ਸਟਾਫ ਰਿਪੋਰਟਰ, ਫਿਰੋਜ਼ਪੁਰ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਵੱਖ ਵੱਖ ਸੰਸਥਾਵਾਂ ਵਿੱਚ ਯੂਪੀਐੱਸ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਰਾਜੀਵ ਹਾਂਡਾ ਨੇ ਕਿਹਾ ਕਿ ਐੱਨਪੀਐੱਸ ਅਤੇ ਯੂਪੀਐੱਸ ਸਾਰੇ ਕਰਮਚਾਰੀਆਂ ਨਾਲ ਧੋਖਾ ਹੈ ਜਦੋਂ ਤੱਕ ਪੁਰਾਣੀ ਪੈਨਸ਼ਨ ਬਹਾਲ ਨਹੀਂ ਹੋ ਜਾਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਅੱਜ ਵੱਖ ਵੱਖ ਸੰਸਥਾਵਾਂ ਵਿੱਚ ਕਾਪੀਆਂ ਸਾੜੀਆਂ ਗਈਆਂ।ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਜਗਸੀਰ ਸਿੰਘ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਏਕੀਕ੍ਰਿਰਤ ਪੈਨਸ਼ਨ ਯੋਜਨਾ (ਯੂਪੀਐੱਸ) ਦਾ ਨੋਟੀਫਿਕੇਸ਼ਨ ਬੀਤੇ 25 ਜਨਵਰੀ ਨੂੰ ਜਾਰੀ ਹੋਣ ਤੇ ਕਰਮਚਾਰੀਆਂ ਨੇ ਕੇਂਦਰ ਸਰਕਾਰ ਦਾ ਇਸ ਨੂੰ ਇਕ ਹੋਰ ਧੋਖਾ ਕਰਾਰ ਦਿੱਤਾ ਹੈ। ਇਸ ਮੌਕੇ ਕੋ ਕਨਵੀਨਰ ਗੁਰਚਰਨ ਸਿੰਘ ਕਲਸੀ ਨੇ ਕਿਹਾ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਦੀ ਜੋ ਐੱਸਓਪੀ ਜਾਰੀ ਕੀਤੀ ਹੈ, ਉਹ ਬਹੁਤ ਹੀ ਘਾਤਕ ਹੈ ਕਿਉਂਕਿ ਉਪਰੋਕਤ ਸਕੀਮ ਦੇ ਅਨੁਸਾਰ ਸਰਕਾਰ ਮੁਲਾਜ਼ਮਾਂ ਦਾ ਪੈਸਾ ਹੜੱਪ ਕੇ ਮੁਲਾਜ਼ਮਾਂ ਨੂੰ ਪੈਨਸ਼ਨ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਇਸ ਸਕੀਮ ਨਾਲ ਮੁਲਾਜ਼ਮ ਨੂੰ ਰਿਟਾਇਰਮੈਂਟ ਤੋਂ ਬਾਅਦ ਖਾਲੀ ਹੱਥ ਘਰ ਨੂੰ ਤੋਰਨ ਦੀ ਸਕੀਮ ਹੈ, ਇਸ ਸਕੀਮ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਪੈਨਸ਼ਨ ਦੇ ਨਾਂ ਤੇ ਕਰਮਚਾਰੀਆਂ ਦੀ ਖ਼ੂਨ ਪਸੀਨੇ ਦੀ ਕਮਾਈ ਖੋਹਣ ਵਾਲੀ ਯੋਜਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਅਧੂਰੇ ਨੋਟੀਫਿਕੇਸ਼ਨ ਨੂੰ ਪੂਰਾ ਕਰਕੇ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਬਹਾਲ ਕਰੇ। ਉਨ੍ਹਾਂ ਕਿਹਾ ਕਿ ਆਪ ਦੇ ਸੀਨੀਅਰ ਨੇਤਾ ਸੰਜੇ ਸਿੰਘ ਇਸ ਸਕੀਮ ਨੂੰ ਪਹਿਲਾਂ ਹੀ ਮੁਲਾਜ਼ਮਾਂ ਨਾਲ ਧੋਖਾ ਕਰਾਰ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਿਮਾਚਲ ਦੇ ਮੁੱਖ ਮੰਤਰੀ ਅਨੁਸਾਰ ਉਨ੍ਹਾਂ ਨੇ ਜੋ ਓਪੀਐੱਸ ਆਪਣੇ ਰਾਜ ਵਿੱਚ ਲਾਗੂ ਕੀਤੀ ਹੈ ਉਸ ਨਾਲ ਰਾਜ ਉੱਪਰ ਕੋਈ ਵਿੱਤੀ ਬੋਝ ਨਹੀਂ ਪਿਆ ਹੈ। ਇਸ ਕਰਕੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਓਪੀਐੱਸ ਲਾਗੂ ਕਰੇ ਅਤੇ ਤੁਰੰਤ ਜੀਪੀਐੱਫ ਖਾਤੇ ਖੋਲ੍ਹੇ। ਇਸ ਮੌਕੇ ਬਲਜਿੰਦਰ ਸਿੰਘ, ਹਰਜਿੰਦਰ ਸਿੰਘ, ਰਾਜਬੀਰ ਸਿੰਘ, ਮਨੋਜ ਗੁਪਤਾ, ਬਲਜੀਤ ਸਿੰਘ, ਦੀਪਕ ਸ਼ਰਮਾ ਸੁਧਾਰਾ, ਰਾਜੀਵ ਕੁਮਾਰ, ਅੰਜੂ ਬਾਲਾ ਆਦਿ ਅਧਿਆਪਕ ਆਗੂ ਅਤੇ ਹੋਰ ਸਾਥੀ ਹਾਜ਼ਰ ਸਨ।
