ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਸ਼ਨੀਵਾਰ ਨੂੰ ਪੰਜ ਤੱਤਾਂ ਵਿਚ ਵਿਲੀਨ ਹੋ ਗਏ। ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।
ਉਨ੍ਹਾਂ ਦੇ ਪੁੱਤਰ ਵਿਸ਼ਵਾਸ ਬੱਸੀ ਨੇ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਸਣੇ ਸੂਬੇ ਭਰ ਤੋਂ ਵੱਖ-ਵੱਖ ਪਾਰਟੀਆਂ ਦੇ ਆਗੂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ਪੁੱਜੇ। ਸ਼ੁੱਕਰਵਾਰ ਰਾਤ ਕਰੀਬ 12 ਵਜੇ ਗੋਲੀ ਲੱਗਣ ਨਾਲ ਗੋਗੀ ਦੀ ਮੌਤ ਹੋ ਗਈ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਗੋਗੀ ਘਰ ਵਿੱਚ ਆਪਣੀ ਲਾਇਸੰਸੀ ਪਿਸਤੌਲ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ।ਡੀਸੀਪੀ ਜਸਕਿਰਨ ਸਿੰਘ ਤੇਜਾ ਨੇ ਦੱਸਿਆ ਕਿ ਪਿਸਤੌਲ 25 ਬੋਰ ਦਾ ਸੀ। ਨੌਕਰ ਨੇ ਦੱਸਿਆ ਕਿ ਹਥਿਆਰ ਤੋਂ ਇੱਕ ਹੀ ਫਾਇਰ ਹੋਇਆ ਸੀ। ਵਿਧਾਇਕ ਦੀ ਮੌਤ ਕਿਨ੍ਹਾਂ ਹਾਲਾਤਾਂ ‘ਚ ਹੋਈ, ਇਹ ਕਹਿਣਾ ਜਲਦਬਾਜ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਅਜੇ ਤੱਕ ਡਿਪਰੈਸ਼ਨ ਵਰਗੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ।ਡੀਐਮਸੀ ਹਸਪਤਾਲ ਦੇ ਡਾਕਟਰਾਂ ਦੇ ਬੋਰਡ ਵੱਲੋਂ ਉਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਗਿਆ। ਇਸ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ। ਸੂਤਰਾਂ ਮੁਤਾਬਕ ਗੋਲੀ ਗੋਗੀ ਦੇ ਸੱਜੇ ਪਾਸੇ ਤੋਂ ਵੜ ਕੇ ਖੱਬੇ ਪਾਸੇ ਤੋਂ ਬਾਹਰ ਨਿਕਲ ਗਈ।