27
ਫ਼ਿਰੋਜ਼ਪੁਰ, 17 ਜਨਵਰੀ ( ਗੁਰਪ੍ਰੀਤ ਸਿੰਘ ਸਿੱਧੂ ) :- ਪਿਛਲੇ 25 ਸਾਲਾਂ ਤੋਂ ਵਿਭਾਗੀ ਤਰੱਕੀਆਂ ਦੇ ਹੱਕਦਾਰ ਅਤੇ ਸਰਕਾਰੀ ਬੇਰੁਖੀ ਦਾ ਸ਼ਿਕਾਰ ਪ੍ਰਾਇਮਰੀ ਵਿਭਾਗ ਵਿੱਚ ਕੰਮ ਕਰਦੇ ਈ.ਟੀ.ਟੀ. ਕਾਡਰ ਤੋਂ ਮਾਸਟਰ, ਮਾਸਟਰ ਕਾਡਰ ਤੋਂ ਲੈਕਚਰਾਰ ਅਤੇ ਪੀ.ਟੀ.ਆਈ. ਤੋਂ ਡੀ.ਪੀ.ਈ. ਮਾਸਟਰ ਦੀ ਤਰੱਕੀ ਤੋਂ ਵਾਂਝੇ ਅਧਿਆਪਕਾਂ ਨੂੰ ਲੰਬੀ ਉਡੀਕ ਅਤੇ ਖੱਜਲ ਖ਼ੁਆਰੀ ਤੋਂ ਬਾਅਦ ਤਰੱਕੀ ਦੇਂਣ ਸਮੇਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਵੱਲੋਂ ਮਨਮਾਨੀਆਂ ਕਰਦਿਆਂ ਧੱਕੇ ਨਾਲ ਇਨ੍ਹਾਂ ਅਧਿਆਪਕਾਂ ਨੂੰ ਆਪਣੇ ਪਿੱਤਰੀ ਜ਼ਿਲ੍ਹਿਆਂ ਤੋਂ ਬਾਹਰ ਦੂਰ ਦੁਰਾਡੇ ਸਟੇਸ਼ਨਾਂ ਤੇ ਜਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਵਿਭਾਗ ਦੀ ਧੱਕੇਸ਼ਾਹੀ ਖ਼ਿਲਾਫ਼ ਅਧਿਆਪਕਾਂ ਵਿੱਚ ਭਾਰੀ ਰੋਸ ਹੈ। ਅਧਿਆਪਕ ਜੱਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਅਤੇ ਸਾਂਝੇ ਅਧਿਆਪਕ ਮੋਰਚੇ ਵੱਲੋਂ ਵਿਭਾਗ ਦੀ ਤਰੱਕੀ ਨੀਤੀ ਦਾ ਜ਼ੋਰਦਾਰ ਵਿਰੋਧ ਕਰਦਿਆਂ ਇਸ ਖ਼ਿਲਾਫ਼ ਲਗਾਤਾਰ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਜ਼ਿਲਾ ਪ੍ਰਧਾਨ ਸੁਖਵਿੰਦਰ ਸੁੱਖੀ ਅਤੇ ਜਨਰਲ ਸਕੱਤਰ ਗਗਨ ਪਾਹਵਾ ਨੇ ਵਿਭਾਗ ਦੀਆਂ ਤਾਨਾਸ਼ਾਹੀ ਨੀਤੀਆਂ ਦੀ ਜੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖ਼ੇਤਰ ਵਿਚ ਇਨਕਲਾਬੀ ਤਬਦੀਲੀ ਦੀਆਂ ਟਾਹਰਾਂ ਮਾਰਨ ਵਾਲੀ ਪੰਜਾਬ ਸਰਕਾਰ ਦਾ ਹੀਜ -ਪਿਆਜ ਲੋਕਾਂ ਸਾਹਮਣੇ ਬੁਰੀ ਤਰ੍ਹਾਂ ਨੰਗਾ ਹੋ ਚੁੱਕਾ ਹੈ। ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਵਿੱਤ ਸਕੱਤਰ ਪਰਦੀਪ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ 2020 ਨੂੰ ਲਾਗੂ ਕਰਦਿਆਂ ਲੱਗਭਗ 2400 ਮਿਡਲ ਸਕੂਲਾਂ ਨੂੰ ਹਾਈ ਸਕੂਲਾਂ ਵਿਚ ਮਰਜ਼ ਕਰਨ ਦਾ ਫੈਸਲਾ ਕੀਤਾ ਜਾ ਚੁੱਕਾ ਹੈ। ਜਿਸ ਤਹਿਤ ਪੇਂਡੂ ਖੇਤਰ ਦੇ ਲੋੜਵੰਦ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰਾ ਖੜ੍ਹਾ ਹੋ ਗਿਆ ਹੈ।ਉਨ੍ਹਾਂ ਕਿਹਾ ਪਹਿਲਾਂ ਹੀ ਘੱਟ ਗਿਣਤੀ ਵਿਦਿਆਰਥੀਆਂ ਦੀ ਆੜ ਹੇਠ 800 ਪ੍ਰਾਇਮਰੀ ਸਕੂਲਾਂ ਨੂੰ ਜਿੰਦਰੇ ਮਾਰੇ ਜਾ ਚੁੱਕੇ ਹਨ। ਅਧਿਆਪਕ ਆਗੂਆਂ ਨੇ ਤਰੱਕੀ ਨੀਤੀ ਦੀ ਜੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਅਧਿਆਪਕਾਂ ਨੂੰ ਤਰੱਕੀ ਦੇਣ ਦੀ ਥਾਂ ਸਜਾਵਾਂ ਦਿੱਤੀਆਂ ਜਾ ਰਹੀਆਂ ਹਨ।ਆਗੂਆਂ ਨੇ ਵਿਭਾਗ ਦੀ ਜ਼ੁਬਾਨੀ- ਕਲਾਮੀ ਤਰੱਕੀ ਨੀਤੀ ਦੀ ਜੋਰਦਾਰ ਨਿਖੇਧੀ ਕਰਦਿਆਂ ਕਿਹਾ ਪੇਂਡੂ ਖੇਤਰ ਦੇ ਹਾਈ ਅਤੇ ਮਿਡਲ ਸਕੂਲਾਂ ਵਿਚ ਖਾਲੀ ਅਸਾਮੀਆਂ ਨੂੰ ਜਬਰੀ ਲੁਕਾ ਕੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਲੱਗਭਗ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਨੂੰ ਤਰੱਕੀ ਦੇ ਨਾਲ਼ ਨਾਲ ਸਜਾ ਵੀ ਦਿੱਤੀ ਗਈ ਹੈ। ਇਸ ਤੋਂ ਬਿਨਾਂ 16ਫਰਵਰੀ( 2024)ਦੀ ਹੜਤਾਲ ਵਿੱਚ ਸ਼ਾਮਲ ਅਧਿਆਪਕ ਆਗੂਆਂ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਕੰਪਿਊਟਰ ਅਧਿਆਪਕਾਂ, ਦਫ਼ਤਰੀ ਕਾਮਿਆਂ ਅਤੇ ਮੈਰੀਟੋਰੀਅਸ ਸਕੂਲਾਂ ਅਤੇ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਨੂੰ ਪੂਰੇ ਤਨਖਾਹ ਸਕੇਲਾਂ ਸਮੇਤ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ 11 ਜਨਵਰੀ ਦੇ ਸੰਧਵਾਂ ਧਰਨੇ ਤੋਂ ਬਾਅਦ ਸਿੱਖਿਆ ਮੰਤਰੀ ਵੱਲੋਂ ਮਿਤੀ 14 ਜਨਵਰੀ ਨੂੰ ਜਥੇਬੰਦੀਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ ਪਰ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਸੰਘਰਸ਼ ਦੇ ਅਗਲੇ ਪੜਾਅ ਦੌਰਾਨ 19 ਜਨਵਰੀ ਨੂੰ ਅਨੰਦਪੁਰ ਸਾਹਿਬ ਵਿਖੇ ਰੋਸ ਧਰਨਾ ਦੇਣ ਉਪਰੰਤ ਮਾਰਚ ਕੀਤਾ ਜਾਵੇਗਾ। ਉਨ੍ਹਾਂ ਭਰਾਤਰੀ ਜਥੇਬੰਦੀਆਂ ਨੂੰ ਹੱਕ ਸੱਚ ਦੀ ਲੜਾਈ ਵਿਚ ਡਟਵੀਂ ਹਮਾਇਤ ਦੇਣ ਅਪੀਲ ਕੀਤੀ।ਇਸ ਮੌਕੇ ਕੁਲਦੀਪ ਸਿੰਘ ਘਣੀਆ ਬਲਾਕ ਪ੍ਰਧਾਨ, ਅਜਾਇਬ ਸਿੰਘ ਬਲਾਕ ਪ੍ਰਧਾਨ, ਕੁਲਵਿੰਦਰ ਸਿੰਘ ਬਰਾੜ ਬਲਾਕ ਪ੍ਰਧਾਨ, ਜ਼ਿਲਾ ਪ੍ਰੈਸ ਸਕੱਤਰ ਲਵਕਰਨ ਸਿੰਘ, ਜਿਲਾ ਕਮੇਟੀ ਮੈਂਬਰ ਦਿਲਬਾਗ ਸਿੰਘ ਬਰਾੜ, ਜਸਪ੍ਰੀਤ ਸਿੰਘ , ਗੁਰਸੇਵਕ ਸਿੰਘ, ਸਵਰਨਪਾਲ ਸਿੰਘ, ਅਮਨਦੀਪ ਸਿੰਘ , ਕਰਨਵੀਰ ਸਿੰਘ ਬਰਾੜ ਅਤੇ ਮਦਨ ਲਾਲ ਹਾਜਰ ਸਨ।
