਿਲ ਦੇ ਬਹੁਤ ਨੇੜੇ ਰਹੀ ਹੈ। ਅਜਾਇਬ ਘਰ ਵਿੱਚ ਦਰਸਾਏ ਸਹੀਦ ਦੇ ਜੀਵਨ ਵੇਰਵਿਆਂ ਅਤੇ ਨਿੱਜੀ ਚੀਜਾਂ ਨੇ ਮੈਨੂੰ ਭਾਵੁਕ ਕਰ ਦਿੱਤਾ ਹੈ। ਸਹੀਦ-ਏ-ਆਜਮ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡਾ ਨੈਤਿਕ ਫਰਜ ਹੈ।” ਮੁੱਖ ਮੰਤਰੀ ਨੇ ਸਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸਹੀਦ ਦੇ ਪਿਤਾ ਸਵਰਗੀ ਕਿਸਨ ਸਿੰਘ ਦੀ ਸਮਾਧ ’ਤੇ ਵੀ ਸਰਧਾਂਜਲੀ ਭੇਟ ਕੀਤੀ। ਉਨਾਂ ਸਹੀਦ ਭਗਤ ਸਿੰਘ ਦੇ ਬੁੱਤ ’ਤੇ ਸਰਧਾ ਦੇ ਫੁੱਲ ਵੀ ਅਰਪਣ ਕੀਤੇ। ਉਨਾਂ ਨੇ ਸਰਦਾਰ ਭਗਤ ਸਿੰਘ ਦੇ ਪਰਿਵਾਰ ਦੇ ਜੱਦੀ ਘਰ ਨੂੰ ਵੀ ਸਿਜਦਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਏ.ਵੇਣੂ ਪ੍ਰਸਾਦ,ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਡਵੀਜਨਲ ਕਮਿਸਨਰ ਸ੍ਰੀ ਮਨਵੇਸ ਸਿੱਧੂ, ਸੈਰ ਸਪਾਟਾ ਵਿਭਾਗ ਦੇ ਵਿਸੇਸ ਸਕੱਤਰ ਸ੍ਰੀਮਤੀ ਕੰਵਰਪ੍ਰੀਤ ਕੌਰ, ਡਿਪਟੀ ਕਮਿਸਨਰ ਸ੍ਰੀ ਵਿਸੇਸ ਸਾਰੰਗਲ, ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ ਅਤੇ ਹੋਰ ਹਾਜਰ ਸਨ। ਇਸ ਮੌਕੇ ਵਿਧਾਇਕ ਸ੍ਰੀਮਤੀ ਸੰਤੋਸ ਕਟਾਰੀਆ, ਸਾਬਕਾ ਮੰਤਰੀ ਸ੍ਰੀ ਜੋਗਿੰਦਰ ਸਿੰਘ ਮਾਨ, ’ਆਪ’ ਆਗੂ ਸ੍ਰੀ ਲਲਿਤ ਮੋਹਨ ਪਾਠਕ ਅਤੇ ਸ੍ਰੀ ਕੁਲਜੀਤ ਸਿੰਘ ਸਰਹਾਲ ਵੀ ਹਾਜਰ ਸਨ। ਇਸ ਮੌਕੇ ਪਿੰਡ ਦੀ ਪੰਚਾਇਤ ਨੇ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ।
ਹੁਸੈਨੀਵਾਲਾ (ਫਿਰੋਜ਼ਪੁਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬੀਆਂ ਨਾਲ ਭਿ੍ਰਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮੁੱਖ ਮੰਤਰੀ ਨੇ ਅੱਜ ਮਹਾਨ ਸ਼ਹੀਦਾਂ ਦੀ ਪਵਿਤੱਰ ਧਰਤੀ ਹੁਸੈਨੀਵਾਲਾ ਤੋਂ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ ਜਾਰੀ ਕੀਤਾ ਅਤੇ ਇਕ ਮਹੀਨੇ ਵਿੱਚ ਰਿਸ਼ਵਤਖੋਰੀ ਨੂੰ ਮੁਕੰਮਲ ਰੂਪ ਵਿੱਚ ਨੱਥ ਪਾਉਣ ਦਾ ਅਹਿਦ ਲਿਆ। ਅੱਜ ਇੱਥੇ ਸ਼ਹੀਦ-ਏ-ਆਜਮ ਭਗਤ ਸਿੰਘ, ਸ਼ਹੀਦ ਸੁਖਦੇਵ ਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਐਕਸ਼ਨ ਲਾਈਨ ਨੰਬਰ-9501200200 ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ, ‘‘ਅੱਜ ਤੋਂ ਬਾਅਦ ਕੋਈ ਵੀ ਮੰਤਰੀ, ਵਿਧਾਇਕ, ਅਧਿਕਾਰੀ ਜਾਂ ਕਰਮਚਾਰੀ ਕਿਸੇ ਕੰਮ ਬਦਲੇ ਤੁਹਾਡੇ ਕੋਲੋਂ ਰਿਸ਼ਵਤ ਜਾਂ ਕਮਿਸ਼ਨ ਮੰਗਦਾ ਹੈ ਤਾਂ ਉਸ ਨੂੰ ਨਾਂਹ ਨਾ ਕਰੋ ਸਗੋਂ ਇਸ ਦੀ ਵੀਡੀਓ ਜਾਂ ਆਡੀਓ ਬਣਾ ਕੇ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਉਤੇ ਭੇਜ ਦਿੱਤੀ ਜਾਵੇ ਜਿਸ ਤੋਂ ਬਾਅਦ ਸਾਡੀ ਸਰਕਾਰ ਇਸ ਦੀ ਮੁਕੰਮਲ ਜਾਂਚ ਕਰਵਾਏਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।‘‘ ਮੁੱਖ ਮੰਤਰੀ ਨੇ ਕਿਹਾ, ‘‘ਮੈਂ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਸੂਬੇ ਵਿੱਚੋਂ ਭਿ੍ਰਸ਼ਟਾਚਾਰ ਦੀ ਅਲਾਮਤ ਨੂੰ ਜੜੋਂ ਖਤਮ ਕੀਤਾ ਜਾਵੇਗਾ ਅਤੇ ਅੱਜ ਦੇ ਇਸ ਦਿਹਾੜੇ ਮੌਕੇ ਮੈਂ ਭਿ੍ਰਸ਼ਟਾਚਾਰ ਮੁਕਤ ਪੰਜਾਬ ਦੀ ਸ਼ੁਰੂਆਤ ਕਰ ਦਿੱਤੀ ਹੈ ਪਰ ਮੈਂ ਸਮੂਹ ਪੰਜਾਬੀਆਂ ਤੋਂ ਇਸ ਮਕਸਦ ਲਈ ਪੂਰਨ ਸਹਿਯੋਗ ਦੀ ਮੰਗ ਕਰਦਾ ਹਾਂ ਜੋ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।‘‘ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਵੱਲੋਂ ਅਜ਼ਾਦ ਭਾਰਤ ਦੇ ਸੰਜੋਏ ਹੋਏ ਸੁਪਨੇ ਸਾਕਾਰ ਕਰਨ ਦੀ ਜ਼ਿੰਮੇਵਾਰੀ ਹੁਣ ਸਾਡੀ ਹੈ ਅਤੇ ਅਸੀਂ ਲੋਕਾਂ ਨਾਲ ਸਾਫ਼-ਸੁਥਰਾ ਤੇ ਇਮਾਨਦਾਰ ਸ਼ਾਸਨ ਦੇਣ ਦੇ ਕੀਤੇ ਗਏ ਵਾਅਦੇ ਨੂੰ ਹਰ ਹਾਲ ਵਿੱਚ ਪੂਰਾ ਕਰਾਂਗੇ। ਉਨਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਘਰ-ਘਰ ਪਹੁੰਚਾਏਗੀ। ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਨੂੰ ਅਮਲੀ ਰੂਪ ਦੇਣ ਸਮੇਤ ਲੋਕਾਂ ਦੇ ਹਿੱਤ ਵਿੱਚ ਹੋਰ ਵੀ ਕਈ ਫੈਸਲੇ ਲਏ ਜਾ ਰਹੇ ਹਨ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਵਿਜ਼ਟਰ ਬੁੱਕ ਵਿੱਚ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਲਿਖਿਆ, ‘‘ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ‘ਤੇ ਮੱਥਾ ਟੇਕ ਕੇ ਬਹੁਤ ਸਕੂਨ ਮਿਲਿਆ। ਅੱਜ ਉਨਾਂ ਦੀ ਸੁਪਨਿਆਂ ਦੀ ਆਜ਼ਾਦੀ ਨੂੰ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਇਹੋ ਅਰਦਾਸ ਹੈ ਕਿ ਸ਼ਹੀਦਾਂ ਦੀ ਆਤਮਾ ਅਤੇ ਪਰਮਾਤਮਾ ਸਾਨੂੰ ਸਮੱਤ ਅਤੇ ਬਲ ਬਖਸ਼ੇ।‘‘ ਮੁੱਖ ਮੰਤਰੀ ਨੇ ਅੱਜ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਤੋਂ ਇਲਾਵਾ ਰਾਜ ਮਾਤਾ ਵਿਦਿਆਵਤੀ ਅਤੇ ਸ੍ਰੀ ਬੀ.ਕੇ. ਦੱਤ ਆਦਿ ਸ਼ਹੀਦਾਂ ਦੀਆਂ ਸਮਾਧਾਂ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ, ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਹੀਆ, ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ, ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂੰ ਪ੍ਰਸਾਦ, ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸ.ਐਸ.ਪੀ. ਨਰਿੰਦਰ ਭਾਰਗਵ ਵੀ ਹਾਜ਼ਰ ਸਨ।