ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਦਿੱਲੀ ਤਿਹਾੜ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਦੀ ਪੰਜਾਬ ਵਿੱਚ ਜੇਲ੍ਹ ਤਬਦੀਲੀ ਨੂੰ ਲੈਕੇ ਮਾਨ ਸਰਕਾਰ ਨੇ ਸਖ਼ਤ ਵਿਰੋਧ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਪਹਿਲਾਂ ਵੀ ਹਵਾਰਾ ਪੰਜਾਬ ਨਹੀਂ ਸਗੋਂ ਚੰਡੀਗੜ੍ਹ ਦੀ ਜੇਲ੍ਹ ਵਿੱਚ ਬੰਦ ਸੀ। ਇਸ ਲਈ ਜੇ ਤਬਦੀਲ ਕਰਨਾ ਹੈ ਤਾਂ ਚੰਡੀਗੜ੍ਹ ਕੀਤਾ ਜਾ ਸਕਦਾ ਹੈ।
ਦਰਅਸਲ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਦੀ ਉਸ ਪਟੀਸ਼ਨ ਦਾ ਵਿਰੋਧ ਕੀਤਾ, ਜਿਸ ਵਿੱਚ ਉਸ ਨੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇ ਵਿਨੋਦ ਚੰਦਨ ਦੀ ਬੈਂਚ ਇਸ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ।
ਪੰਜਾਬ ਸਰਕਾਰ ਵੱਲੋਂ ਪੇਸ਼ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਹਵਾਰਾ ਪਹਿਲਾਂ ਚੰਡੀਗੜ੍ਹ ਜੇਲ੍ਹ ਵਿੱਚ ਬੰਦ ਸੀ। ਬੈਂਚ ਨੇ ਹਵਾਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕੌਲਿਨ ਗੋਂਜ਼ਾਲਵੇਜ਼ ਤੋਂ ਪੁੱਛਿਆ ਕਿ ਕੀ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਪਟੀਸ਼ਨ ਵਿੱਚ ਧਿਰ ਬਣਾਇਆ ਗਿਆ ਹੈ। ਗੋਂਜ਼ਾਲਵੇਜ਼ ਨੇ ਕਿਹਾ ਕਿ ਚੰਡੀਗੜ੍ਹ ਨੂੰ ਧਿਰ ਬਣਾਇਆ ਜਾਵੇਗਾ। ਬੈਂਚ ਨੇ ਮਾਮਲੇ ਵਿੱਚ ਚੰਡੀਗੜ੍ਹ ਨੂੰ ਧਿਰ ਬਣਾਉਣ ਦੀ ਇਜਾਜ਼ਤ ਦਿੰਦਿਆਂ ਹਵਾਰਾ ਦੀ ਪਟੀਸ਼ਨ ’ਤੇ ਯੂਟੀ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਤੇ ਚਾਰ ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।
ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਕਿਹਾ ਕਿ ਹਵਾਰਾ ਨੇ 2018 ਵਿੱਚ ਦਿੱਲੀ ਹਾਈ ਕੋਰਟ ਵਿੱਚ ਇਸੇ ਤਰ੍ਹਾਂ ਦੀ ਰਾਹਤ ਦੀ ਮੰਗ ਕਰਦੇ ਹੋਏ ਇੱਕ ਪਟੀਸ਼ਨ ਦਾਇਰ ਕੀਤੀ ਸੀ, ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹਵਾਰਾ ਪੰਜਾਬ ਜੇਲ੍ਹ ਮੈਨੂਅਲ ‘ਤੇ ਭਰੋਸਾ ਕਰ ਰਿਹਾ ਸੀ, ਜੋ ਉਸ ‘ਤੇ ਲਾਗੂ ਨਹੀਂ ਸੀ ਕਿਉਂਕਿ ਉਸ ‘ਤੇ ਚੰਡੀਗੜ੍ਹ ਵਿੱਚ ਮੁਕੱਦਮਾ ਚਲਾਇਆ ਗਿਆ ਸੀ ਤੇ ਉਹ ਉੱਥੇ ਹੀ ਜੇਲ੍ਹ ਵਿੱਚ ਬੰਦ ਸੀ। ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ, “ਉਸ ਦਾ ਪੰਜਾਬ ਵਿੱਚ ਕੋਈ ਦਾਅਵਾ ਨਹੀਂ। ਜੇਕਰ ਉਸ ਨੂੰ ਤਬਦੀਲ ਕਰਨਾ ਹੀ ਹੈ, ਤਾਂ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਹੋਵੇਗਾ।
ਦੂਜੇ ਪਾਸੇ ਹਵਾਰਾ ਦੇ ਵਕੀਲ ਗੋਂਜ਼ਾਲਵੇਸ ਨੇ ਕਿਹਾ ਕਿ ਹਵਾਰਾ ਦੀ ਸੀਮਤ ਪ੍ਰਾਰਥਨਾ ਵਿੱਚ ਬੇਨਤੀ ਕੀਤੀ ਗਈ ਸੀ ਕਿ ਉਸ ਨੂੰ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਵਾਰਾ ਦੇ ਪਰਿਵਾਰ ਦਾ ਇਕਲੌਤਾ ਮੈਂਬਰ ਉਸ ਦੀ ਧੀ ਹੈ ਜੋ ਪੰਜਾਬ ਵਿੱਚ ਰਹਿੰਦੀ ਹੈ। ਪਿਛਲੇ ਸਾਲ ਸਤੰਬਰ ਵਿੱਚ, ਸੁਪਰੀਮ ਕੋਰਟ ਨੇ ਹਵਾਰਾ ਦੀ ਪਟੀਸ਼ਨ ‘ਤੇ ਕੇਂਦਰ ਤੇ ਹੋਰਾਂ ਤੋਂ ਜਵਾਬ ਮੰਗਿਆ ਸੀ।
