ਕਾਹਨੂੰਵਾਨ, 23 ਮਾਰਚ (ਜਗਰੂਪ ਸਿੰਘ ਕਲੇਰ ) :- ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਤੇ ਦੀਨਾਨਗਰ ਹਲਕੇ ਦੇ ਕੁਝ ਪਿੰਡਾਂ ਦੀ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਲੱਗਦੀ ਜੰਗਲਾਤ ਵਿਭਾਗ ਦੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਸਥਿਤੀ ਤਣਾਅਪੂਰਨ ਬਣ ਗਈ ਹੈ। ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਜਗਤਪੁਰ ਨੇੜੇ ਵੱਡੀ ਗਿਣਤੀ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ 200 ਏਕੜ ਜ਼ਮੀਨ ਉੱਪਰ ਵਾਹੀ ਸ਼ੁਰੂ ਕਰ ਦਿੱਤੀ, ਪਰ ਥਾਣਾ ਮੁਕੇਰੀਆਂ ਦੇ ਐੱਸਐੱਚਓ ਹਰਜਿੰਦਰ ਸਿੰਘ ਦੀ ਅਗਵਾਈ ਵਿੱਚ ਪਹੁੰਚੀ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਕਿਸਾਨ ਆਗੂ ਗੁਰਪ੍ਰਤਾਪ ਸਿੰਘ ਅਤੇ ਸਾਥੀਆਂ ਨੇ ਦੱਸਿਆ ਕਿ ਦਰਿਆ ਬਿਆਸ ਨਾਲ ਲੱਗਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮਹਿਤਾਬਪੁਰ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਜਗਤਪੁਰ ਸਮੇਤ ਛੇ ਹੋਰ ਪਿੰਡਾਂ ਦੇ ਕਿਸਾਨਾਂ ਦਾ ਦੇਸ਼ ਦੀ ਵੰਡ ਦੇ ਸਮੇਂ ਤੋਂ ਜ਼ਮੀਨ ਉੱਤੇ ਕਬਜ਼ਾ ਸੀ। ਕਿਸਾਨ ਨਿਰਮਲ ਸਿੰਘ ਨੇ ਦੱਸਿਆ ਕਿ ਇਸ ਜ਼ਮੀਨ ਉੱਪਰ ਲਗਪਗ 30 ਤੋਂ ਵੱਧ ਪਰਿਵਾਰਾਂ ਦਾ ਕਬਜ਼ਾ ਹੈ, ਜੋ ਸਰਕਾਰ ਨੇ ਖੋਹ ਲਈ ਸੀ। ਕਿਸਾਨ ਆਗੂ ਬੀਬੀ ਦਵਿੰਦਰ ਕੌਰ ਨੇ ਦੱਸਿਆ ਕਿ ਮੁਕੇਰੀਆਂ ਦੇ ਐੱਸਡੀਐੱਮ ਅਤੇ ਡੀਐੱਸਪੀ ਨੇ ਮੌਕੇ ਦੇ ਹਾਲਾਤ ਵੇਖਣ ਦਾ ਵਾਅਦਾ ਕੀਤਾ ਸੀ, ਪਰ ਪੁਲੀਸ ਨੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਹੈ। ਸੂਬਾਈ ਕਿਸਾਨ ਆਗੂ ਸਵਿੰਦਰ ਸਿੰਘ ਚੁਤਾਲਾ ਨੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਧਰ, ਪੁਲੀਸ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਾਲ 2018 ਤੋਂ ਲਗਪਗ 200 ਏਕੜ ਰਕਬੇ ਤੋਂ ਵੱਧ ਜ਼ਮੀਨ ਉੱਪਰ ਜੰਗਲਾਤ ਵਿਭਾਗ ਨੇ ਰੁੱਖ ਲਗਾਏ ਹੋਏ ਹਨ। ਕੁਝ ਲੋਕਾਂ ਵੱਲੋਂ ਇਨ੍ਹਾਂ ਰੁੱਖਾਂ ਨੂੰ ਸਾੜ ਕੇ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।